ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਨਗਰ ਕੀਰਤਨ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਸਜਾਏ ਨਗਰ ਕੀਰਤਨ ਵਿੱਚ ਮੈਡਮ ਖੁਸ਼ਬੂ ਸਵਨਾ ਨੇ ਲਗਵਾਈ ਹਾਜ਼ਰੀ
Publish Date: Tue, 24 Nov 2026 04:26 PM (IST)
Updated Date: Wed, 25 Nov 2026 04:02 AM (IST)
ਮੈਡਮ ਖੁਸ਼ਬੂ ਸਵਨਾ ਨੇ ਲਗਵਾਈ ਹਾਜ਼ਰੀ, ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨਿਤ, ਗੁਰੂ ਘਰ ਵਿਖੇ ਮੱਥਾ ਟੇਕ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ ਕਪਿਲ ਜਸੂਜਾ. ਪੰਜਾਬੀ ਜਾਗਰਣ, ਫਾਜ਼ਿਲਕਾ : ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਗਏ ਨਗਰ ਕੀਰਤਨ ਵਿੱਚ ਮੈਡਮ ਖੁਸ਼ਬੂ ਸਵਨਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਹਾਜ਼ਰੀ ਲਗਵਾਈ। ਇਸ ਮੌਕੇ ਪਿੰਡ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਮੈਡਮ ਖੁਸ਼ਬੂ ਸਵਨਾ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ, ਸ਼ਾਂਤੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਮੌਕੇ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ, ਸਾਂਝੀ ਵਿਰਾਸਤ ਅਤੇ ਭਾਈਚਾਰਕ ਏਕਤਾ ਦਾ ਪ੍ਰਤੀਕ ਹਨ। ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਪਿਆਰ, ਸਤਿਕਾਰ, ਸੇਵਾ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸੱਚਾਈ, ਨਾਮ ਸਿਮਰਨ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ, ਜਿਸ ’ਤੇ ਸਾਨੂੰ ਸਾਰਿਆਂ ਨੂੰ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਪਿੰਡ ਵਾਸੀਆਂ ਅਤੇ ਸਮੂਹ ਸੰਗਤਾਂ ਨੂੰ ਧਾਰਮਿਕ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਪਸੀ ਪਿਆਰ, ਸਤਿਕਾਰ ਅਤੇ ਏਕਤਾ ਨਾਲ ਹੀ ਸਮਾਜ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਇਆ ਜਾ ਸਕਦਾ ਹੈ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮੁੱਚਾ ਨਗਰ ਕੀਰਤਨ ਗੁਰੂ ਸਾਹਿਬ ਦੀ ਬਾਣੀ, ਸ਼ਰਧਾ ਅਤੇ ਭਾਈਚਾਰਕ ਸਾਂਝ ਦੇ ਮਾਹੌਲ ਵਿੱਚ ਸੰਪੰਨ ਹੋਇਆ।