ਵਪਾਰ ਮੰਡਲ ਵੱਲੋਂ ਡੀਐੱਸਪੀ ਗੁਰਸੇਵਕ ਸਿੰਘ ਬਰਾੜ ਨਾਲ ਮੁਲਾਕਾਤ
ਵਪਾਰ ਮੰਡਲ ਵੱਲੋਂ ਡੀਐਸਪੀ ਗੁਰਸੇਵਕ ਸਿੰਘ ਬਰਾੜ ਨਾਲ ਮੁਲਾਕਾਤ
Publish Date: Fri, 15 May 2026 05:11 PM (IST)
Updated Date: Fri, 15 May 2026 05:12 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਸ਼ਹਿਰ ਵਿੱਚ ਵਧ ਰਹੀਆਂ ਟਰੈਫਿਕ ਸਮੱਸਿਆਵਾਂ, ਬਾਜ਼ਾਰਾਂ ਵਿੱਚ ਅਵਿਵਸਥਾ ਅਤੇ ਚੋਰੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਵਪਾਰ ਮੰਡਲ ਦੇ ਪ੍ਰਧਾਨ ਬੱਬੂ ਡੋਡਾ ਦੀ ਅਗਵਾਈ ਹੇਠ ਵਪਾਰੀ ਆਗੂਆਂ ਦੇ ਇਕ ਵਫਦ ਨੇ ਡੀਐਸਪੀ ਗੁਰਸੇਵਕ ਸਿੰਘ ਬਰਾੜ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਥਾਣਾ ਸਿਟੀ ਮੁਖੀ ਸਚਿਨ ਕੰਬੋਜ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਵਪਾਰੀ ਆਗੂਆਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਲੱਗਦੇ ਟਰੈਫਿਕ ਜਾਮ, ਗਲਤ ਪਾਰਕਿੰਗ ਅਤੇ ਬੇਤਰਤੀਬ ਰੇਹੜੀਆਂ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕਾਰਨ ਆਮ ਲੋਕਾਂ, ਖਰੀਦਦਾਰਾਂ ਅਤੇ ਵਪਾਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਵਾਰ ਐਮਰਜੈਂਸੀ ਵਾਹਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ। ਵਪਾਰ ਮੰਡਲ ਨੇ ਮੰਗ ਕੀਤੀ ਕਿ ਟਰੈਫਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਗਲਤ ਪਾਰਕਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਵਪਾਰੀਆਂ ਨੇ ਸ਼ਹਿਰ ਵਿੱਚ ਵਧ ਰਹੀਆਂ ਚੋਰੀਆਂ ਦੀਆਂ ਘਟਨਾਵਾਂ ’ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਬਾਹਰ ਹੋ ਰਹੀਆਂ ਚੋਰੀਆਂ ਕਾਰਨ ਵਪਾਰੀਆਂ ਵਿੱਚ ਅਸੁਰੱਖਿਆ ਦਾ ਮਾਹੌਲ ਬਣ ਰਿਹਾ ਹੈ। ਵਪਾਰੀ ਆਗੂਆਂ ਨੇ ਬਾਜ਼ਾਰਾਂ ਵਿੱਚ ਰਾਤ ਸਮੇਂ ਗਸ਼ਤ ਵਧਾਉਣ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਮੰਗ ਕੀਤੀ।ਵਪਾਰ ਮੰਡਲ ਨੇ ਇਹ ਵੀ ਫੈਸਲਾ ਲਿਆ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਰਾਤ ਸਮੇਂ ਚੌਕੀਦਾਰ ਰੱਖਣ ਲਈ ਦੁਕਾਨਦਾਰਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ, ਤਾਂ ਜੋ ਸ਼ੱਕੀ ਗਤੀਵਿਧੀਆਂ ’ਤੇ ਨਿਗਰਾਨੀ ਰੱਖੀ ਜਾ ਸਕੇ। ਡੀਐਸਪੀ ਗੁਰਸੇਵਕ ਸਿੰਘ ਬਰਾੜ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟਰੈਫਿਕ ਸਮੱਸਿਆ ਦੇ ਹੱਲ ਲਈ ਜਲਦ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਰੀਆਂ ਰੋਕਣ ਲਈ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇਗੀ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਖ਼ਾਸ ਨਿਗਰਾਨੀ ਰੱਖੀ ਜਾਵੇਗੀ। ਨਾਲ ਹੀ ਵਪਾਰੀਆਂ ਨੂੰ ਆਪਣੀਆਂ ਦੁਕਾਨਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਜਾਣਕਾਰੀ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਗਈ।ਡੀਐਸਪੀ ਨੇ ਕਿਹਾ ਕਿ ਪੁਲਿਸ ਅਤੇ ਵਪਾਰੀਆਂ ਦੇ ਆਪਸੀ ਸਹਿਯੋਗ ਨਾਲ ਹੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਹੋਰ ਮਜ਼ਬੂਤ ਬਣਾਈ ਜਾ ਸਕਦੀ ਹੈ।