- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਕਰੋੜ ਦੀ ਲਾਗਤ ਨਾਲ ਬਣੇ ਸਹੂਲਤ ਕੇਂਦਰ ਦੀ ਵਿਧਾਇਕ ਸਵਨਾ ਨੇ ਕੀਤੀ ਸ਼ੁਰੂਆਤ
ਰਮਨ ਕੁਮਾਰ.ਪੰਜਾਬੀ ਜਾਗਰਣ
ਫ਼ਾਜ਼ਿਲਕਾ : ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਸਹੂਲਤ ਕੇਂਦਰ ਦੀ ਸ਼ੁਰੂਆਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਦੀ ਪਤਨੀ ਖੁਸ਼ਬੂ ਸਾਵਨ ਸੁੱਖਾ ਸਵਨਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਵਿਧਾਇਕ ਸਵਨਾ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਤੋਂ ਕਤਰਾਉਂਦੇ ਸਨ, ਪਰ ਹੁਣ ਸਰਕਾਰੀ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਨਵੇਂ ਸਹੂਲਤ ਕੇਂਦਰ ਦੇ ਸ਼ੁਰੂ ਹੋਣ ਨਾਲ ਮਰੀਜ਼ਾਂ ਨੂੰ ਹਸਪਤਾਲ ਵਿੱਚ ਇੱਕੋ ਥਾਂ ’ਤੇ ਲੋੜੀਂਦੀ ਜਾਣਕਾਰੀ, ਦਾਖ਼ਲਾ ਪਰਚੀ ਅਤੇ ਹੋਰ ਸਹੂਲਤਾਂ ਮਿਲ ਸਕਣਗੀਆਂ। ਇਸ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਕਾਊਂਟਰਾਂ ’ਤੇ ਜਾਣ ਕਾਰਨ ਹੋਣ ਵਾਲੀ ਖੱਜਲ-ਖੁਆਰੀ ਤੋਂ ਰਾਹਤ ਮਿਲੇਗੀ। ਵਿਧਾਇਕ ਸਵਨਾ ਨੇ ਕਿਹਾ ਕਿ ਫ਼ਾਜ਼ਿਲਕਾ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਹਸਪਤਾਲ ਵਿੱਚ ਹੋਰ ਨਵੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਅਤੇ ਡਾਕਟਰਾਂ ਦੀ ਭਰਤੀ ਲਈ ਵੀ ਯਤਨ ਕੀਤੇ ਜਾਣਗੇ, ਤਾਂ ਜੋ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਨੂੰ ਪੰਜਾਬ ਦਾ ਬਿਹਤਰ ਵਿਕਾਸ ਕਰਨ ਵਾਲਾ ਹਲਕਾ ਬਣਾਉਣਾ ਉਨ੍ਹਾਂ ਦਾ ਸੁਪਨਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਸਹੂਲਤ ਕੇਂਦਰ ਨਾਲ ਸਰਕਾਰੀ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਐਸ ਐਮ ਓ ਡਾ. ਏਰਿਕ ਐਡੀਸਨ ਮੌਜੂਦ ਸਨ।