- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਯੁਕਤ ਕਿਸਾਨ ਮੋਰਚੇ ਵੱਲੋਂ ਟਰੇਡ ਯੂਨੀਅਨ ਨਾਲ ਕੀਤੀ ਸਾਂਝੀ ਮੀਟਿੰਗ
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਹੋਏ ਲਾਠੀ ਚਾਰਜ ਦੀ ਕੀਤੀ ਨਿਖੇਧੀ ਤੇ ਗ੍ਰਿਫਤਾਰ ਕੀਤੇ ਉਗਰਾਹਾਂ ਦੇ ਆਗੂਆਂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਪ੍ਰਧਾਨ ਮੁਕੇਸ਼ ਮਲੌਦ ਤੇ ਵਾਤਾਵਰਨ ਪ੍ਰੇਮੀ ਸੋਨਮ ਵਾਂਗਚੁਕ ਨੂੰ ਰਿਹਾਅ ਕਰਨ ਦੀ ਕੀਤੀ ਮੰਗ। ਫਾਜ਼ਿਲਕਾ ਜ਼ਿਲ੍ਹੇ ਦੀਆਂ ਵੱਖ-ਵੱਖ ਟਰੇਡ ਯੂਨੀਅਨ, ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਨਤਕ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਦੇ ਆਗੂ ਰਾਜ ਕੌਰ ਚੱਕ ਸੈਦੋਕੇ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਕੀਤੀ ਗਈ। ਜਿਸ ਵਿੱਚ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਵਿਉਂਤਬੰਦੀ ਉਲੀਕੀ ਗਈ ਤੇ ਅਮਰੀਕਾ ਨਾਲ ਹੋਏ ਟੈਰਿਫ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਦਾ ਵੀ ਫੈਸਲਾ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਤੇ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਖੇਧੀ ਕੀਤੀ ਗਈ ਅਤੇ 9 ਮਹੀਨਿਆਂ ਤੋਂ ਬੰਦ ਉਗਰਾਹਾਂ ਜਥੇਬੰਦੀ ਦੇ ਆਗੂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਪ੍ਰਧਾਨ ਮੁਕੇਸ਼ ਮਲੌਦ ਤੇ ਵਾਤਾਵਰਨ ਪ੍ਰੇਮੀ ਸੋਨਮ ਵੰਗਚੁਕ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ।ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਮੀਤ ਪ੍ਰਧਾਨ ਗੁਰਮੀਤ ਸਿੰਘ , ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਅਤਰ ਪ੍ਰੀਤ ਸਿੰਘ , ਜਮਹੂਰੀ ਕਿਸਾਨ ਸਭਾ ਸੂਬਾ ਕਮੇਟੀ ਮੈਂਬਰ ਰਮੇਸ਼ ਵਡੇਰਾ,ਬੀ ਕੇ ਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਹਲਾਦ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਗਰੁੱਪ ਵੱਲੋਂ ਅਰਜਨ ਸਿੰਘ ਇਫਟੂ ਦੇ ਆਗੂ ਭਜਨ ਲਾਲ, ਦਵਿੰਦਰ ਸਿੰਘ,ਹਰੀਸ਼ ਚੰਦਰ ਉੱਤਮ ,ਮਲਕੀਤ ਸਿੰਘ ਮੰਡਲ ਪ੍ਰਧਾਨ, ਡੀ ਟੀ ਐਫ ਦੇ ਜਿਲਾ ਪ੍ਰਧਾਨ ਗੁਰਵਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਰਾਜਨ ਮੁਹਾਰ ਸੋਨਾ, ਪੀ ਐਸ ਯੂ ਦੇ ਆਗੂ ਦਿਲਕਰਨ ਰਤਨਪੁਰਾ ,ਪੂਰਨ ਚੰਦ ਨੇ ਕਿਹਾ ਕਿ ਭਾਰਤ ਸਰਕਾਰ ਫਾਸ਼ੀਵਾਦੀ ਅਤੇ ਤਾਨਾਸ਼ਾਹੀ ਵਾਲੀ ਸਰਕਾਰ ਹੈ ਜੋ ਦੇਸ਼ ਦੇ ਸਮੂਹ ਕਿਰਤੀ ਲੋਕਾਂ ਅਤੇ ਮਿਹਨਤਕਾਸ਼ ਜਮਾਤਾਂ ਦੇ ਹੱਕਾ ਨੂੰ ਨਪੀੜਦੇ ਹੋਏ ਚਾਰ ਲੇਬਰ ਕੋਡ, ਬਿਜਲੀ ਬਿੱਲ, ਬੀਜ ਸੋਧ ਬਿੱਲ ਅਤੇ ਮਨਰੇਗਾ ਕਾਨੂੰਨ ਨੂੰ ਖਤਮ ਕਰਕੇ ਜੀ ਰਾਮ ਜੀ ਵਰਗੇ ਕਾਨੂੰਨ ਦੇਸ਼ ਵਿੱਚ ਲਾਗੂ ਕਰਨ ਲੱਗੀ ਹੋਈ ਹੈ। ਇਸ ਦੇ ਨਾਲ ਹੀ ਆਗੂਆਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਇੱਕ ਪਾਸੇ ਕਿਸਾਨਾਂ ਅਤੇ ਮਜਦੂਰਾਂ ਦਾ ਹਿਮਾਇਤੀ ਹੁਣ ਹੋਣ ਦਾ ਢੋਂਗ ਸਿਰਜ ਰਹੀ ਹੈ ਉਥੇ ਹੀ ਦੂਜੇ ਪਾਸੇ ਅਮਰੀਕਾ ਨਾਲ ਟੈਰੀਫ ਮੁਕਤ ਵਪਾਰ ਸਮਝੌਤਾ ਕਰਕੇ ਦੇਸ਼ ਦੀ ਕਿਸਾਨੀ ਅਤੇ ਮਜਦੂਰਾਂ ਨੂੰ ਖਤਮ ਕਰਨ ਦੇ ਰਾਹ ਪਈ ਹੋਈ ਹੈ। ਜਿਸ ਦੇ ਵਿਰੋਧ ਵਿੱਚ ਸਾਰਿਆ ਨੂੰ ਸਾਹਮਣੇ ਆਉਣਾ ਚਾਹੀਦਾ ਹੈ।ਇਸ ਮੌਕੇ ਪਾਵਰਕੌਮ ਐਂਡ ਟਾਸਕੋ ਪੈਨਸ਼ਨਰਜ਼ ਯੂਨੀਅਨ, ਟੈਕਨੀਕਲ ਸਰਵਿਸ ਯੂਨੀਅਨ, ਇੰਪਲਾਈਜ ਫੈਡਰੇਸ਼ਨ,ਖੇਤੀਬਾੜੀ ਵਿਕਾਸ ਫਰੰਟ, ਡੇਮੋਕ੍ਰੇਟਿਕ ਟੀਚਰਜ਼ ਫਰੰਟ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਲੋਕ ਮਾਰੂ ਨੀਤੀਆ ਦੇਸ਼ੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਲਾਗੂ ਕਰ ਰਹੀ ਹੈ ਜਿਸ ਦਾ ਆਮ ਜਨਤਾ ਨੂੰ ਕਾਫ਼ੀ ਨੁਕਸਾਨ ਹੋਵੇਗਾ। ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਹਮਾਇਤੀ ਬਣ ਕੇ ਵਿਚਰ ਰਹੀ ਹੈਆਗੂਆਂ ਨੇ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫ਼ਲ ਬਣਾਉਣ ਅਤੇ ਲੋਕਾਂ ਨੂੰ ਚੇਤੰਨ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਸਾਹਮਣੇ ਇਕੱਠ ਕਰਨ ਅਤੇ ਅਮਰੀਕਾ ਨਾਲ ਹੋਏ ਟੈਰਿਫ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਇਸ ਦੇ ਵਿਰੋਧ ਵਿੱਚ ਤਹਿਸੀਲ ਪੱਧਰ ਤੇ 25 ਫਰਵਰੀ ਨੂੰ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਪਰਮੁੱਖ ਵਰਕਰਾਂ ਦੇ ਘਰਾਂ ਸਾਹਮਣੇ ਧਰਨਾ ਦੇਣ ਦਾ ਵੀ ਫੈਸਲਾ ਕੀਤਾ ਗਿਆ।