ਝੋਟਾ ਕਤਲ ਕਾਂਡ ਦੇ ਰੋਸ ਵਜੋਂ 15 ਅਕਤੂਬਰ ਨੂੰ ਜਲਾਲਾਬਾਦ ਬੰਦ ਦਾ ਐਲਾਨ ਝੋਟਾ ਕਤਲ ਕਾਂਡ ਦੇ ਰੋਸ ਵਜੋਂ 15 ਅਕਤੂਬਰ ਨੂੰ ਜਲਾਲਾਬਾਦ ਬੰਦ ਦਾ ਐਲਾਨ
Publish Date: Wed, 14 Oct 2026 05:24 PM (IST)
Updated Date: Wed, 14 Oct 2026 05:27 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਮਾਨਸਾ ਵਿੱਚ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਮੰਗ ਦੇ ਸਮਰਥਨ ਵਿੱਚ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਤਹਿਤ ਜਲਾਲਾਬਾਦ ਵਿੱਚ ਵੀ ਦੁਪਹਿਰ 1 ਵਜੇ ਤੱਕ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਬੰਦ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵਪਾਰ ਮੰਡਲ ਦੇ ਆਗੂਆਂ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਮੀਟਿੰਗ ਕਰਕੇ ਰਣਨੀਤੀ ਤਿਆਰ ਕੀਤੀ। ਮੀਟਿੰਗ ਵਿੱਚ ਵਪਾਰ ਮੰਡਲ ਦੇ ਪ੍ਰਧਾਨ ਬੱਬੂ ਡੋਡਾ, ਜ਼ਿਲ੍ਹਾ ਫਾਜ਼ਿਲਕਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕਾਲੀ ਛਾਬੜਾ, ਅਸ਼ੋਕ ਦਹੂਜਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਰਹੇ। ਇਸ ਦੌਰਾਨ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਤੇ ਰੋਸ ਪ੍ਰਗਟਾਉਂਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਦੇ ਸਮਰਥਨ ਵਿੱਚ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਫ਼ੈਸਲਾ ਕੀਤਾ। ਇਨਸਾਫ਼ ਦੀ ਮੰਗ ਲਈ ਬੰਦ ਨੂੰ ਸਮਰਥਨ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਸਮਰਥਨ ਵਿੱਚ ਜਲਾਲਾਬਾਦ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਵੀ ਆਪਣੇ ਕਾਰੋਬਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਦੁਪਹਿਰ 1 ਵਜੇ ਤੱਕ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਬੰਦ ਨੂੰ ਸਫ਼ਲ ਬਣਾਉਣ ਲਈ ਸ਼ਹਿਰ ਦੇ ਵੱਖ-ਵੱਖ ਵਰਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਕੈਮਿਸਟਾਂ ਦੀਆਂ ਦੁਕਾਨਾਂ ਸਵੇਰੇ 11 ਵਜੇ ਤੱਕ ਰਹਿਣਗੀਆਂ ਬੰਦ ਜ਼ਿਲ੍ਹਾ ਫਾਜ਼ਿਲਕਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕਾਲੀ ਛਾਬੜਾ ਨੇ ਦੱਸਿਆ ਕਿ ਕੈਮਿਸਟ ਯੂਨੀਅਨ ਵੱਲੋਂ ਵੀ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਗਿਆ ਹੈ। ਇਸ ਤਹਿਤ ਦਵਾਈਆਂ ਦੀਆਂ ਦੁਕਾਨਾਂ ਸਵੇਰੇ 11 ਵਜੇ ਤੱਕ ਬੰਦ ਰੱਖੀਆਂ ਜਾਣਗੀਆਂ ਅਤੇ ਇਸ ਤੋਂ ਬਾਅਦ ਦੁਕਾਨਾਂ ਖੋਲ੍ਹ ਦਿੱਤੀਆਂ ਜਾਣਗੀਆਂ, ਤਾਂ ਜੋ ਮਰੀਜ਼ਾਂ ਨੂੰ ਦਵਾਈਆਂ ਲੈਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨੂੰ ਬੰਦ ਦੇ ਸੱਦੇ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।