ਲੋਕ ਅਦਾਲਤ 12 ਦਸੰਬਰ ਨੂੰ ਲੱਗੇਗੀ ਲੋਕ ਅਦਾਲਤ 12 ਦਸੰਬਰ ਨੂੰ ਲੱਗੇਗੀ: ਜ਼ਿਲ੍ਹਾ ਤੇ ਸੈਸ਼ਨ ਜੱਜ ਬਲਜਿੰਦਰ ਸਿੰਘ
Publish Date: Fri, 16 Oct 2026 04:21 PM (IST)
Updated Date: Fri, 16 Oct 2026 04:24 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਤਿਮਾਹੀ ਬੈਠਕ ਅਤੇ ਅੰਡਰ ਟ੍ਰਾਇਲ ਰਿਵਿਊ ਕਮੇਟੀ (ਯੂ.ਟੀ.ਆਰ.ਸੀ.) ਦੀ ਤਿਮਾਹੀ ਮੀਟਿੰਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਸ੍ਰੀ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ 12 ਦਸੰਬਰ 2026 ਨੂੰ ਲਗਾਈ ਜਾਵੇਗੀ। ਜ਼ਿਲ੍ਹਾ ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿੱਚ ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਂਦਾ ਹੈ, ਜਿਸ ਕਾਰਨ ਕਿਸੇ ਇੱਕ ਧਿਰ ਦੀ ਜਿੱਤ ਜਾਂ ਹਾਰ ਨਹੀਂ ਹੁੰਦੀ, ਸਗੋਂ ਦੋਵੇਂ ਧਿਰਾਂ ਨੂੰ ਲਾਭ ਮਿਲਦਾ ਹੈ। ਲੋਕ ਅਦਾਲਤ ਰਾਹੀਂ ਵਿਵਾਦਾਂ ਦਾ ਸਥਾਈ ਨਿਪਟਾਰਾ ਹੋਣ ਨਾਲ ਸਮੇਂ ਅਤੇ ਖਰਚੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਕੇਸ ਲੋਕ ਅਦਾਲਤ ਵਿੱਚ ਲਗਵਾਉਣਾ ਚਾਹੁੰਦੇ ਹਨ, ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਜਾਂ ਉਸ ਅਦਾਲਤ ਵਿੱਚ ਅਰਜ਼ੀ ਦੇ ਸਕਦੇ ਹਨ, ਜਿੱਥੇ ਉਨ੍ਹਾਂ ਦਾ ਕੇਸ ਚੱਲ ਰਿਹਾ ਹੈ। ਉਣਾ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੋਗ ਅਤੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਸਹੂਲਤ ਦਾ ਲਾਭ ਲੈਣ ਲਈ ਅਥਾਰਟੀ ਦੇ ਫਰੰਟ ਆਫਿਸ ਜਾਂ ਸਬੰਧਤ ਅਦਾਲਤ ਵਿੱਚ ਅਰਜ਼ੀ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਯੂ.ਟੀ.ਆਰ.ਸੀ. ਕਮੇਟੀ ਦੀ ਮੀਟਿੰਗ ਦੌਰਾਨ ਉਨ੍ਹਾਂ ਹਵਾਲਾਤੀਆਂ ਦੇ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਨ੍ਹਾਂ ਨੂੰ ਜ਼ਮਾਨਤ ਮਿਲਣ ਦੇ ਬਾਵਜੂਦ ਰਿਹਾਅ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਯੋਗ ਅਪਰਾਧਿਕ ਮਾਮਲਿਆਂ ਅਤੇ ਉਨ੍ਹਾਂ ਹਵਾਲਾਤੀਆਂ ਬਾਰੇ ਵੀ ਚਰਚਾ ਕੀਤੀ ਗਈ, ਜਿਨ੍ਹਾਂ ਨੂੰ ਕਾਨੂੰਨ ਅਨੁਸਾਰ ਵੱਖ-ਵੱਖ ਰਾਹਤਾਂ ਦਾ ਲਾਭ ਮਿਲ ਸਕਦਾ ਹੈ।ਇਸ ਮੌਕੇ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਮਨਪ੍ਰੀਤ ਕੌਰ ਸੰਧੂ, ਐਸਐਸਪੀ ਗਗਨ ਅਜੀਤ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੇ.ਕੇ. ਸਿੰਗਲਾ, ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੂਚੀ ਸਵਪਨ ਸ਼ਰਮਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਹਿਮਾਂਸ਼ੀ ਗਿਲਹੋਤਰਾ, ਸਬ-ਜੇਲ੍ਹ ਫਾਜ਼ਿਲਕਾ ਦੇ ਡਿਪਟੀ ਸੁਪਰਡੈਂਟ ਅਵਤਾਰ ਸਿੰਘ, ਜ਼ਿਲ੍ਹਾ ਅਟਾਰਨੀ ਵਜ਼ੀਰ ਕੰਬੋਜ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸਿਧਾਰਥ ਖੁਰਾਣਾ ਅਤੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।