‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 8 ਮੈਡੀਕਲ ਸਟੋਰਾਂ ’ਤੇ ਚੈਕਿੰਗ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 8 ਮੈਡੀਕਲ ਸਟੋਰਾਂ ਦੀ ਚੈਕਿੰਗ
Publish Date: Sun, 25 Oct 2026 05:11 PM (IST)
Updated Date: Sun, 25 Oct 2026 05:13 PM (IST)
ਬੰਪਲ ਬਠੇਜਾ.ਪੰਜਾਬੀ ਜਾਗਰਣ ਜਲਾਲਾਬਾਦ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਨਸ਼ਿਆਂ ਦੇ ਹਾਟ ਸਪਾਟ ਖੇਤਰਾਂ ਵਿੱਚ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ 8 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ, ਜਿੱਥੇ ਕਈ ਤਰ੍ਹਾਂ ਦੀਆਂ ਖਾਮੀਆਂ ਸਾਹਮਣੇ ਆਈਆਂ। ਵਿਭਾਗ ਵੱਲੋਂ ਸਟੋਰ ਮਾਲਕਾਂ ਨੂੰ ਰਿਕਾਰਡ ਪੂਰਾ ਰੱਖਣ ਅਤੇ ਖਾਮੀਆਂ ਦੂਰ ਕਰਨ ਦੀ ਹਦਾਇਤ ਕੀਤੀ ਗਈ ਹੈ। ਇਹ ਕਾਰਵਾਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਅਤੇ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਅਸਿਸਟੈਂਟ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਗੁਰਬਿੰਦਰ ਸਿੰਘ ਦੇ ਹੁਕਮਾਂ ’ਤੇ ਕੀਤੀ ਗਈ। ਜਾਂਚ ਟੀਮ ਦੀ ਅਗਵਾਈ ਡਰੱਗ ਕੰਟਰੋਲ ਅਫ਼ਸਰ ਹਰਜਿੰਦਰ ਸਿੰਘ ਨੇ ਕੀਤੀ। ਇਸ ਮੁਹਿੰਮ ਵਿੱਚ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਵੀ ਸਹਿਯੋਗ ਦਿੱਤਾ। ਚੈਕਿੰਗ ਦੌਰਾਨ ਅੰਨੀ ਦਿੱਲੀ, ਫੱਤੂ ਵਾਲਾ, ਸੁਖੀਰਾ ਬੋਦਲਾ ਅਤੇ ਜਲਾਲਾਬਾਦ ਤਹਿਸੀਲ ਦੇ ਪਾਲੀਵਾਲਾ, ਕਾਠਗੜ੍ਹ ਤੇ ਚੱਕ ਬਲੋਚਾਂ ਸਥਿਤ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਕਈ ਸਟੋਰਾਂ ’ਤੇ ਸ਼ਡਿਊਲ ਐੱਚ-1 ਰਜਿਸਟਰ ਸਹੀ ਢੰਗ ਨਾਲ ਸੰਭਾਲਿਆ ਹੋਇਆ ਨਹੀਂ ਮਿਲਿਆ। ਇਸ ਤੋਂ ਇਲਾਵਾ ਕੁਝ ਮੈਡੀਕਲ ਸਟੋਰਾਂ ’ਤੇ ਦਵਾਈਆਂ ਦੀ ਖਰੀਦ ਅਤੇ ਵਿਕਰੀ ਸਬੰਧੀ ਰਿਕਾਰਡ ਵੀ ਅਧੂਰਾ ਪਾਇਆ ਗਿਆ। ਹੋਰ ਕਈ ਖਾਮੀਆਂ ਵੀ ਸਾਹਮਣੇ ਆਈਆਂ। ਵਿਭਾਗੀ ਟੀਮ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਬਿੱਲਾਂ ਦਾ ਰਿਕਾਰਡ ਪੂਰਾ ਰੱਖਣ, ਸ਼ਡਿਊਲ ਐੱਚ-1 ਰਜਿਸਟਰ ਨੂੰ ਨਿਯਮਾਂ ਅਨੁਸਾਰ ਸੰਭਾਲਣ ਅਤੇ ਹੋਰ ਖਾਮੀਆਂ ਤੁਰੰਤ ਦੂਰ ਕਰਨ ਦੀ ਚਿਤਾਵਨੀ ਦਿੱਤੀ ਗਈ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ। ਵਿਭਾਗ ਵੱਲੋਂ ਕਿਹਾ ਗਿਆ ਕਿ ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940 ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਉਨ੍ਹਾ ਕਿਹਾ ਕਿ ਡਰੱਗਜ਼ ਐਂਡ ਕਾਸਮੈਟਿਕਸ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕੈਮਿਸਟ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦਵਾਈਆਂ ਦੀ ਖਰੀਦ ਅਤੇ ਵਿਕਰੀ ਦਾ ਪੂਰਾ ਰਿਕਾਰਡ ਰੱਖਿਆ ਜਾਵੇ, ਪਾਬੰਦੀਸ਼ੁਦਾ ਦਵਾਈਆਂ ਨਾ ਰੱਖੀਆਂ ਜਾਣ ਅਤੇ ਮੈਡੀਕਲ ਸਟੋਰਾਂ ’ਤੇ ਫਾਰਮਾਸਿਸਟ ਦੀ ਮੌਜੂਦਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਵੀ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਸੁਖਦੇਵ ਸਿੰਘ ਸਹਾਇਕ ਵੀ ਮੌਜੂਦ ਸਨ।