ਸੈਦੋ ਕੇ ਉਤਾੜ ਵਿਖੇ ਵਿਧਾਇਕ ਸਵਨਾ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਪਿੰਡ ਸੈਦੋ ਕੇ ਉਤਾੜ ਵਿਖੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਿਆ
Publish Date: Fri, 27 Mar 2026 04:46 PM (IST)
Updated Date: Fri, 27 Mar 2026 04:50 PM (IST)

ਕਪਿਲ ਜਸੂਜਾ .ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਭਲਾਈ ਦੇ ਕੰਮ ਸ਼ਲਾਘਾਯੋਗ ਹਨ। ਪੰਜਾਬ ਸਰਕਾਰ ਵੱਲੋਂ ਨਾ ਸਿਰਫ਼ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਸਗੋਂ ਕਈ ਅਜਿਹੇ ਇਤਿਹਾਸਕ ਫੈਸਲੇ ਵੀ ਲਏ ਗਏ ਹਨ ਜੋ ਪਹਿਲਾਂ ਕਦੇ ਨਹੀਂ ਹੋਏ! ਇਹ ਪ੍ਰਗਟਾਵਾ ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਸੈਦੋ ਕੇ ਉਤਾੜ(ਚਾਂਦ ਮਾਰੀ) ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਸਿਹਤ, ਸਿੱਖਿਆ, ਬਿਜਲੀ, ਰੁਜ਼ਗਾਰ, ਕਿਸਾਨੀ ਸਮੇਤ ਹਰ ਖੇਤਰ ਵਿਚ ਮਿਸਾਲੀ ਕਾਰਜ ਕਰਕੇ ਦਿਖਾਏ ਹਨ। ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਨੁਹਾਰ ਬਦਲ ਕੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਤੋਂ ਲੋਕ ਬਹੁਤ ਖੁਸ਼ ਹਨ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ। ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ।ਇਸ ਦੇ ਨਾਲ ਪੰਜਾਬ ਸਰਕਾਰ ਵੱਲੋਂ ਘਰਾਂ ਲਈ 600 ਯੂਨਿਟ ਤੱਕ ਬਿਜਲੀ ਮੁਫ਼ਤ ਕੀਤੀ ਗਈ ਹੈ, ਜਿਸ ਨਾਲ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ ਤੇ ਖੇਤਾਂ ਵਿੱਚ ਵੀ ਲੋੜ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਤੋਹਫ਼ਾ ਦਿੱਤਾ ਗਿਆ ਹੈ, ਜਿਸਦੇ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪ੍ਰਾਪਤ ਹੋਣਗੇ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣਾ ਵੱਡੀ ਉਪਲਬਧੀ ਹੈ, ਜਿਸ ਨਾਲ ਕਿਸਾਨ ਭਾਈਚਾਰੇ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਸਰਕਾਰ ਨੇ ਜ਼ੋਰਦਾਰ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿੱਚ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਸੇਵਾਵਾਂ ਨਿਭਾਅ ਰਹੀ ਹੈ।