ਉਮੀਦਵਾਰਾਂ ਦੇ ਹੱਕ ’ਚ ਲੀਡਰਾਂ ਨੇ ਤੇਜ਼ ਕੀਤਾ ਚੋਣ ਪ੍ਰਚਾਰ ਉਮੀਦਵਾਰਾਂ ਦੇ ਹੱਕ ਵਿੱਚ ਲੀਡਰਾਂ ਨੇ ਤੇਜ਼ ਕੀਤਾ ਚੋਣ ਪ੍ਰਚਾਰ
Publish Date: Wed, 01 Jul 2026 04:42 PM (IST)
Updated Date: Wed, 01 Jul 2026 04:43 PM (IST)
ਬੰਪਲ ਭਠੇਜਾ.ਪੰਜਾਬੀ ਜਾਗਰਣ ਜਲਾਲਾਬਾਦ : ਜਲਾਲਾਬਾਦ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਦਿਨ-ਰਾਤ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ। ਭਾਰੀ ਗਰਮੀ ਦੇ ਬਾਵਜੂਦ ਆਗੂ ਅਤੇ ਵਰਕਰ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰਡ ਨੰਬਰ 16 ਦੇ ਉਮੀਦਵਾਰ ਲਾਡੀ ਧਵਨ ਦੇ ਹੱਕ ਵਿੱਚ ਪ੍ਰੇਮ ਕੁਮਾਰ ਵਾਲੇਚਾ ਅਤੇ ਸਤਿੰਦਰਜੀਤ ਸਿੰਘ ਮਾਂਟਾ ਨੇ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦਿਆਂ ਲੋਕਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਗੋਲਡੀ ਕੰਬੋਜ ਨੇ ਵੀ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਅੰਕਿਤ ਕਟਾਰੀਆ, ਪਿੰਟਾ ਚੁੱਘ, ਸੋਨੂੰ ਧਾਮੀਜਾ, ਅੰਕੁਸ਼ ਮੁੱਟਨੇਜਾ ਅਤੇ ਰਸ਼ਪਾਲ ਢੋਲਾ ਦੇ ਹੱਕ ਵਿੱਚ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਅਤੇ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਵਿਧਾਇਕ ਗੋਲਡੀ ਕੰਬੋਜ ਨੇ ਸਬਜ਼ੀ ਮੰਡੀ ਯੂਨੀਅਨ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਮੰਗੀਆਂ।ਚੋਣਾਂ ਦੀ ਤਰੀਕ ਨੇੜੇ ਆਉਣ ਨਾਲ ਜਲਾਲਾਬਾਦ ਵਿੱਚ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਵੋਟਰਾਂ ਤੱਕ ਪਹੁੰਚਣ ਲਈ ਪੂਰੀ ਤਾਕਤ ਨਾਲ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ। ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਨੇ ਉਮੀਦਵਾਰਾਂ ਦਾ ਵਧਾਇਆ ਹੌਸਲਾ 5 ਜੁਲਾਈ ਨੂੰ ਹੋਣ ਵਾਲੀਆਂ ਜਲਾਲਾਬਾਦ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਚੋਣ ਪ੍ਰਚਾਰ ਵਿੱਚ ਪੂਰੀ ਤਾਕਤ ਨਾਲ ਜੁਟੇ ਹੋਏ ਹਨ। ਇਸੇ ਕੜੀ ਤਹਿਤ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਵਿਸ਼ੇਸ਼ ਤੌਰ ਤੇ ਜਲਾਲਾਬਾਦ ਪਹੁੰਚੇ। ਹਰਕ੍ਰਿਸ਼ਨ ਪੈਲੇਸ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਵਰਕਰਾਂ ਵਿੱਚ ਜੋਸ਼ ਭਰਿਆ। ਰਵਿੰਦਰ ਡਾਲਵੀ ਨੇ ਆਪਣੇ ਸੰਬੋਧਨ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਵਿੱਚ ਕਾਂਗਰਸ ਦੀ ਮਜ਼ਬੂਤ ਟੀਮ ਬਣਾਉਣ ਲਈ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਰਾਮਿੰਦਰ ਸਿੰਘ ਆਵਲਾ, ਸਾਬਕਾ ਵਿਧਾਇਕ ਦਵਿੰਦਰ ਘੁਬਾਇਆ, ਸਾਬਕਾ ਮੰਤਰੀ ਹੰਸ ਰਾਜ ਜੋਸਨ, ਸਾਬਕਾ ਵਿਧਾਇਕ ਮੋਹਿੰਦਰ ਰਿਣਵਾ, ਬੰਟੀ ਵਾਟਸ, ਸ਼ੰਟੀ ਕਪੂਰ, ਕੁਲਦੀਪ ਧਵਨ, ਜਗਦੀਸ਼ ਅਰੋੜਾ, ਸ਼ੰਟੀ ਅਰੋੜਾ, ਪ੍ਰੀਤ ਕਮਰਾ, ਮਿੰਟੂ ਕਮਰਾ, ਰਾਜਬਖ਼ਸ਼ ਸਮੇਤ ਕਾਂਗਰਸ ਦੇ ਸਾਰੇ ਉਮੀਦਵਾਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।