- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡਮ ਖੁਸ਼ਬੂ ਸਵਨਾ ਨੇ ਕੋੜਿਆਂਵਾਲੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਦੀਆਂ ਤਿੰਨ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਖੁਸ਼ਬੂ ਸਵਨਾ ਨੇ ਹਲਕੇ ਦੇ ਪਿੰਡ ਕੋੜਿਆਂਵਾਲੀ ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਲਈ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਰ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਵਾਉਣ ਲਈ ਲੈ ਕੇ ਜਾਣਗੀਆਂ। ਇਸ ਮੌਕੇ ਖੁਸ਼ਬੂ ਸਵਨਾ ਨੇ ਕਿਹਾ ਕਿ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਿਹਾਇਸ਼ ਅਤੇ ਭੋਜਨ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਕਸਰ ਬਜ਼ੁਰਗ ਉਮਰ ਅਤੇ ਆਰਥਿਕ ਕਾਰਨਾਂ ਕਰਕੇ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਇਸ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਸੁਰੱਖਿਅਤ, ਆਸਾਨ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਸਕੀਮ ਰਾਹੀਂ ਸੂਬੇ ਭਰ ਦੀਆਂ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵਿੱਚ ਇਸ ਯੋਜਨਾ ਨੂੰ ਲੈ ਕੇ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ। ਇਸ ਮੌਕੇ ਸਰਪੰਚ ਰਜਿੰਦਰ, ਪੰਚਾਇਤ ਮੈਂਬਰ ਜੈਮਲ ਰਾਮ, ਦੀਵਾਨ ਚੰਦ, ਗੁਰਜਿੰਦਰ ਕੌਰ, ਵਾਰਡ ਇੰਚਾਰਜ ਬਿੱਟੂ ਸੇਤੀਆ, ਬਬਲੀ ਰੇਵੜੀਆਂ, ਸ਼ੇਖਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।