ਮੰਡੀ ਲਾਧੂਕਾ ’ਚ ਵਿਧਾਇਕ ਨਰਿੰਦਰਪਾਲ ਸਿੰਘ ਨੇ ਰੱਖੇ ਨੀਂਹ ਪੱਥਰ ਮੰਡੀ ਲਾਧੂਕਾ ਵਿੱਚ ਵਿਧਾਇਕ ਨਰਿੰਦਰ ਪਾਲ ਸਿੰਘ ਨੇ ਰੱਖੇ ਨੀਂਹ ਪੱਥਰ
Publish Date: Thu, 01 Oct 2026 04:22 PM (IST)
Updated Date: Fri, 02 Oct 2026 04:02 AM (IST)
ਜ਼ਿਲ੍ਹੇ ਸਿੰਘ. ਪੰਜਾਬੀ ਜਾਗਰਣ, ਮੰਡੀ ਲਾਧੂਕਾ : ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੇਰ ਸ਼ਾਮ ਮੰਡੀ ਲਾਧੂਕਾ ਦਾ ਦੌਰਾ ਕਰਕੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਉਪਰੰਤ ਉਨ੍ਹਾਂ ਸ਼ਹੀਦ ਭਗਤ ਸਿੰਘ ਚੌਕ ਵਿਖੇ ਕਰਵਾਈ ਗਈ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ ਮੰਡੀ ਲਾਧੂਕਾ ਦੇ ਸਰਪੰਚ ਪ੍ਰਿੰਸ ਖੇੜਾ ਸਮੇਤ ਸਮੂਹ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਇਸ ਮੌਕੇ ਸਰਪੰਚ ਪ੍ਰਿੰਸ ਖੇੜਾ ਨੇ ਕਿਹਾ ਕਿ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਯਤਨਾਂ ਸਦਕਾ ਮੰਡੀ ਲਾਧੂਕਾ ਵਿੱਚ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀ ਦੇ ਰਹਿੰਦੇ ਵਿਕਾਸ ਕਾਰਜ ਵੀ ਜਲਦ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਜਨ ਸਭਾ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਤੇ ਸਵਾਲ ਚੁੱਕਦਿਆਂ ਕਿਹਾ ਕਿ ਪਹਿਲਾਂ ਇਲਾਕੇ ਵਿੱਚ ਵਿਕਾਸ ਕਾਰਜਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਸਾਬਕਾ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਸਾਬਕਾ ਭਾਜਪਾ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਉਸ ਸਮੇਂ ਸਿਟੀ ਸਕੈਨ ਅਤੇ ਐਮਆਰਆਈ ਵਰਗੀਆਂ ਸਹੂਲਤਾਂ ਮੁਹੱਈਆ ਨਹੀਂ ਸਨ ਅਤੇ ਡਾਕਟਰਾਂ ਦੀ ਵੀ ਘਾਟ ਰਹੀ। ਵਿਧਾਇਕ ਸਵਨਾ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀਆਂ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਅਜੇ ਅਧੂਰੇ ਹਨ, ਉਨ੍ਹਾਂ ਨੂੰ ਵੀ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਮੰਡੀ ਲਾਧੂਕਾ ਦੇ ਸਰਪੰਚ ਪ੍ਰਿੰਸ ਖੇੜਾ ਵੱਲੋਂ ਮੰਡੀ ਦੀ ਦਿੱਖ ਸੁਧਾਰਨ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਪਾਰਕ ਬਣਾਉਣ, ਸੜਕਾਂ ਪੱਕੀਆਂ ਕਰਨ, ਪਾਣੀ ਦੀ ਨਿਕਾਸੀ ਲਈ ਪਾਈਪਾਂ ਪਾਉਣ ਅਤੇ ਗਲੀਆਂ-ਨਾਲੀਆਂ ਬਣਾਉਣ ਸਮੇਤ ਕਈ ਕੰਮ ਕੀਤੇ ਗਏ ਹਨ। ਵਿਧਾਇਕ ਨੇ ਭਰੋਸਾ ਦਿੱਤਾ ਕਿ ਰਹਿੰਦੇ ਕੰਮ ਵੀ ਜਲਦ ਪੂਰੇ ਕਰਵਾਏ ਜਾਣਗੇ। ਇਸ ਮੌਕੇ ਮੰਡੀ ਲਾਧੂਕਾ ਦੇ ਵੱਖ-ਵੱਖ ਵਾਰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।