ਹਾਦਸੇ ’ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਵਿਧਾਇਕ ਗੋਲਡੀ ਕੰਬੋਜ ਵੱਲੋਂ ਰਾਸ਼ੀ ਭੇ੍ਟ ਹਾਦਸੇ ਵਿੱਚ ਜਾਨ ਗੁਆਉਣ ਵਾਲੇ 5 ਵਿਅਕਤੀਆਂ ਦੇ ਪਰਿਵਾਰਾਂ ਨੂੰ ਵਿਧਾਇਕ ਗੋਲਡੀ ਕੰਬੋਜ ਨੇ ਦਿੱਤੀ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ
Publish Date: Tue, 24 Nov 2026 05:04 PM (IST)
Updated Date: Wed, 25 Nov 2026 04:05 AM (IST)
-ਪਿੰਡ ਟਿਵਾਣਾ ਕਲਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ , ਹਰ ਸੰਭਵ ਮਦਦ ਦਾ ਦਿੱਤਾ ਭਰੋਸਾ ਹੈਪੀ ਕਾਠਪਾਲ. ਪੰਜਾਬੀ ਜਾਗਰਣ, ਜਲਾਲਾਬਾਦ : ਪਿਛਲੇ ਦਿਨੀਂ ਪਿੰਡ ਟਿਵਾਣਾ ਕਲਾਂ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਕੰਬੋਜ ਗੋਲਡੀ ਪਿੰਡ ਟਿਵਾਣਾ ਕਲਾਂ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਹਾਦਸੇ ਵਿੱਚ ਮੌਤ ਦਾ ਸ਼ਿਕਾਰ ਹੋਏ ਪੰਜ ਵਿਅਕਤੀਆਂ ਦੇ ਵੱਖ-ਵੱਖ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਵਿਧਾਇਕ ਜਗਦੀਪ ਸਿੰਘ ਕੰਬੋਜ ਗੋਲਡੀ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੇ ਦੁੱਖ ਵਿੱਚ ਸ਼ਰੀਕ ਹੋਏ ਅਤੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣਾ ਪਰਿਵਾਰਾਂ ਲਈ ਬਹੁਤ ਵੱਡਾ ਦੁੱਖ ਹੈ, ਜਿਸ ਦੀ ਭਰਪਾਈ ਕੋਈ ਵੀ ਵਿੱਤੀ ਸਹਾਇਤਾ ਨਹੀਂ ਕਰ ਸਕਦੀ, ਪਰ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਨਾ ਸਾਡੀ ਜ਼ਿੰਮੇਵਾਰੀ ਹੈ। ਇਸ ਮੌਕੇ ਉਨ੍ਹਾਂ ਪੰਜੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਕੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਯਤਨ ਕੀਤੇ ਜਾਣਗੇ। ਵਿਧਾਇਕ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਯਤਨ ਕੀਤੇ ਜਾਣਗੇ। ਇਸ ਦੌਰਾਨ ਪਿੰਡ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵਿਧਾਇਕ ਵੱਲੋਂ ਦੁੱਖ ਦੀ ਘੜੀ ਵਿੱਚ ਪਹੁੰਚ ਕੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਣ ਅਤੇ ਵਿੱਤੀ ਸਹਾਇਤਾ ਦੇਣ ਲਈ ਧੰਨਵਾਦ ਕੀਤਾ।