ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੇ ਸਮਾਜ ਲਈ ਪ੍ਰੇਰਨਾ ਸਰੋਤ : ਵਿਧਾਇਕ ਗੋਲਡੀ ਧੂਮਧਾਮ ਨਾਲ ਮਨਾਈ ਗਈ ਮਹਾਰਿਸ਼ੀ ਵਾਲਮੀਕਿ ਜੀ ਮਹਾਰਾਜ ਦੀ ਜਯੰਤੀ
Publish Date: Mon, 26 Oct 2026 03:40 PM (IST)
Updated Date: Mon, 26 Oct 2026 03:43 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਮਹਾਰਿਸ਼ੀ ਵਾਲਮੀਕਿ ਜੀ ਮਹਾਰਾਜ ਦੀ ਜੈਅੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਦੇਵੀ ਦੁਆਰਾ ਚੌਕ ਸਥਿਤ ਮੁੱਖ ਮੰਦਰ ’ਚ ਹਵਨ ਕਰਵਾਇਆ ਗਿਆ, ਜਦਕਿ ਛੋਟਾ ਟਿਵਾਣਾ ਰੋਡ ਸਥਿਤ ਵਾਲਮੀਕਿ ਮੰਦਰ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਦੇਵੀ ਦੁਆਰਾ ਚੌਕ ਸਥਿਤ ਮੁੱਖ ਮੰਦਰ ਵਿੱਚ ਕਰਵਾਏ ਗਏ ਸਮਾਗਮ ਵਿੱਚ ਵਿਧਾਇਕ ਜਗਦੀਪ ਕੰਬੋਜ ਗੋਲਡੀ, ਨਗਰ ਕੌਂਸਲ ਪ੍ਰਧਾਨ ਅੰਕੁਸ਼ ਮੁਟਨੇਜਾ, ਸਾਬਕਾ ਨਗਰ ਕੌਂਸਲ ਪ੍ਰਧਾਨ ਅਸ਼ੋਕ ਅਨੇਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੇਮ ਵਲੇਚਾ, ਭਾਜਪਾ ਦੇ ਸੀਨੀਅਰ ਆਗੂ ਅਨਿਲ ਵਲੇਚਾ, ਉਦਯੋਗਪਤੀ ਰਮਨ ਵਲੇਚਾ ਅਤੇ ਵਾਲਮੀਕਿ ਮਹਾਪੰਚਾਇਤ ਪੰਜਾਬ ਦੇ ਸੂਬਾ ਪ੍ਰਧਾਨ ਬਿੱਟੂ ਭਿਵਾਲ ਗੁਰੂਹਰਸਹਾਏ ਸਮੇਤ ਹੋਰ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸਾਰਿਆਂ ਨੇ ਮਹਾਰਿਸ਼ੀ ਵਾਲਮੀਕਿ ਜੀ ਮਹਾਰਾਜ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਮਹਾਰਾਜ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੇ ਸਮਾਜ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਨੇ ਰਾਮਾਇਣ ਦੀ ਰਚਨਾ ਰਾਹੀਂ ਮਨੁੱਖਤਾ, ਸੱਚਾਈ, ਮਰਿਆਦਾ ਅਤੇ ਆਦਰਸ਼ ਜੀਵਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰੇ, ਸਮਾਨਤਾ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਵਿਧਾਇਕ ਨੇ ਕਿਹਾ ਕਿ ਮਹਾਂਪੁਰਖਾਂ ਦੀਆਂ ਜੈਅੰਤੀਆਂ ਮਨਾਉਣ ਦਾ ਅਸਲ ਉਦੇਸ਼ ਉਨ੍ਹਾਂ ਦੇ ਵਿਚਾਰਾਂ ਅਤੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਹੈ। ਸਮਾਜ ਦੇ ਹਰੇਕ ਵਿਅਕਤੀ ਨੂੰ ਆਪਸੀ ਪਿਆਰ, ਸਤਿਕਾਰ ਅਤੇ ਏਕਤਾ ਨਾਲ ਰਹਿੰਦਿਆਂ ਉਨ੍ਹਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇ ਮਹਾਰਿਸ਼ੀ ਵਾਲਮੀਕਿ ਜੀ ਮਹਾਰਾਜ ਪ੍ਰਤੀ ਸ਼ਰਧਾ ਪ੍ਰਗਟ ਕਰਦਿਆਂ ਸਮੂਹ ਸੰਗਤ ਨੂੰ ਜੈਅੰਤੀ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਉੱਧਰ, ਛੋਟਾ ਟਿਵਾਣਾ ਰੋਡ ਸਥਿਤ ਵਾਲਮੀਕਿ ਮੰਦਰ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵੀ ਸ਼ਰਧਾਲੂਆਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਮੰਦਰ ਵਿੱਚ ਭਗਤੀ ਅਤੇ ਸ਼ਰਧਾ ਦਾ ਮਾਹੌਲ ਬਣਿਆ ਰਿਹਾ। ਸ਼ਹਿਰ ਵਾਸੀਆਂ ਨੇ ਮਹਾਰਿਸ਼ੀ ਵਾਲਮੀਕਿ ਜੀ ਮਹਾਰਾਜ ਪ੍ਰਤੀ ਆਪਣੀ ਆਸਥਾ ਪ੍ਰਗਟ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਦਾ ਸੰਕਲਪ ਲਿਆ।