ਜਵਾਹਰ ਨਵੋਦਿਆ ਦੀ ਦਾਖਲਾ ਪ੍ਰੀਖਿਆ ਸਫਲਤਾਪੂਰਵਕ ਸੰਪੰਨ ਜਵਾਹਰ ਨਵੋਦਿਆ ਵਿਦਿਆਲੇ ਦੀ ਦਾਖਲਾ ਪ੍ਰੀਖਿਆ ਸਫਲਤਾਪੂਰਵਕ ਸੰਪੰਨ
Publish Date: Sat, 28 Nov 2026 04:19 PM (IST)
Updated Date: Sat, 28 Nov 2026 04:22 PM (IST)
ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ, ਫਾਜ਼ਿਲਕਾ : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਜਵਾਹਰ ਨਵੋਦਿਆ ਵਿਦਿਆਲੇ ਦੀ ਛੇਵੀਂ ਜਮਾਤ ਵਿੱਚ ਦਾਖਲੇ ਲਈ ਆਯੋਜਿਤ ਪ੍ਰਵੇਸ਼ ਪ੍ਰੀਖਿਆ ਸਫਲਤਾਪੂਰਵਕ ਸੰਪੰਨ ਹੋ ਗਈ। ਜ਼ਿਲ੍ਹੇ ਦੇ 20 ਪ੍ਰੀਖਿਆ ਕੇਂਦਰਾਂ ’ਤੇ ਕਰਵਾਈ ਗਈ ਇਸ ਪ੍ਰੀਖਿਆ ਵਿੱਚ 3736 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਜੇ ਕੁਮਾਰ ਸ਼ਰਮਾ ਅਤੇ ਜਵਾਹਰ ਨਵੋਦਿਆ ਵਿਦਿਆਲੇ ਦੇ ਵਾਈਸ ਪ੍ਰਿੰਸੀਪਲ ਸਤਿੰਦਰ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਜ਼ਿਲ੍ਹੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਕੁੱਲ 4341 ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ। ਇਨ੍ਹਾਂ ਵਿੱਚੋਂ 3736 ਵਿਦਿਆਰਥੀ ਪ੍ਰੀਖਿਆ ਵਿੱਚ ਹਾਜ਼ਰ ਹੋਏ, ਜਦਕਿ 605 ਵਿਦਿਆਰਥੀ ਗੈਰਹਾਜ਼ਰ ਰਹੇ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਨਿਰਧਾਰਤ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕਸ਼ਮੀਰੀ ਲਾਲ ਨੇ ਦੱਸਿਆ ਕਿ ਇਹ ਵੱਕਾਰੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚੜ੍ਹੀ ਅਤੇ ਕਿਸੇ ਵੀ ਪ੍ਰੀਖਿਆ ਕੇਂਦਰ ਤੋਂ ਨਕਲ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਉਨ੍ਹਾਂ ਪ੍ਰੀਖਿਆ ਦੇ ਸੁਚੱਜੇ ਪ੍ਰਬੰਧਾਂ ਲਈ ਸਮੂਹ ਬੀਪੀਈਓਜ਼, ਕੇਂਦਰ ਸੁਪਰਡੈਂਟਾਂ ਅਤੇ ਨਿਗਰਾਨ ਅਮਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਜੋਂ ਨਿਰਧਾਰਤ ਸਕੂਲਾਂ ਦੇ ਮੁਖੀਆਂ ਵੱਲੋਂ ਵੀ ਵਿਦਿਆਰਥੀਆਂ ਦੀ ਸਹੂਲਤ ਲਈ ਵਧੀਆ ਪ੍ਰਬੰਧ ਕੀਤੇ ਗਏ ਸਨ। ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਬੀਪੀਈਓਜ਼ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਦੀਆਂ ਟੀਮਾਂ ਵੱਲੋਂ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ। ਇਸ ਮੌਕੇ ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ, ਸੰਜੇ ਚੌਧਰੀ ਅਤੇ ਸਮੂਹ ਦਫ਼ਤਰੀ ਅਮਲੇ ਵੱਲੋਂ ਨਿਭਾਈ ਗਈ ਜ਼ਿੰਮੇਵਾਰੀ ਦੀ ਵੀ ਸ਼ਲਾਘਾ ਕੀਤੀ ਗਈ।