ਨਸ਼ਿਆਂ ਵਿਰੁੱਧ ਯੁੱਧ ਤਹਿਤ ਕੱਢੀ ਜਾਗਰੂਕਤਾ ਰੈਲੀ
ਜਲਾਲਾਬਾਦ ਦੀਆਂ ਸਮੁੱਚੀਆਂ ਸੰਸਥਾਵਾਂ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਤਹਿਤ ਵਿਸ਼ਾਲ ਜਾਗਰੂਕਤਾ ਰੈਲੀ
Publish Date: Sat, 07 Feb 2026 04:36 PM (IST)
Updated Date: Sat, 07 Feb 2026 04:38 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਨਸ਼ਿਆਂ ਦੇ ਵਧ ਰਹੇ ਖ਼ਤਰੇ ਨੂੰ ਰੋਕਣ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਜਲਾਲਾਬਾਦ ਦੀਆਂ ਸਮੁੱਚੀਆਂ ਸਮਾਜਿਕ ਅਤੇ ਸੇਵਾਮੁਖੀ ਸੰਸਥਾਵਾਂ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਤਹਿਤ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਆਯੋਜਿਤ ਕੀਤੀ ਗਈ। ਇਹ ਰੈਲੀ ਸਵੇਰੇ ਥਾਣਾ ਸਿਟੀ ਜਲਾਲਾਬਾਦ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਮਾਰਗਾਂ ਤੋਂ ਹੁੰਦੀ ਹੋਈ ਸ਼੍ਰੀ ਉਧਮ ਸਿੰਘ ਚੌਂਕ ਤੱਕ ਗਈ ਅਤੇ ਮੁੜ ਥਾਣਾ ਸਿਟੀ ਆ ਕੇ ਸਮਾਪਤ ਹੋਈ। ਰੈਲੀ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਮੈਂਬਰਾਂ, ਸਮਾਜ ਸੇਵੀਆਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਬੁੱਧੀਜੀਵੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਰੈਲੀ ਦੌਰਾਨ ਨਸ਼ਿਆਂ ਦੇ ਖ਼ਿਲਾਫ਼ ਨਾਅਰੇ ਲਗਾਏ ਗਏ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਮਾਜ ਸੇਵੀ ਸਤਪਾਲ ਸੋਢੀ ਅਤੇ ਅੰਕੁਸ਼ ਕੁਮਾਰ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਦੀ ਸਭ ਤੋਂ ਵੱਡੀ ਬੁਰਾਈ ਬਣ ਚੁੱਕਾ ਹੈ, ਜੋ ਨੌਜਵਾਨ ਪੀੜ੍ਹੀ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵੱਲ ਇੱਕ ਸਾਂਝਾ ਕਦਮ ਚੁੱਕਣਾ ਹੈ। ਸਮਾਜ ਸੇਵੀ ਅਸ਼ੋਕ ਵਾਟਸ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਤਬਾਹ ਕਰ ਦਿੰਦਾ ਹੈ। ਅਸੀਂ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਨੂੰ ਸਹੀ ਰਸਤਾ ਦਿਖਾਈਏ। ਇਸੇ ਤਰ੍ਹਾਂ ਸਮਾਜ ਸੇਵੀ ਪ੍ਰਕਾਸ਼ ਦੋਸ਼ੀ ਨੇ ਕਿਹਾ ਕਿ “ਜੇ ਅੱਜ ਅਸੀਂ ਨਸ਼ਿਆਂ ਦੇ ਖ਼ਿਲਾਫ਼ ਇਕੱਠੇ ਹੋ ਕੇ ਆਵਾਜ਼ ਨਹੀਂ ਉਠਾਈ, ਤਾਂ ਕੱਲ੍ਹ ਨੂੰ ਇਹ ਬੁਰਾਈ ਹੋਰ ਭਿਆਨਕ ਰੂਪ ਧਾਰ ਲਵੇਗੀ। ਹਰ ਮਾਪੇ, ਅਧਿਆਪਕ ਅਤੇ ਸਮਾਜ ਸੇਵੀ ਨੂੰ ਮਿਲ ਕੇ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਅੰਤ ਵਿੱਚ ਆਗੂਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਤਰ੍ਹਾਂ ਦੀਆਂ ਜਾਗਰੂਕਤਾ ਮੁਹਿੰਮਾਂ ਵਿੱਚ ਸ਼ਮੂਲੀਅਤ ਕਰਕੇ ਨਸ਼ਿਆਂ ਦੇ ਖ਼ਿਲਾਫ਼ ਸੰਘਰਸ਼ ਨੂੰ ਮਜ਼ਬੂਤ ਬਣਾਇਆ ਜਾਵੇ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਇੱਕ ਸੁਰੱਖਿਅਤ ਅਤੇ ਸਿਹਤਮੰਦ ਭਵਿੱਖ ਦਿੱਤਾ ਜਾ ਸਕੇ।