ਪਿੰਡ ਖਿਓ ਵਾਲੀ ਢਾਬ' ਤੋਂ 7 ਜਨਵਰੀ ਨੂੰ ਸ਼ੁਰੂ ਹੋਵੇਗੀ ‘ਜੀ ਰਾਮ ਜੀ ਯੋਜਨਾ’
ਪਿੰਡ ਖਿਓ ਵਾਲੀ ਢਾਬ' ਤੋਂ 7 ਜਨਵਰੀ ਨੂੰ ਸ਼ੁਰੂ ਹੋਏ ਗਈ ‘ਜੀ ਰਾਮ ਜੀ ਯੋਜਨਾ’
Publish Date: Mon, 05 Jan 2026 04:58 PM (IST)
Updated Date: Mon, 05 Jan 2026 04:59 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਪੇਂਡੂ ਵਿਕਾਸ ਅਤੇ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਦੀ ਅਭਿਲਾਸ਼ੀ ਯੋਜਨਾ ਡਿਵੈਲਪ ਇੰਡੀਆ - ਰੂਰਲ ਇੰਪਲਾਇਮੈਂਟ ਐਂਡ ਲਿਵਲੀਹੁੱਡ ਮਿਸ਼ਨ ਦੇ ਸਬੰਧ ਵਿੱਚ ਇੱਕ ਵੱਡੀ ਜਨ-ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਮੁਹਿੰਮ ਦੀ ਅਗਵਾਈ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਕਰਨਗੇ। ਜਾਣਕਾਰੀ ਅਨੁਸਾਰ ਇਸ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੀ ਰਸਮੀ ਸ਼ੁਰੂਆਤ 7 ਜਨਵਰੀ ਬੁਧਵਾਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਖਿਉਂ ਵਾਲੀ ਢਾਬ ਤੋਂ ਕੀਤੀ ਜਾਵੇਗੀ। ਇਸ ਮੁਹਿੰਮ ਰਾਹੀਂ ਭਾਜਪਾ ਸਿੱਧੇ ਤੌਰ ਤੇ ਪੇਂਡੂ ਆਬਾਦੀ ਤੱਕ ਪਹੁੰਚ ਕਰੇਗੀ ਅਤੇ ਉਨ੍ਹਾਂ ਨੂੰ ਨਵੀਂ ਯੋਜਨਾ ਦੇ ਲਾਭਾਂ ਬਾਰੇ ਜਾਣਕਾਰੀ ਦੇਵੇਗੀ। ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਇਲਾਕੇ ਦੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਇਸ ਸਕੀਮ ਨੂੰ ਲੈ ਕੇ ਜਾਣਬੁੱਝ ਕੇ ਭੰਬਲਭੂਸਾ ਫੈਲਾ ਰਹੇ ਹਨ। ਸੰਦੀਪ ਜਾਖੜ ਨੇ ਕਿਹਾ ਕਿ ‘ਜੀ ਰਾਮ ਜੀ’ ਕਾਨੂੰਨ ਪੇਂਡੂ ਮਜ਼ਦੂਰਾਂ ਦੇ ਹਿੱਤ ਵਿੱਚ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਕੂੜ ਪ੍ਰਚਾਰ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪੇਂਡੂ ਪਰਿਵਾਰਾਂ ਨੂੰ ਹੁਣ 100 ਦਿਨਾਂ ਦੀ ਬਜਾਏ ਸਾਲ ਵਿੱਚ 125 ਦਿਨ ਰੁਜ਼ਗਾਰ ਦੀ ਗਰੰਟੀ ਦਿੱਤੀ ਜਾਵੇਗੀ। ਮਜ਼ਦੂਰੀ ਦੇ ਪੈਸੇ ਬਿਨਾਂ ਕਿਸੇ ਵਿਚੋਲੇ ਦੇ ਸਿੱਧੇ ਮਜ਼ਦੂਰਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਜਾਣਗੇ। ਜੇਕਰ ਕਿਸੇ ਯੋਗ ਵਿਅਕਤੀ ਨੂੰ ਨੌਕਰੀ ਨਹੀਂ ਮਿਲਦੀ ਤਾਂ ਇਸ ਲਈ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ। ਜਾਖੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਗਰੀਬਾਂ ਅਤੇ ਪਿੰਡਾਂ ਦੇ ਲੋਕਾਂ ਦੇ ਵਿਕਾਸ ਲਈ ਵਚਨਬੱਧ ਹੈ। ‘ਜੀ ਰਾਮ ਜੀ’ ਸਕੀਮ ਪੇਂਡੂ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਸਾਬਤ ਹੋਵੇਗੀ। ਜਾਖੜ ਨੇ ਕਿਹਾ ਕਿ ਭਾਜਪਾ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਦੱਸਣਗੇ ਕਿ ਇਹ ਸਕੀਮ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਕਿਵੇਂ ਸਹਾਈ ਹੋਵੇਗੀ ਅਤੇ ਵਿਰੋਧੀ ਧਿਰ ਦੇ ‘ਝੂਠ’ ਦਾ ਪਰਦਾਫਾਸ਼ ਕਰੇਗੀ।