ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਬਾਬਾ ਨਾਮਦੇਵ ਗੁਰਦੁਆਰਾ ਸਾਹਿਬ ਦੇ ਨਗਰ ਕੀਰਤਨ ਦਾ ਕਰਨ ਗਿਲਹੋਤਰਾ ਫਾਊਂਡੇਸ਼ਨ ਵੱਲੋਂ ਭਰਵਾਂ ਸਵਾਗਤ, ਸੰਗਤ ਵਿੱਚ ਵੰਡਿਆ ਪ੍ਰਸ਼ਾਦ
Publish Date: Thu, 19 Nov 2026 05:37 PM (IST)
Updated Date: Fri, 20 Nov 2026 04:04 AM (IST)
ਗਿਲਹੋਤਰਾ ਫਾਊਂਡੇਸ਼ਨ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ, ਸੰਗਤ ’ਚ ਵੰਡਿਆ ਪ੍ਰਸ਼ਾਦ ਰਮਨ ਕੁਮਾਰ. ਪੰਜਾਬੀ ਜਾਗਰਣ, ਫਾਜ਼ਿਲਕਾ : ਬਾਬਾ ਨਾਮਦੇਵ ਗੁਰਦੁਆਰਾ ਸਾਹਿਬ ਵੱਲੋਂ ਸ੍ਰੀ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿੱਚ ਸਜਾਏ ਗਏ ਨਗਰ ਕੀਰਤਨ ਦਾ ਕਰਨ ਗਿਲਹੋਤਰਾ ਫਾਊਂਡੇਸ਼ਨ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਫਾਊਂਡੇਸ਼ਨ ਦੇ ਸੰਚਾਲਕ ਕਰਨ ਗਿਲਹੋਤਰਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਨਗਰ ਕੀਰਤਨ ਵਿੱਚ ਸ਼ਾਮਲ ਗੁਰੂ ਰੂਪ ਸਾਧ ਸੰਗਤ ਦਾ ਨਿੱਘਾ ਸਵਾਗਤ ਕਰਦਿਆਂ ਸਤਿਕਾਰ ਪ੍ਰਗਟ ਕੀਤਾ। ਇਸ ਮੌਕੇ ਫਾਊਂਡੇਸ਼ਨ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਲਈ ਪ੍ਰਸ਼ਾਦ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਟੀਮ ਦੇ ਮੈਂਬਰਾਂ ਨੇ ਪੂਰੀ ਸ਼ਰਧਾ ਭਾਵਨਾ ਨਾਲ ਸੰਗਤ ਵਿੱਚ ਪ੍ਰਸ਼ਾਦ ਵੰਡ ਕੇ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ ਅਤੇ ਪੂਰਾ ਮਾਹੌਲ ਧਾਰਮਿਕ ਸ਼ਰਧਾ ਤੇ ਭਗਤੀ ਦੇ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ। ਇਸ ਮੌਕੇ ਕਰਨ ਗਿਲਹੋਤਰਾ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸਮੂਹ ਸੰਗਤ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਸੇਵਾ ਕਰਨ ਦਾ ਮੌਕਾ ਮਿਲਣਾ ਬਹੁਤ ਹੀ ਸੁਭਾਗ ਵਾਲੀ ਗੱਲ ਹੈ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ ਦੀ ਸੇਵਾ, ਆਪਸੀ ਭਾਈਚਾਰੇ, ਪਿਆਰ ਅਤੇ ਲੋੜਵੰਦਾਂ ਦੀ ਮਦਦ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਸੇਵਾ ਭਾਵਨਾ ਨਾਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਫਾਊਂਡੇਸ਼ਨ ਦਾ ਉਦੇਸ਼ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿੱਚ ਸਹਿਯੋਗ ਦੇ ਕੇ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਕਰਨ ਗਿਲਹੋਤਰਾ ਫਾਊਂਡੇਸ਼ਨ ਦੀ ਸਮੁੱਚੀ ਟੀਮ ਦੇ ਮੈਂਬਰਾਂ ਨੇ ਵੀ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਦੀ ਸੇਵਾ ਕਰਦਿਆਂ ਆਪਣਾ ਯੋਗਦਾਨ ਪਾਇਆ।