ਵਿਧਾਇਕ ਸਵਨਾ ਤੇ ਅਧਿਕਾਰੀਆਂ ਨੇ ਕੀਤਾ ਵੱਖ-ਵੱਖ ਬਾਜ਼ਾਰਾਂ ਦਾ ਦੌਰਾ
ਵਿਧਾਇਕ ਸਵਨਾ ਨੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਖ ਵੱਖ ਬਜ਼ਾਰਾਂ ਦਾ ਦੌਰਾ ਕੀਤਾ
Publish Date: Sat, 11 Apr 2026 04:07 PM (IST)
Updated Date: Sat, 11 Apr 2026 04:08 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਸ਼ਹਿਰ ਅੰਦਰ ਪਾਰਕਿੰਗ ਅਤੇ ਟ੍ਰੈਫਿਕ ਦੀ ਸਮੱਸਿਆ ਦਾ ਢੁੱਕਵਾਂ ਹੱਲ ਲੱਭਣ ਲਈ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮਿਲ ਕੇ ਵੱਖ-ਵੱਖ ਬਜ਼ਾਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੌਕੇ ’ਤੇ ਹੀ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਜਰੂਰੀ ਹਦਾਇਤਾਂ ਦਿੱਤੀਆਂ। ਵਿਧਾਇਕ ਸਵਨਾ ਨੇ ਕਿਹਾ ਕਿ ਲੋਕਾਂ ਨੂੰ ਆ ਰਹੀਆਂ ਪਾਰਕਿੰਗ ਦੀਆਂ ਸਮੱਸਿਆਵਾਂ ਦਾ ਜਲਦੀ ਹੀ ਪੱਕਾ ਹੱਲ ਕੀਤਾ ਜਾਵੇਗਾ ਅਤੇ ਸ਼ਹਿਰ ਵਿੱਚ ਸੁਚੱਜੀ ਪਾਰਕਿੰਗ ਵਿਵਸਥਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਭੀੜ ਵਾਲੇ ਇਲਾਕਿਆਂ ਵਿੱਚ ਵੱਖਰੇ ਪਾਰਕਿੰਗ ਸਥਾਨ ਨਿਰਧਾਰਿਤ ਕਰਨ ਅਤੇ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਰੇਹੜੀਆਂ ਵਾਲਿਆਂ ਨੂੰ ਢੁਕਵੀ ਅਲੱਗ ਥਾਂ ਦਿੱਤੀ ਜਾਵੇਗੀ ਤਾਂ ਜੋ ਟਰੈਫਿਕ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸੜਕਾਂ, ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਕੰਮਾਂ ਤੋਂ ਇਲਾਵਾ ਹੋਰ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤੇ ਜਾਣ ਤੇ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇ।