ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ : ਡਿਪਟੀ ਕਮਿਸ਼ਨਰ
ਸ਼ਹੀਦਾਂ ਨੂੰ ਯਾਦ ਕਰਨਾ ਬਣਦਾ ਹੈ ਸਾਡਾ ਫਰਜ਼:ਡਿਪਟੀ ਕਮਿਸ਼ਨਰ
Publish Date: Fri, 30 Jan 2026 04:49 PM (IST)
Updated Date: Fri, 30 Jan 2026 04:52 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਸਦਕਾ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਦੇਸ਼ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸੁਤੰਤਰਤਾ ਸੰਗ੍ਰਾਮੀ ਮਹਾਤਮਾ ਗਾਂਧੀ ਜੀ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ, ਸੁਪਰਡੈਂਟ ਪ੍ਰਦੀਪ ਗੱਖੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।