ਜਲਾਲਾਬਾਦ ’ਚ ਵਧਦੇ ਅਪਰਾਧ ਤੇ ਨਸ਼ੇ 'ਤੇ ਸੰਸਦ ਮੈਂਬਰ ਘੁਬਾਇਆ ਦਾ ਸਖ਼ਤ ਰੁਖ਼: ਸਰਕਾਰ ਨੂੰ ਘੇਰਦਿਆਂ ਚੁੱਕੇ ਗੰਭੀਰ ਸਵਾਲ
ਘੁਬਾਇਆ ਨੇ ਥਾਣਾ ਸਿਟੀ ਜਲਾਲਾਬਾਦ ਵਿੱਚ ਹੋਏ ਗ੍ਰੇਨੇਡ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੁਲਿਸ ਥਾਣੇ ਵਰਗੀ ਥਾਂ ਨੂੰ ਨਿਸ਼ਾਨਾ ਬਣਾਇਆ ਜਾਣਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ, ਪਰ ਜਾਂਚ ਨੂੰ ਅੱਗੇ ਵਧਾਉਂਦਿਆਂ ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਘਟਨਾ ਪਿੱਛੇ ਕਿਹੜੇ ਲੋਕ ਅਤੇ ਕਿਹੜਾ ਨੈੱਟਵਰਕ ਸਰਗਰਮ ਸੀ। ਸਰਹੱਦੀ ਖੇਤਰ ਹੋਣ ਕਾਰਨ ਅਜਿਹੇ ਮਾਮਲਿਆਂ ਵਿੱਚ ਸੁਰੱਖਿਆ ਪ੍ਰਬੰਧ ਅਤੇ ਨਿਗਰਾਨੀ ਹੋਰ ਮਜ਼ਬੂਤ ਕੀਤੀ ਜਾਣੀ ਚਾਹੀਦੀ ਹੈ।
Publish Date: Mon, 21 Sep 2026 04:43 PM (IST)
Updated Date: Mon, 21 Sep 2026 04:59 PM (IST)
ਬੰਪਲ ਭਠੇਜਾ. ਪੰਜਾਬੀ ਜਾਗਰਣ, ਜਲਾਲਾਬਾਦ। ਫਿਰੋਜ਼ਪੁਰ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਜਲਾਲਾਬਾਦ ਵਿੱਚ ਕਾਨੂੰਨ ਵਿਵਸਥਾ ਅਤੇ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਸਾਹਮਣੇ ਆ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੂੰ ਅਪਰਾਧ ਰੋਕਣ ਦੇ ਨਾਲ-ਨਾਲ ਨਸ਼ੇ ਦੀ ਸਪਲਾਈ ਖ਼ਿਲਾਫ਼ ਵੀ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ।
ਘੁਬਾਇਆ ਨੇ ਥਾਣਾ ਸਿਟੀ ਜਲਾਲਾਬਾਦ ਵਿੱਚ ਹੋਏ ਗ੍ਰੇਨੇਡ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੁਲਿਸ ਥਾਣੇ ਵਰਗੀ ਥਾਂ ਨੂੰ ਨਿਸ਼ਾਨਾ ਬਣਾਇਆ ਜਾਣਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ, ਪਰ ਜਾਂਚ ਨੂੰ ਅੱਗੇ ਵਧਾਉਂਦਿਆਂ ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਘਟਨਾ ਪਿੱਛੇ ਕਿਹੜੇ ਲੋਕ ਅਤੇ ਕਿਹੜਾ ਨੈੱਟਵਰਕ ਸਰਗਰਮ ਸੀ। ਸਰਹੱਦੀ ਖੇਤਰ ਹੋਣ ਕਾਰਨ ਅਜਿਹੇ ਮਾਮਲਿਆਂ ਵਿੱਚ ਸੁਰੱਖਿਆ ਪ੍ਰਬੰਧ ਅਤੇ ਨਿਗਰਾਨੀ ਹੋਰ ਮਜ਼ਬੂਤ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜਲਾਲਾਬਾਦ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੁੱਟਾਂ-ਖੋਹਾਂ, ਚੋਰੀਆਂ ਅਤੇ ਡਕੈਤੀਆਂ ਵਰਗੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਹੈ। ਪੁਲਿਸ ਨੂੰ ਇਨ੍ਹਾਂ ਮਾਮਲਿਆਂ ਵਿੱਚ ਸਿਰਫ਼ ਘਟਨਾ ਤੋਂ ਬਾਅਦ ਕਾਰਵਾਈ ਕਰਨ ਦੀ ਬਜਾਏ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਵਧਾ ਕੇ ਅਪਰਾਧ ਰੋਕਣ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਤਾਂ ਹੀ ਮਜ਼ਬੂਤ ਹੋਵੇਗੀ ਜਦੋਂ ਅਪਰਾਧੀਆਂ ਖ਼ਿਲਾਫ਼ ਕਾਰਵਾਈ ਦੇ ਨਾਲ ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਪਹਿਲਾਂ ਤੋਂ ਨਜ਼ਰ ਰੱਖੀ ਜਾਵੇ।
ਸੰਸਦ ਮੈਂਬਰ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਵੀ ਸਰਹੱਦੀ ਖੇਤਰ ਲਈ ਵੱਡੀ ਚੁਣੌਤੀ ਹੈ। ਨਸ਼ਾ ਵੇਚਣ ਵਾਲਿਆਂ ਅਤੇ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਨਾਲ ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਖੇਤਰ ਵਿੱਚ ਨਸ਼ਾ ਪਹੁੰਚਾਉਣ ਵਾਲੇ ਨੈੱਟਵਰਕ ਪਿੱਛੇ ਕਿਹੜੇ ਲੋਕ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪੁਲਿਸ ਕਾਰਵਾਈ ਤੋਂ ਇਲਾਵਾ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਦੇ ਮੌਕਿਆਂ ਵੱਲ ਵੀ ਧਿਆਨ ਦੇਣਾ ਹੋਵੇਗਾ। ਘੁਬਾਇਆ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲੇ।
ਉਨ੍ਹਾਂ ਕਿਹਾ ਕਿ ਵਪਾਰੀ ਬਿਨਾਂ ਡਰ ਤੋਂ ਆਪਣਾ ਕਾਰੋਬਾਰ ਕਰ ਸਕਣ, ਪਰਿਵਾਰ ਰਾਤ ਸਮੇਂ ਵੀ ਖੁਦ ਨੂੰ ਸੁਰੱਖਿਅਤ ਮਹਿਸੂਸ ਕਰਨ ਅਤੇ ਬੱਚੇ ਸੁਰੱਖਿਅਤ ਮਾਹੌਲ ਵਿੱਚ ਸਕੂਲ ਜਾ ਸਕਣ, ਇਸ ਲਈ ਕਾਨੂੰਨ ਵਿਵਸਥਾ ਨੂੰ ਤਰਜੀਹ ਦੇਣੀ ਹੋਵੇਗੀ। ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦਾ ਜ਼ਿਕਰ ਕਰਦਿਆਂ ਘੁਬਾਇਆ ਨੇ ਕਿਹਾ ਕਿ ਕਾਂਗਰਸ ਸੂਬੇ ਨਾਲ ਜੁੜੇ ਲੋਕ ਹਿੱਤ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਏਗੀ।
ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ, ਨਸ਼ਾ, ਰੁਜ਼ਗਾਰ ਅਤੇ ਲੋਕਾਂ ਦੀ ਸੁਰੱਖਿਆ ਵਰਗੇ ਮੁੱਦਿਆਂ ਨੂੰ ਲੈ ਕੇ ਪਾਰਟੀ ਸਰਕਾਰ ਤੋਂ ਜਵਾਬ ਮੰਗਦੀ ਰਹੇਗੀ। ਘੁਬਾਇਆ ਨੇ ਕਿਹਾ ਕਿ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਦੇ ਨਾਲ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਜ਼ਮੀਨੀ ਪੱਧਰ ’ਤੇ ਉਠਾਉਣ ਵੱਲ ਧਿਆਨ ਦੇਵੇਗੀ। ਉਨ੍ਹਾਂ ਕਿਹਾ ਕਿ ਜਲਾਲਾਬਾਦ ਸਮੇਤ ਪੂਰੇ ਸਰਹੱਦੀ ਖੇਤਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਤਰਜੀਹ ਹੋਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸੋਨੂੰ ਦਰਗਨ, ਬਲਤੇਜ ਬਰਾੜ ਅਤੇ ਲਾਡੀ ਦਰਗਨ ਵੀ ਮੌਜੂਦ ਸਨ।