‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਗੋਲਡੀ ਨੇ ਮਾਹੂਆਣਾ ਬੋਦਲਾ ਤੇ ਤੰਬੂ ਵਾਲਾ ’ਚ ਵੰਡੇ ਮਾਲਕੀ ਕਾਰਡ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਕੰਬੋਜ ਗੋਲਡੀ ਨੇ ਮਾਹੂਆਣਾ ਬੋਦਲਾ ਅਤੇ ਤੰਬੂ ਵਾਲਾ ਵਿਖੇ ਵੰਡੇ ਮਾਲਕੀ ਕਾਰਡ
Publish Date: Thu, 12 Nov 2026 06:26 PM (IST)
Updated Date: Thu, 12 Nov 2026 06:30 PM (IST)
ਨਵਜੋਤ ਸਿੰਘ, ਪੰਜਾਬੀ ਜਾਗਰਣ, ਮੰਡੀ ਅਰਨੀਵਾਲਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਮਾਲਕਾਨਾ ਹੱਕ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਪਿੰਡ ਮਾਹੂਆਣਾ ਬੋਦਲਾ ਅਤੇ ਤੰਬੂ ਵਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਦੌਰਾਨ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ ਗਏ। ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰ ਰਹਿਣ ਵਾਲੇ ਲੋਕਾਂ ਕੋਲ ਆਪਣੇ ਘਰਾਂ ਦੀ ਮਾਲਕੀ ਦੇ ਪੱਕੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕਾਨਾ ਹੱਕ ਦਿੱਤਾ ਜਾ ਰਿਹਾ ਹੈ। ਮਾਲਕੀ ਕਾਰਡ ਮਿਲਣ ਨਾਲ ਲੋਕ ਆਪਣੇ ਮਕਾਨਾਂ ਸਬੰਧੀ ਬੈਂਕਾਂ ਤੋਂ ਕਰਜ਼ਾ ਲੈਣ ਅਤੇ ਜਾਇਦਾਦ ਦੀ ਖਰੀਦ-ਵੇਚ ਕਰਨ ਵਰਗੇ ਕੰਮ ਆਸਾਨੀ ਨਾਲ ਕਰ ਸਕਣਗੇ। ਇਹ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਵਿਧਾਇਕ ਗੋਲਡੀ ਨੇ ਕਿਹਾ ਕਿ ਹਲਕਾ ਜਲਾਲਾਬਾਦ ਦੇ ਹਰ ਪਿੰਡ ਅਤੇ ਸਰਹੱਦੀ ਖੇਤਰ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਹਰ ਯੋਗ ਅਤੇ ਲੋੜਵੰਦ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਦੌਰਾਨ ਮਾਲਕੀ ਕਾਰਡ ਪ੍ਰਾਪਤ ਕਰਨ ਵਾਲੇ ਪਿੰਡ ਮਾਹੂਆਣਾ ਬੋਦਲਾ ਅਤੇ ਤੰਬੂ ਵਾਲਾ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ ਅਤੇ ਹੁਣ ਉਨ੍ਹਾਂ ਨੂੰ ਆਪਣੇ ਘਰਾਂ ਦਾ ਮਾਲਕਾਨਾ ਹੱਕ ਮਿਲਿਆ ਹੈ। ਇਸ ਮੌਕੇ ਮਾਲ ਵਿਭਾਗ ਦੇ ਅਧਿਕਾਰੀ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।