ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੜਖੜਾਈ : ਸੰਦੀਪ ਜਾਖੜ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੜਖੜਾਈ
Publish Date: Tue, 13 Oct 2026 04:52 PM (IST)
Updated Date: Tue, 13 Oct 2026 04:53 PM (IST)
ਭਾਰਤ ਭੂਸ਼ਣ ਸ਼ਰਮਾ.ਪੰਜਾਬੀ ਜਾਗਰਣ ਅਬੋਹਰ : ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ, ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਅਪਰਾਧੀਆਂ ਦੇ ਬੁਲੰਦ ਹੋ ਰਹੇ ਹੌਸਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਵਿਧਾਇਕ ਸੰਦੀਪ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਦਾ ਡਰ ਘਟਦਾ ਜਾ ਰਿਹਾ ਹੈ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸੰਦੀਪ ਜਾਖੜ ਨੇ ਕਿਹਾ ਕਿ ਦਿਨ-ਦਿਹਾੜੇ ਪਰਮਿੰਦਰ ਸਿੰਘ ਜੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਬੇਹੱਦ ਚਿੰਤਾਜਨਕ ਹੈ। ਇਸ ਘਟਨਾ ਨਾਲ ਸਬੰਧਤ ਵੀਡੀਓ ਵੀ ਸਾਹਮਣੇ ਆਈ ਹੈ, ਜੋ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਤੋਂ ਅਪਰਾਧੀਆਂ ਵਿੱਚ ਕਾਨੂੰਨ ਦੇ ਡਰ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਹੁੰਦੀ ਹੈ। ਵਿਧਾਇਕ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਸੂਬੇ ਵਿੱਚ ਆਮ ਲੋਕ ਕਿੰਨੇ ਸੁਰੱਖਿਅਤ ਹਨ। ਜੇਕਰ ਦਿਨ-ਦਿਹਾੜੇ ਅਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਤਾਂ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਾਲਾਤ ਵਿਚਲੇ ਫ਼ਰਕ ਬਾਰੇ ਜਵਾਬ ਦੇਣਾ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ-2’ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਰਗੀਆਂ ਮੁਹਿੰਮਾਂ ਦਾ ਵੱਡੇ ਪੱਧਰ ’ਤੇ ਪ੍ਰਚਾਰ ਕੀਤਾ ਗਿਆ ਹੈ, ਪਰ ਜ਼ਮੀਨੀ ਪੱਧਰ ’ਤੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਜਦੋਂ ਸੂਬੇ ਵਿੱਚ ਅਪਰਾਧ ਵਧਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਤਾਂ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਸੰਦੀਪ ਜਾਖੜ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਦੇ ਕਈ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ’ਤੇ ਸਵਾਲ ਉੱਠਣਾ ਵੀ ਗੰਭੀਰ ਮਾਮਲਾ ਹੈ, ਜਿਸ ਵੱਲ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਬੋਹਰ ਵੀ ਕਾਨੂੰਨ ਵਿਵਸਥਾ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਦੀ ਅਣਦੇਖੀ ਤੋਂ ਅਛੂਤਾ ਨਹੀਂ ਹੈ। ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ, ਨਸ਼ਿਆਂ ਦੇ ਕਾਰੋਬਾਰ ’ਤੇ ਰੋਕ ਲਗਾਉਣ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਸਰੋਤ ਮੁਹੱਈਆ ਕਰਵਾਉਣ ਦੀ ਜ਼ਰੂਰਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਬੋਹਰ ਨਾਲ ਭੇਦਭਾਵ ਕਰ ਰਹੀ ਹੈ ਅਤੇ ਇਲਾਕੇ ਨੂੰ ਲੋੜੀਂਦੇ ਫੰਡ ਨਹੀਂ ਮਿਲ ਰਹੇ। ਵਿਧਾਇਕ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਾਨੂੰਨ ਵਿਵਸਥਾ ਵਿੱਚ ਸੁਧਾਰ ਕਰਨ, ਨਸ਼ਾ ਤਸਕਰੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਪ੍ਰਚਾਰ ਨਹੀਂ, ਸਗੋਂ ਸੁਰੱਖਿਆ, ਜਵਾਬਦੇਹੀ ਅਤੇ ਬਿਹਤਰ ਪ੍ਰਸ਼ਾਸਨ ਦੀ ਲੋੜ ਹੈ।