ਨਵੀਂ ਆਬਾਦੀ ਫਾਇਰਿੰਗ ਕਾਂਡ 'ਚ ਵੱਡਾ ਐਕਸ਼ਨ, ਜੱਗੀ ਦੀ ਮੌਤ ਮਗਰੋਂ ਪੁਲਿਸ ਨੇ ਇੱਕ ਔਰਤ ਸਣੇ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ
ਫਾਜ਼ਿਲਕਾ ਦੀ ਨਵੀਂ ਆਬਾਦੀ ਨੇੜੇ ਸਲੇਮ ਸ਼ਾਹ ਫਾਟਕ ਵਿਖੇ 11 ਨਵੰਬਰ ਨੂੰ ਹੋਈ ਫਾਇਰਿੰਗ ਦੀ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋਏ ਜਤਿੰਦਰ ਸਿੰਘ ਉਰਫ਼ ਜੱਗੀ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਔਰਤ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਸਮੇਤ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ।
Publish Date: Sat, 14 Nov 2026 02:49 PM (IST)
Updated Date: Sat, 14 Nov 2026 02:50 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ :- ਫਾਜ਼ਿਲਕਾ ਦੀ ਨਵੀਂ ਆਬਾਦੀ ਨੇੜੇ ਸਲੇਮ ਸ਼ਾਹ ਫਾਟਕ ਵਿਖੇ 11 ਨਵੰਬਰ ਨੂੰ ਹੋਈ ਫਾਇਰਿੰਗ ਦੀ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋਏ ਜਤਿੰਦਰ ਸਿੰਘ ਉਰਫ਼ ਜੱਗੀ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਔਰਤ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਸਮੇਤ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ।
ਜਾਣਕਾਰੀ ਅਨੁਸਾਰ 11 ਨਵੰਬਰ ਨੂੰ ਸਲੇਮ ਸ਼ਾਹ ਫਾਟਕ ਨੇੜੇ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਵੱਲੋਂ ਜਤਿੰਦਰ ਸਿੰਘ ਜੱਗੀ ਪੁੱਤਰ ਸਤਨਾਮ ਸਿੰਘ ਵਾਸੀ ਪੀਰ ਗੁਰਾਇਆ ਮੁਹੱਲਾ, ਫਾਜ਼ਿਲਕਾ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਗੋਲੀਆਂ ਲੱਗਣ ਕਾਰਨ ਜੱਗੀ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਏਮਜ਼ ਹਸਪਤਾਲ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਸੀ। ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਉਸ ਦੀ ਮੌਤ ਦੀ ਪੁਸ਼ਟੀ ਵਾਰਡ ਦੇ ਕੌਂਸਲਰ ਰਮੇਸ਼ ਕਟਾਰੀਆ ਵੱਲੋਂ ਵੀ ਕੀਤੀ ਗਈ ਸੀ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਡੀਐੱਸਪੀ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇੰਸਪੈਕਟਰ ਸਚਿਨ, ਮੁੱਖ ਅਫ਼ਸਰ ਥਾਣਾ ਸਿਟੀ ਫਾਜ਼ਿਲਕਾ ਅਤੇ ਇੰਸਪੈਕਟਰ ਸੁਨੀਲ ਕੁਮਾਰ, ਇੰਚਾਰਜ ਸੀਆਈਏ ਫਾਜ਼ਿਲਕਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਹਿਊਮਨ ਇੰਟੈਲੀਜੈਂਸ ਅਤੇ ਤਕਨੀਕੀ ਸਹਾਇਤਾ ਦੀ ਮਦਦ ਨਾਲ ਜਾਂਚ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਕਬੂਲ ਸ਼ਾਹ ਖੁੱਬਣ, ਅਕਾਸ਼ਦੀਪ ਸਿੰਘ ਪੁੱਤਰ ਰਜਿੰਦਰਪਾਲ ਸਿੰਘ ਅਤੇ ਸੰਤੋਸ਼ ਰਾਣੀ ਪਤਨੀ ਰਜਿੰਦਰਪਾਲ ਸਿੰਘ, ਦੋਵੇਂ ਵਾਸੀ ਕੁੱਪਾਂ ਵਾਲੀ ਗਲੀ, ਫਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਨੂੰ 14 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ।
ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਇੱਕ .32 ਬੋਰ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ, ਵਾਰਦਾਤ ਸਮੇਂ ਵਰਤਿਆ ਗਿਆ ਸੀਡੀ ਡੀਲਕਸ 110 ਮੋਟਰਸਾਈਕਲ ਅਤੇ ਇੱਕ ਬੁਲੇਟ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਫਾਜ਼ਿਲਕਾ ਵਿਖੇ ਮੁਕੱਦਮਾ ਨੰਬਰ 271 ਮਿਤੀ 12 ਨਵੰਬਰ 2026 ਨੂੰ ਧਾਰਾ 109 ਬੀਐੱਨਐੱਸ ਅਤੇ 25/27 ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗੋਲੀਬਾਰੀ ਦੀ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।