ਖੇਤੀ ਨੂੰ ਲਾਹੇਵੰਦ, ਟਿਕਾਊ ਤੇ ਆਧੁਨਿਕ ਬਣਾਈਏ ਲਓ ਅਹਿਦ : ਡਾ. ਹਰਪ੍ਰੀਤ ਕੌਰ
ਖੇਤੀਬਾੜੀ ਸੁਧਾਰ ਅਤੇ ਕਿਸਾਨ ਭਲਾਈ ਨੂੰ ਲੈ ਕੇ ਮੀਟਿੰਗ ਹੋਈ
Publish Date: Sun, 04 Jan 2026 05:21 PM (IST)
Updated Date: Sun, 04 Jan 2026 05:23 PM (IST)

ਬੰਪਲ ਭਠੇਜਾ. ਪੰਜਾਬੀ ਜਾਗਰਣ ਜਲਾਲਾਬਾਦ : ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਾ. ਹਰਪ੍ਰੀਤ ਕੌਰ ਨੇ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਖੇਤੀਬਾੜੀ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਖੇਤੀਬਾੜੀ ਵਿਕਾਸ, ਕਿਸਾਨ ਹਿੱਤਾਂ ਅਤੇ ਆਧੁਨਿਕ ਖੇਤੀ ਨੂੰ ਉਤਸ਼ਾਹਿਤ ਕਰਨਾ ਸੀ। ਮੀਟਿੰਗ ਦੌਰਾਨ ਸਮੂਹ ਸਟਾਫ਼ ਨੂੰ ਸੰਬੋਧਨ ਕਰਦਿਆਂ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਖੇਤੀਬਾੜੀ ਸਿਰਫ਼ ਰੋਜ਼ੀ-ਰੋਟੀ ਦਾ ਸਾਧਨ ਨਹੀਂ ਹੈ, ਸਗੋਂ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਕਿਸਾਨਾਂ ਦੀ ਖੁਸ਼ਹਾਲੀ ਨਾਲ ਹੀ ਸੂਬੇ ਅਤੇ ਦੇਸ਼ ਦਾ ਵਿਕਾਸ ਸੰਭਵ ਹੈ, ਇਸ ਲਈ ਵਿਭਾਗ ਦੀ ਹਰ ਯੋਜਨਾ ਅਤੇ ਕਾਰਜ ਖੇਤੀ ਸੁਧਾਰ ਅਤੇ ਕਿਸਾਨ ਭਲਾਈ ’ਤੇ ਕੇਂਦਰਿਤ ਹੋਣਾ ਚਾਹੀਦਾ ਹੈ। ਡਾ. ਹਰਪ੍ਰੀਤ ਨੇ ਇਹ ਵੀ ਕਿਹਾ ਕਿ ਵਿਭਾਗ ਨੂੰ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਵਿਚਕਾਰ ਇੱਕ ਮਜ਼ਬੂਤ ਪੁਲ ਵਜੋਂ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਖੇਤੀ ਵਿੱਚ ਨਵੀਆਂ ਖੋਜਾਂ ਅਤੇ ਤਕਨੀਕਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚ ਸਕੇ। ਉਨ੍ਹਾਂ ਸਟਾਫ਼ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਫੀਲਡ ਪੱਧਰ ’ਤੇ ਸਰਗਰਮੀ ਵਧਾਈ ਜਾਵੇ। ਮੀਟਿੰਗ ਵਿੱਚ ਹਾਜ਼ਰ ਖੇਤੀਬਾੜੀ ਵਿਸਤਾਰ ਅਫ਼ਸਰਾਂ, ਕਲਰਕ ਸਟਾਫ਼ ਅਤੇ ਫੀਲਡ ਮੁਲਾਜ਼ਮਾਂ ਨੇ ਖੇਤੀ ਸੁਧਾਰਾਂ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੀਟਿੰਗ ਦੇ ਅੰਤ ਵਿੱਚ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਨਵੇਂ ਸਾਲ ਵਿੱਚ ਸਾਡਾ ਸੰਕਲਪ ਹੋਣਾ ਚਾਹੀਦਾ ਹੈ ਕਿ ਅਸੀਂ ਖੇਤੀ ਨੂੰ ਲਾਹੇਵੰਦ, ਟਿਕਾਊ ਅਤੇ ਆਧੁਨਿਕ ਬਣਾਈਏ, ਤਾਂ ਜੋ ਕਿਸਾਨ ਖੁਸ਼ਹਾਲ ਹੋਣ ਅਤੇ ਪੰਜਾਬ ਖੇਤੀਬਾੜੀ ਦੇ ਖੇਤਰ ਵਿੱਚ ਮੁੜ ਮੋਹਰੀ ਬਣ ਸਕੇ। ਸਟਾਫ਼ ਦਿੱਤੇ ਦਿਸ਼ਾ-ਨਿਰਦੇਸ਼ ਸਰਕਾਰੀ ਸਕੀਮਾਂ ਦੀ ਜਾਣਕਾਰੀ ਹਰ ਕਿਸਾਨ ਤੱਕ ਸਰਲ ਭਾਸ਼ਾ ਵਿੱਚ ਪਹੁੰਚਾਈ ਜਾਵੇ। ਫ਼ਸਲੀ ਵਿਭਿੰਨਤਾ, ਕੁਦਰਤੀ ਖੇਤੀ ਅਤੇ ਪਾਣੀ ਦੀ ਬੱਚਤ ਦੀਆਂ ਤਕਨੀਕਾਂ ਨੂੰ ਪਹਿਲ ਦਿੱਤੀ ਜਾਵੇ। ਕਿਸਾਨਾਂ ਨੂੰ ਮਿੱਟੀ ਦੀ ਪਰਖ, ਬੀਜਾਂ ਦੀ ਗੁਣਵੱਤਾ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਕੀਟਨਾਸ਼ਕਾਂ ਦੀ ਸਹੀ ਵਰਤੋਂ ਬਾਰੇ ਤਕਨੀਕੀ ਮਾਰਗਦਰਸ਼ਨ ਦਿੱਤਾ ਜਾਵੇ। ਖੇਤੀ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਸਮਾਂਬੱਧ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇ। ਨੌਜਵਾਨਾਂ ਨੂੰ ਖੇਤੀ ਅਧਾਰਤ ਸਟਾਰਟ-ਅੱਪ, ਡੇਅਰੀ, ਬਾਗਬਾਨੀ ਅਤੇ ਐਗਰੀ-ਬਿਜ਼ਨਸ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਜਾਵੇ।