1 ਮਈ ਨੂੰ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਮਨਾਇਆ ਜਾਵੇਗਾ ਮਜ਼ਦੂਰ ਦਿਵਸ
1 ਮਈ ਨੂੰ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਮਨਾਇਆ ਜਾਵੇਗਾ ਮਜ਼ਦੂਰ ਦਿਵਸ
Publish Date: Tue, 28 Apr 2026 04:06 PM (IST)
Updated Date: Tue, 28 Apr 2026 04:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲਾਲਾਬਾਦ : ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਇਨਕਲਾਬੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਕਾਮਰੇਡ ਨੱਥਾ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 1 ਮਈ ਨੂੰ ਗੌਰਮੈਂਟ ਪੈਨਸ਼ਨਰ ਯੂਨੀਅਨ ਪੰਜਾਬ, ਅਧਿਆਪਕ ਯੂਨੀਅਨ, ਮੁਲਾਜ਼ਮ ਤੇ ਵਿਗਿਆਨਿਕ ਗਰੁੱਪਾਂ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਮਜ਼ਦੂਰ ਦਿਵਸ ਮਨਾਇਆ ਜਾਵੇਗਾ। ਕਾਮਰੇਡ ਗੁਰਚਰਨ ਸਿੰਘ ਅਰੋੜਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਜ਼ਿਲ੍ਹਾ ਸਕੱਤਰ ਮਨਦੀਪ ਸਿੰਘ, ਰੇਸ਼ਮ ਸਿੰਘ ਅਤੇ ਅਸ਼ਵਨੀ ਕੁਮਾਰ ਸਮੇਤ ਪੈਨਸ਼ਨਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਮਿਹਨਤਕਸ਼ ਲੋਕਾਂ ਦੇ ਹੱਕਾਂ ‘ਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਚਾਰ ਲੇਬਰ ਕੋਡ ਪਹਿਲੀ ਅਪ੍ਰੈਲ ਤੋਂ ਲਾਗੂ ਕੀਤੇ ਗਏ ਹਨ। ਨਰੇਗਾ ਕਾਨੂੰਨ ਖਤਮ ਕਰਕੇ ਦੇਸ਼ ਦੇ ਮਿਹਨਤਕਸ਼ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਕੇ ਸੰਘਰਸ਼ਾਂ ਦੇ ਮੈਦਾਨ ਵਿੱਚ ਉਤਰਨਾ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਇਨਕਲਾਬੀ ਤਾਕਤਾਂ ਦਾ ਇੱਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ।