4.12 ਕਰੋੜਦੀ ਲਾਗਤ ਨਾਲ ਨੂਰਸਮੰਦ-ਨੂਰਸ਼ਾਹ ਸੜਕ ਨੂੰ ਕੀਤਾ ਜਾਵੇਗਾ ਚੌੜਾ : ਵਿਧਾਇਕ ਸਵਨਾ ਵਿਧਾਇਕ ਸਵਨਾ ਨੇ ਨੂਰਸਮੰਦ ਤੋਂ ਨੂਰਸ਼ਾਹ ਲਿੰਕ ਸੜਕ ਨੂੰ ਚੌੜਾ ਕਰਨ ਦਾ ਰੱਖਿਆ ਨੀਂਹ ਪੱਥਰ
Publish Date: Sun, 25 Oct 2026 04:26 PM (IST)
Updated Date: Sun, 25 Oct 2026 04:28 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਨੂਰਸਮੰਦ ਵਿਖੇ ਨੂਰਸਮੰਦ ਤੋਂ ਨੂਰਸ਼ਾਹ ਤੱਕ ਜਾਣ ਵਾਲੀ ਲਿੰਕ ਸੜਕ ਨੂੰ ਚੌੜਾ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ’ਤੇ 4 ਕਰੋੜ 12 ਲੱਖ ਰੁਪਏ ਦੀ ਲਾਗਤ ਆਵੇਗੀ। ਵਿਭਾਗ ਵੱਲੋਂ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਇਕੱਠੇ ਹੋਏ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਹਲਕੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣਾ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਨੂਰਸਮੰਦ ਤੋਂ ਨੂਰਸ਼ਾਹ ਤੱਕ ਸੜਕ ਨੂੰ ਚੌੜਾ ਕਰਨ ਨਾਲ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਵੀ ਪੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਵੱਖ-ਵੱਖ ਖੇਤਰਾਂ ਦੇ ਵਿਕਾਸ ਲਈ ਕੰਮ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨ ਲਈ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਹਾਲਤ ਸੁਧਾਰੀ ਜਾ ਰਹੀ ਹੈ ਅਤੇ ਨਵੀਆਂ ਇਮਾਰਤਾਂ ਬਣਾਉਣ ਦੇ ਨਾਲ-ਨਾਲ ਅਧਿਆਪਕਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ, ਤਾਂ ਜੋ ਬੱਚਿਆਂ ਨੂੰ ਬਿਹਤਰ ਸਿੱਖਿਆ ਮਿਲ ਸਕੇ। ਵਿਧਾਇਕ ਨੇ ਕਿਹਾ ਕਿ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਨ੍ਹਾਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਜੋ ਉਮੀਦਾਂ ਰੱਖੀਆਂ ਹਨ, ਉਨ੍ਹਾਂ ਨੂੰ ਪੂਰਾ ਕਰਨ ਲਈ ਸਰਕਾਰ, ਕੈਬਨਿਟ ਮੈਂਬਰਾਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ।ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।