ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਿਡ ਡੇਅ ਮੀਲ ਵਰਕਰਾਂ ਕੀਤੀ ਰੈਲੀ
ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਿਡ ਡੇ ਮੀਲ ਵਰਕਰਾਂ ਦੀ ਵਿਸ਼ਾਲ ਰੈਲੀ
Publish Date: Wed, 24 Jun 2026 05:42 PM (IST)
Updated Date: Wed, 24 Jun 2026 05:43 PM (IST)

ਦੀਪਕ ਕੁਮਾਰ ਡੀਕੇ.ਪੰਜਾਬੀ ਜਾਗਰਣ ਫਾਜ਼ਿਲਕਾ : ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਅੱਗੇ ਸੈਂਕੜੇ ਮੁਲਾਜ਼ਮਾਂ, ਪੈਨਸ਼ਨਰਾਂ, ਮਿਡ ਡੇ ਮੀਲ ਵਰਕਰਾਂ ਅਤੇ ਆਊਟਸੋਰਸ ਕਰਮਚਾਰੀਆਂ ਵੱਲੋਂ ਵਿਸ਼ਾਲ ਰੋਸ ਰੈਲੀ ਕੀਤੀ ਗਈ। ਰੈਲੀ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ ਗਈ। ਰੈਲੀ ਦੀ ਪ੍ਰਧਾਨਗੀ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਕਨਵੀਨਰ ਹਰਭਜਨ ਸਿੰਘ ਖੁੰਗਰ, ਬੂਟਾ ਸਿੰਘ ਬਰਾੜ ਚਿਮਨੇਵਾਲਾ, ਸੁਨੀਲ ਕੁਮਾਰ, ਸੁਖਜਿੰਦਰ ਸਿੰਘ, ਸੁਰਿੰਦਰ ਕਬੋਜ ਸਵਾਹ ਵਾਲਾ, ਬਿਮਲਾ ਦੇਵੀ, ਅਸ਼ੋਕ ਕੁਮਾਰ ਵਾਟਸ, ਮਹਿੰਦਰ ਕੁਮਾਰ, ਬਲਰਾਮ ਪਾਵਰਕਾਮ ਅਤੇ ਦਲਜੀਤ ਸਿੰਘ ਸਭਰਵਾਲ ਦੇ ਪ੍ਰਧਾਨਗੀ ਮੰਡਲ ਨੇ ਕੀਤੀ। ਸਟੇਜ ਦਾ ਸੰਚਾਲਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਚੰਦ ਕਬੋਜ ਨੇ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ, ਮਾਣ-ਭੱਤਾ ਕਰਮਚਾਰੀਆਂ, ਮਿਡ ਡੇ ਮੀਲ ਵਰਕਰਾਂ ਅਤੇ ਆਊਟਸੋਰਸ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਆਗੂਆਂ ਨੇ ਬਕਾਇਆ 18 ਫੀਸਦੀ ਮਹਿੰਗਾਈ ਭੱਤਾ (ਡੀ.ਏ.) ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪੈਨਸ਼ਨਰਾਂ ਲਈ ਛੇਵੇਂ ਤਨਖਾਹ ਕਮਿਸ਼ਨ ਦੀਆਂ 2.59 ਫਿਟਮੈਂਟ ਫੈਕਟਰ ਵਾਲੀਆਂ ਸਿਫ਼ਾਰਸ਼ਾਂ ਲਾਗੂ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਤੇ ਪੰਜਾਬ ਤਨਖਾਹ ਸਕੇਲ ਲਾਗੂ ਕਰਨ, ਮਿਡ ਡੇ ਮੀਲ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨ ਅਤੇ ਆਊਟਸੋਰਸ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕੀਤੀ।ਰੈਲੀ ਨੂੰ ਸੰਬੋਧਨ ਕਰਨ ਵਾਲੇ ਆਗੂਆਂ ਵਿੱਚ ਬੂਟਾ ਸਿੰਘ ਬਰਾੜ, ਹਰਭਜਨ ਸਿੰਘ ਖੁੰਗਰ, ਸੁਨੀਲ ਕੁਮਾਰ, ਬਿਮਲਾ ਦੇਵੀ, ਬਲਰਾਮ, ਰੇਸ਼ਮ ਲਾਲ ਰੰਗੀਲਾ, ਦੁਨੀ ਚੰਦ, ਨਿਰਮਲ ਸਿੰਘ ਬਰਾੜ, ਰਾਜ ਕੰਵਰ ਦੀਵਾਨ, ਪ੍ਰੇਮ ਕੁਮਾਰ, ਮੇਜਰ ਸਿੰਘ, ਦੇਵ ਸਿੰਘ ਖਹਿਰਾ, ਰਾਜ ਕੁਮਾਰ ਸਾਰਸਰ, ਅਸ਼ੋਕ ਸਰਾਰੀ, ਪਰਮਜੀਤ ਸਿੰਘ ਸ਼ੇਰੋਵਾਲ, ਦਪਿੰਦਰ ਢਿੱਲੋਂ, ਜਸਵਿੰਦਰ ਸਿੰਘ, ਅਸ਼ੋਕ ਕੁਮਾਰ, ਅਮਰਜੀਤ ਸਿੰਘ ਚਾਵਲਾ, ਮਹਿੰਦਰ ਕੁਮਾਰ, ਕਪਿਲ ਕਪੂਰ ਅਤੇ ਰਾਧਾ ਕ੍ਰਿਸ਼ਨ ਸ਼ਾਮਲ ਸਨ।ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸੂਬਾਈ ਪ੍ਰੋਗਰਾਮ ਤਹਿਤ 6 ਜੁਲਾਈ 2026 ਨੂੰ ਫਾਜ਼ਿਲਕਾ ਦੇ ਵਿਧਾਇਕ ਨੂੰ ਪੰਜਾਬ ਸਰਕਾਰ ਦੇ ਨਾਮ ਚਿਤਾਵਨੀ ਪੱਤਰ ਦਿੱਤਾ ਜਾਵੇਗਾ।ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਸਿਆਸੀ ਨੁਕਸਾਨ ਝੱਲਣਾ ਪਵੇਗਾ। ਰੈਲੀ ਦੇ ਅੰਤ ਵਿੱਚ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਜ਼ਿਲ੍ਹਾ ਫਾਜ਼ਿਲਕਾ ਦੀ 11 ਮੈਂਬਰੀ ਕਨਵੀਨਰ ਕਮੇਟੀ ਦੇ ਗਠਨ ਸਬੰਧੀ ਮਤਾ ਸੁਖਦੇਵ ਚੰਦ ਕਬੋਜ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਰੈਲੀ ਵਿੱਚ ਮੌਜੂਦ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਆਗੂਆਂ ਨੇ ਭਵਿੱਖ ਵਿੱਚ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।