ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸੁਣੀਆਂ ਲੋਕ ਸਮੱਸਿਆਵਾਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ, ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Publish Date: Sat, 31 Oct 2026 04:22 PM (IST)
Updated Date: Sat, 31 Oct 2026 04:23 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਪਿੰਡ ਝੰਗੜ ਭੈਣੀ, ਰੇਤੇ ਵਾਲੀ ਭੈਣੀ ਅਤੇ ਢਾਣੀ ਸੱਦਾ ਸਿੰਘ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਵਿਧਾਇਕ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਲੋਕਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ’ਤੇ ਸੰਤੁਸ਼ਟੀ ਪ੍ਰਗਟਾਈ। ਲੋਕ ਮਿਲਣੀਆਂ ਦੌਰਾਨ ਵਿਧਾਇਕ ਸਵਨਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਨਸ਼ਿਆਂ ਦੇ ਖਾਤਮੇ ਲਈ ਵੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਸੜਕਾਂ ਅਤੇ ਗਲੀਆਂ ਦਾ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਵੇਂ ਖੇਡ ਸਟੇਡੀਅਮ ਅਤੇ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਇਹ ਉਪਰਾਲੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਵਿਧਾਇਕ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ, ਸਗੋਂ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਾਉਂਦੀਆਂ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਪਿੰਡਾਂ ਦੇ ਸਰਪੰਚ, ਸਾਬਕਾ ਸਰਪੰਚ, ਪੰਚ, ਪੰਚਾਇਤੀ ਮੈਂਬਰ ਅਤੇ ਵੱਖ-ਵੱਖ ਅਹੁਦੇਦਾਰ ਹਾਜ਼ਰ ਸਨ।