12 ਪਿੰਡਾਂ ਵਿੱਚ 24.85 ਕਰੋੜ ਰੁਪਏ ਦੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ : ਵਿਧਾਇਕ ਗੋਲਡੀ ਵਿਧਾਇਕ ਜਗਦੀਪ ਕੰਬੋਜ ਗੋਲਡੀ 12 ਪਿੰਡਾਂ ਵਿੱਚ ਕਰੀਬ 24.85 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨਵੇਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਦੇ ਹੋਏ।
Publish Date: Mon, 03 Aug 2026 05:07 PM (IST)
Updated Date: Mon, 03 Aug 2026 05:10 PM (IST)
ਨਵਜੋਤ ਸਿੰਘ.ਪੰਜਾਬੀ ਜਾਗਰਣ ਮੰਡੀ ਅਰਨੀਵਾਲਾ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ 12 ਪਿੰਡਾਂ ਵਿੱਚ 24 ਕਰੋੜ 84 ਲੱਖ 98 ਹਜ਼ਾਰ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਨਵੇਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ। ਵਿਧਾਇਕ ਗੋਲਡੀ ਨੇ ਦੱਸਿਆ ਕਿ ਲੋਕ ਮਿਲਣੀ ਪ੍ਰੋਗਰਾਮ ਤਹਿਤ ਅਲਿਆਣਾ-ਮਾਹੂਆਣਾ ਬੋਦਲਾ ਸੜਕ ’ਤੇ 6.24 ਕਰੋੜ ਰੁਪਏ, ਢਾਣੀ ਕਾਹਨਾ ਰਾਮ ਸੜਕ, ਇਸਲਾਮ ਵਾਲਾ ਮੰਡੀ ਅਤੇ ਮੰਦਰ ਦੇ ਸ਼ੈੱਡਾਂ ’ਤੇ 5 ਲੱਖ ਰੁਪਏ, ਜਦਕਿ ਟਾਹਲੀ ਵਾਲਾ ਜੱਟਾਂ ਬੱਸ ਸਟੈਂਡ ’ਤੇ 3.40 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਬੁਰਜਾ ਵਿੱਚ 2.59 ਕਰੋੜ ਰੁਪਏ ਦੀ ਲਾਗਤ ਨਾਲ ਡਰੇਨ ਅਤੇ 10 ਲੱਖ ਰੁਪਏ ਨਾਲ ਡਿਸਪੈਂਸਰੀ ਦਾ ਉਦਘਾਟਨ ਕੀਤਾ ਗਿਆ। ਕਹਾੜਿਆ ਵਾਲੀ ਵਿੱਚ 1.61 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਵਰਕਸ ਅਤੇ 69.48 ਲੱਖ ਰੁਪਏ ਦੇ ਹੋਰ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸੇ ਤਰ੍ਹਾਂ ਮੰਡੀ ਮੁਰਾਦ ਵਾਲਾ ਦਲ ਸਿੰਘ ਵਿੱਚ 1.07 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਖਾਲਾ, ਰੱਤਾ ਟਿੱਬਾ ਸੜਕ ਅਤੇ ਮੂਲਿਆ ਵਾਲੀ ਤੋਂ ਢਿੱਪਾ ਵਾਲੀ ਤੱਕ 3.20 ਕਰੋੜ ਰੁਪਏ ਦੀ ਲਾਗਤ ਨਾਲ ਨਿਕਾਸੀ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ। ਅਰਨੀਵਾਲਾ, ਝੋਟਿਆ ਵਾਲਾ ਅਤੇ ਪਾਕਾ ਪਿੰਡਾਂ ਵਿੱਚ 1.20 ਕਰੋੜ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ। ਇਸ ਮੌਕੇ ਨਵੀਆਂ ਇੰਟਰਲਾਕ ਗਲੀਆਂ, ਛੱਪੜਾਂ ਦਾ ਨਵੀਨੀਕਰਨ, ਪੀਣ ਵਾਲੇ ਪਾਣੀ ਦੀਆਂ ਪਾਈਪ ਲਾਈਨਾਂ, ਸੀਵਰੇਜ ਪ੍ਰਣਾਲੀ, ਡਰੇਨੇਜ ਪ੍ਰਬੰਧ, ਸਕੂਲਾਂ ਵਿੱਚ ਏ.ਸੀ. ਅਤੇ ਹੋਰ ਬੁਨਿਆਦੀ ਸਹੂਲਤਾਂ ਵੀ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰੱਖਿਆ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਕਾਸ ਨੂੰ ਘਰ-ਘਰ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਜਲਾਲਾਬਾਦ ਦੇ ਹਰ ਪਿੰਡ ਵਿੱਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਪਹਿਲ ਦੇ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਰਹਿਣਗੇ ਅਤੇ ਕਿਸੇ ਵੀ ਪਿੰਡ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਸਮਾਜਿਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।