ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੇਜੀਐਫ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਬਦ ਕੀਰਤਨ ਸਮਾਗਮ ਕਰਵਾਇਆ
Publish Date: Mon, 23 Nov 2026 06:34 PM (IST)
Updated Date: Tue, 24 Nov 2026 04:07 AM (IST)
ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ, ਫਾਜ਼ਿਲਕਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਲੈ ਕੇ ਕਰਨ ਗਿਲਹੋਤਰਾ ਫਾਊਂਡੇਸ਼ਨ (ਕੇਜੀਐਫ) ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫਾਜ਼ਿਲਕਾ ਵਿਖੇ ਸ਼ਬਦ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ ਅਤੇ ਫਾਜ਼ਿਲਕਾ ਸ਼ਹਿਰ ਦੀ ਸੁੱਖ-ਸਮ੍ਰਿੱਧੀ, ਖੁਸ਼ਹਾਲੀ ਤੇ ਤਰੱਕੀ ਦੇ ਨਾਲ-ਨਾਲ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਜਸਪ੍ਰੀਤ ਸਿੰਘ ਦੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਜੀਵਨ ਦਰਸ਼ਨ ਅਤੇ ਮਨੁੱਖਤਾ ਪ੍ਰਤੀ ਦਿੱਤੇ ਸੰਦੇਸ਼ਾਂ ਤੋਂ ਜਾਣੂ ਕਰਵਾਇਆ ਗਿਆ। ਗੁਰੂ ਸਾਹਿਬ ਦੀ ਬਾਣੀ ਵਿੱਚ ਨਿਹਿਤ ਨਾਮ ਜਪਣ, ਇਮਾਨਦਾਰੀ ਨਾਲ ਮਿਹਨਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ’ਤੇ ਚਾਨਣਾ ਪਾਉਂਦਿਆਂ ਸੰਗਤ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਗੁਰਬਾਣੀ ਦੇ ਮਿੱਠੇ ਕੀਰਤਨ ਨਾਲ ਸਮੁੱਚਾ ਗੁਰਦੁਆਰਾ ਸਾਹਿਬ ਭਗਤੀਮਈ ਮਾਹੌਲ ਵਿੱਚ ਰੰਗਿਆ ਨਜ਼ਰ ਆਇਆ। ਇਸ ਮੌਕੇ ਕੇਜੀਐਫ ਦੇ ਸੰਚਾਲਕ ਕਰਨ ਗਿਲਹੋਤਰਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਨੂੰ ਸਿਰਫ਼ ਧਾਰਮਿਕ ਸਮਾਗਮ ਤੱਕ ਸੀਮਤ ਰਹਿਣ ਦੀ ਬਜਾਏ ਉਨ੍ਹਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਪਿਆਰ, ਸੇਵਾ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਇਕਜੁੱਟ ਰੱਖਣ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕੇਜੀਐਫ ਦਾ ਉਦੇਸ਼ ਵੀ ਸਮਾਜ ਵਿੱਚ ਸੇਵਾ, ਸਦਭਾਵਨਾ ਅਤੇ ਲੋਕ ਭਲਾਈ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਅਜਿਹੇ ਧਾਰਮਿਕ ਸਮਾਗਮਾਂ ਰਾਹੀਂ ਨਵੀਂ ਪੀੜ੍ਹੀ ਨੂੰ ਵੀ ਆਪਣੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮਾਗਮ ਵਿੱਚ ਪਹੁੰਚੀ ਸੰਗਤ ਅਤੇ ਸਹਿਯੋਗ ਕਰਨ ਵਾਲੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ। ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ, ਫਾਜ਼ਿਲਕਾ ਸ਼ਹਿਰ ਦੀ ਸੁੱਖ-ਸਮ੍ਰਿੱਧੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ ਗਈ, ਜਿਸ ਉਪਰੰਤ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ। ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਦਵਿੰਦਰਪਾਲ ਸਿੰਘ ਅਤੇ ਪ੍ਰਬੰਧਕ ਕਮੇਟੀ ਵੱਲੋਂ ਕਰਨ ਗਿਲਹੋਤਰਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਧੀਰਾ ਬਰਾੜ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ, ਵਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਗੁਲਬੱਧਰ, ਸਾਬਕਾ ਚੇਅਰਮੈਨ ਅਸ਼ੋਕ ਜੈਰਥ, ਨਗਰ ਕੌਂਸਲ ਦੇ ਵਾਈਸ ਪ੍ਰਧਾਨ ਭਗਵਾਨ ਦਾਸ, ਐਡਵੋਕੇਟ ਸਵੀ ਕਾਠਪਾਲ, ਪ੍ਰੈੱਸ ਕਲੱਬ ਦੇ ਪ੍ਰਧਾਨ ਦੇਵਿੰਦਰ ਸਿੰਘ, ਇਲੈਕਟ੍ਰੋਨਿਕ ਪ੍ਰੈੱਸ ਕਲੱਬ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ, ਪ੍ਰਮੁੱਖ ਪੱਤਰਕਾਰ ਲੱਕੀ ਠਠਈ, ਅਸ਼ੋਕ ਕਾਮਰਾ, ਪ੍ਰਫੁੱਲ ਨਾਗਪਾਲ, ਸੋਸ਼ਲ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸ਼ਸ਼ੀ ਕਾਂਤ, ਖਜ਼ਾਨਚੀ ਨਰੇਸ਼ ਮਿੱਤਲ, ਮਦਨ ਲਾਲ ਵਢੇਰਾ, ਬੱਬੂ ਲਾਧੂਕਾ, ਮੇਹਰ ਚੰਦ ਵਢੇਰਾ ਲਾਧੂਕਾ, ਡਾ. ਵਿਜੇ ਸਚਦੇਵਾ, ਡਾ. ਯਸ਼ਪਾਲ ਜੱਸੀ, ਵਿਜੇ ਛਾਬੜਾ, ਸਵਰਨ ਸਿੰਘ (ਬਲਾਕ ਕਮੇਟੀ ਮੈਂਬਰ ਅਤੇ ਸਰਪੰਚ), ਸਰਪੰਚ ਵੀਰ ਸਿੰਘ, ਗੁਲਸ਼ੇਰ ਸਿੰਘ (ਬਲਾਕ ਕਮੇਟੀ ਮੈਂਬਰ), ਦਾਰਾ ਸਿੰਘ, ਹਰਮਿੰਦਰ ਸਿੰਘ, ਪਿੰਡ ਰਾਣਾ ਦੇ ਸਾਬਕਾ ਸਰਪੰਚ ਰਮੇਸ਼ ਬੱਬਰ, ਵਿਸ਼ਾਲ ਕਾਮਰਾ ਅਤੇ ਟੀਮ ਕੇਜੀਐਫ ਸਮੇਤ ਹੋਰ ਪਤਵੰਤੇ ਅਤੇ ਸ਼ਰਧਾਲੂ ਹਾਜ਼ਰ ਸਨ।