‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ ਮਾਰਚ ਦਾ ਫਾਜ਼ਿਲਕਾ ਪੁੱਜਣ ’ਤੇ ਸਵਾਗਤ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ ਮਾਰਚ ਦਾ ਫਾਜ਼ਿਲਕਾ ਪੁੱਜਣ ’ਤੇ ਭਰਵਾਂ ਸਵਾਗਤ
Publish Date: Tue, 01 Sep 2026 05:41 PM (IST)
Updated Date: Tue, 01 Sep 2026 05:43 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਸਿਹਤਮੰਦ, ਨਰੋਏ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-5 ਨੂੰ ਉਤਸ਼ਾਹਿਤ ਕਰਨ ਲਈ ਕੱਢੀ ਜਾ ਰਹੀ ਮਸ਼ਾਲ ਮਾਰਚ ਦਾ ਫਾਜ਼ਿਲਕਾ ਪੁੱਜਣ ’ਤੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਪੁੱਜਣ ’ਤੇ ਸਕੂਲੀ ਵਿਦਿਆਰਥੀਆਂ ਵੱਲੋਂ ਬੈਂਡ ਦੀਆਂ ਧੁਨਾਂ ਨਾਲ ਮਸ਼ਾਲ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਨੇ ਕਿਹਾ ਕਿ ਪੰਜਾਬ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਖਿਡਾਰੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਮਿਲ ਰਿਹਾ ਹੈ, ਜਿਸ ਨਾਲ ਉਹ ਭਵਿੱਖ ਵਿੱਚ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਦੇ ਯੋਗ ਹੋ ਸਕਣਗੇ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਸੀਜ਼ਨ-5 ਵਿੱਚ ਹਿੱਸਾ ਲੈਣ ਲਈ ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਖੇਡਾਂ ਜਾਂ ਰਜਿਸਟ੍ਰੇਸ਼ਨ ਸਬੰਧੀ ਵਧੇਰੇ ਜਾਣਕਾਰੀ ਲਈ ਖੇਡ ਵਿਭਾਗ ਫਾਜ਼ਿਲਕਾ ਦੇ ਸੀਨੀਅਰ ਸਹਾਇਕ ਜਤਿੰਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਫਾਜ਼ਿਲਕਾ ਰੁਪਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।