ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ : ਸਵਨਾ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ : ਨਰਿੰਦਰਪਾਲ ਸਿੰਘ ਸਵਨਾ
Publish Date: Mon, 31 Aug 2026 05:16 PM (IST)
Updated Date: Mon, 31 Aug 2026 05:19 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਫਾਜ਼ਿਲਕਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਰਵਾਈ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਮੌਜੂਦ ਸਨ। ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਮੁੱਖ ਉਦੇਸ਼ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਅਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰੇਕ ਸ਼ਹਿਰ ਵਾਸੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਹਰ ਗਲ਼ੀ ਤੇ ਮੁਹੱਲੇ ਦੀ ਕੀਤੀ ਜਾਵੇਗੀ ਸਫ਼ਾਈ ਉਨ੍ਹਾਂ ਦੱਸਿਆ ਕਿ ਮਿਸ਼ਨ ਦੇ ਦੂਜੇ ਪੜਾਅ ਤਹਿਤ ਅੱਜ ਟੀਵੀ ਟਾਵਰ ਚੌਂਕ, ਰਾਧਾ ਸਵਾਮੀ ਕਲੋਨੀ ਅਤੇ ਆਸ-ਪਾਸ ਦੇ ਇਲਾਕੇ ਵਿੱਚ ਵਿਸ਼ੇਸ਼ ਸਫ਼ਾਈ ਕਰਵਾਈ ਗਈ। ਇਲਾਕਾ ਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਇੱਥੇ ਇਕੱਠੇ ਹੋ ਰਹੇ ਕੂੜੇ ਅਤੇ ਡੰਪ ਦੀ ਸਮੱਸਿਆ ਸਬੰਧੀ ਮੰਗ ਕੀਤੀ ਜਾ ਰਹੀ ਸੀ। ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਸਫ਼ਾਈ ਕਰਵਾਉਣ ਦੇ ਨਾਲ-ਨਾਲ ਕੂੜੇ ਦਾ ਡੰਪ ਵੀ ਚੁਕਵਾਇਆ ਗਿਆ। ਵਿਧਾਇਕ ਸਵਨਾ ਨੇ ਕਿਹਾ ਕਿ ਮੁਹਿੰਮ ਤਹਿਤ ਨਗਰ ਕੌਂਸਲ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਸ਼ਹਿਰ ਦੀ ਹਰ ਗਲੀ ਅਤੇ ਮੁਹੱਲੇ ਦੀ ਸਫ਼ਾਈ ਕੀਤੀ ਜਾਵੇਗੀ ਅਤੇ ਇਕੱਠੇ ਹੋਣ ਵਾਲੇ ਕੂੜੇ ਦਾ ਢੁਕਵੇਂ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ 15 ਤੋਂ 20 ਦਿਨਾਂ ਤੱਕ ਰੋਜ਼ਾਨਾ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਿਰਫ਼ ਪ੍ਰਸ਼ਾਸਨ ਜਾਂ ਨਗਰ ਕੌਂਸਲ ਦੀ ਹੀ ਨਹੀਂ, ਸਗੋਂ ਸਾਰੇ ਸ਼ਹਿਰ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਰਡ ਜਾਂ ਆਸ-ਪਾਸ ਸਫ਼ਾਈ ਸਬੰਧੀ ਕਿਸੇ ਵੀ ਸਮੱਸਿਆ ਬਾਰੇ ਨਗਰ ਕੌਂਸਲ ਨੂੰ ਜਾਣੂ ਕਰਵਾਉਣ ਤਾਂ ਜੋ ਤੁਰੰਤ ਸਫ਼ਾਈ ਕਰਵਾਈ ਜਾ ਸਕੇ। ਸਫ਼ਾਈ ਸੇਵਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਸਫ਼ਾਈ ਸੇਵਕਾਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਵਿੱਚ ਸਫ਼ਾਈ ਕਰਮਚਾਰੀਆਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਸੇਵਕਾਂ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਲੋਕ ਸੜਕਾਂ ਅਤੇ ਖੁੱਲ੍ਹੀਆਂ ਥਾਵਾਂ ’ਤੇ ਕੂੜਾ ਸੁੱਟਣ ਦੀ ਬਜਾਏ ਨਿਰਧਾਰਤ ਡਸਟਬਿਨਾਂ ਦੀ ਵਰਤੋਂ ਕਰਨ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ।ਇਸ ਮੌਕੇ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਦੇ ਯਤਨਾਂ ਦੇ ਨਾਲ ਸ਼ਹਿਰ ਵਾਸੀਆਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦਾ ਕੂੜਾ ਵੱਖ-ਵੱਖ ਕਰਕੇ ਕੂੜਾ ਕੁਲੈਕਟਰਾਂ ਨੂੰ ਦੇਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਹਿਯੋਗ ਕਰਨ।ਇਸ ਮੌਕੇ ਵਾਰਡ ਨੰਬਰ 10 ਤੋਂ ਐੱਮ.ਸੀ. ਸੰਦੀਪ ਚਲਾਣਾ, ਵਾਰਡ ਇੰਚਾਰਜ 19 ਭਗਵਾਨ ਸਿੰਘ, ਵਾਰਡ ਇੰਚਾਰਜ 23 ਅਨਿਲ ਸੇਠੀ, ਵਾਰਡ ਇੰਚਾਰਜ 11 ਬਬਲੀ, ਵਾਰਡ ਇੰਚਾਰਜ 7 ਸ਼ੇਖਰ, ਵਾਰਡ ਇੰਚਾਰਜ 22 ਜਸਕਰਨ ਸਿੰਘ ਸਿਡਾਨਾ, ਦਫ਼ਤਰ ਇੰਚਾਰਜ ਹਰੀਸ਼ ਠਾਕੁਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਆਗੂ ਅਤੇ ਪਤਵੰਤੇ ਵਿਅਕਤੀ ਹਾਜ਼ਰ ਸਨ।