- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮੈਡਮ ਪੂਜਾ ਲੂਥਰਾ ਦੀ ਮੁਹਿੰਮ ਜਾਰੀ, ਬੱਚਿਆਂ ਨੂੰ ਵੰਡੀਆਂ ਖੇਡ ਕਿੱਟਾਂ
ਰਮਨ ਕੁਮਾਰ, ਪੰਜਾਬੀ ਜਾਗਰਣ
ਫਾਜ਼ਿਲਕਾ : ਹਲਕੇ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਮੈਡਮ ਪੂਜਾ ਲੂਥਰਾ ਵੱਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਇੱਕ ਪਾਸੇ ਮੈਡਮ ਪੂਜਾ ਲੂਥਰਾ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਪਹੁੰਚ ਕੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋ ਰਹੇ ਹਨ, ਜਦਕਿ ਦੂਜੇ ਪਾਸੇ ਉਨ੍ਹਾਂ ਦੇ ਪਤੀ ਬੰਟੀ ਸਚਦੇਵਾ ਵੱਲੋਂ ਦਫ਼ਤਰ ਵਿੱਚ ਆਉਣ ਵਾਲੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡ ਸਮੱਗਰੀ ਅਤੇ ਖੇਡ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨ, ਬੱਚੇ ਅਤੇ ਇਲਾਕਾ ਵਾਸੀ ਮੌਜੂਦ ਸਨ। ਬੱਚਿਆਂ ਨੂੰ ਕ੍ਰਿਕਟ ਬੈਟ, ਗੇਂਦਾਂ, ਬੈਡਮਿੰਟਨ ਰੈਕਟ, ਵਾਲੀਬਾਲ ਅਤੇ ਹੋਰ ਖੇਡ ਸਮੱਗਰੀ ਮੁਹੱਈਆ ਕਰਵਾਈ ਗਈ ਤਾਂ ਜੋ ਉਹ ਆਪਣਾ ਸਮਾਂ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਵਿੱਚ ਬਿਤਾ ਸਕਣ। ਇਸ ਉਪਰਾਲੇ ਦੀ ਇਲਾਕਾ ਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਪੂਜਾ ਲੂਥਰਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਸ਼ਿਆਂ ਦਾ ਵਧਦਾ ਰੁਝਾਨ ਸਮਾਜ ਲਈ ਗੰਭੀਰ ਚੁਣੌਤੀ ਬਣ ਚੁੱਕਾ ਹੈ। ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ।
ਇਸ ਮੌਕੇ ਬੰਟੀ ਸਚਦੇਵਾ ਨੇ ਕਿਹਾ ਕਿ ਦਫ਼ਤਰ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਬੱਚੇ ਅਤੇ ਨੌਜਵਾਨ ਖੇਡ ਸਮੱਗਰੀ ਦੀ ਮੰਗ ਲੈ ਕੇ ਆਉਂਦੇ ਹਨ। ਉਨ੍ਹਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ-ਸਮੇਂ ’ਤੇ ਖੇਡ ਕਿੱਟਾਂ ਦੀ ਵੰਡ ਕੀਤੀ ਜਾਂਦੀ ਹੈ ਤਾਂ ਜੋ ਬੱਚਿਆਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਖੇਡ ਮੈਦਾਨਾਂ ਨਾਲ ਜੁੜੇ ਰਹਿਣਗੇ ਤਾਂ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਆਪਣੇ ਆਪ ਦੂਰ ਰਹਿਣਗੇ। ਇਸ ਦੌਰਾਨ ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਵੀ ਸੁਣੀਆਂ ਗਈਆਂ। ਇਸ ਮੌਕੇ ਅਜੈ ਸਚਦੇਵਾ ਨੇ ਕਿਹਾ ਕਿ ਮੈਡਮ ਪੂਜਾ ਲੂਥਰਾ ਵੱਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਸਿਰਫ਼ ਇੱਕ ਸਮਾਜਿਕ ਉਪਰਾਲਾ ਨਹੀਂ, ਸਗੋਂ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਦੀ ਇੱਕ ਸਾਰਥਕ ਕੋਸ਼ਿਸ਼ ਹੈ। ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਤਾਂ ਜੋ ਇੱਕ ਨਸ਼ਾ ਮੁਕਤ, ਤੰਦਰੁਸਤ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਟੀਮ ਪੂਜਾ ਲੂਥਰਾ ਸਚਦੇਵਾ ਦੇ ਮੈਂਬਰ ਅਰੁਣ ਗਗਨੇਜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।