ਨਗਰ ਕੌਂਸਲ ਨੇ ਬਿਨਾਂ ਮਨਜ਼ੂਰੀ ਤੇ ਫੀਸ ਦਿੱਤੇ ਲੱਗੇ ਬੋਰਡ ਹਟਾਏ
ਨਗਰ ਕੌਂਸਲ ਵੱਲੋਂ ਨਾਜਾਇਜ਼ ਇਸ਼ਤਿਹਾਰਾਂ ਖ਼ਿਲਾਫ਼ ਵੱਡੀ ਕਾਰਵਾਈ
Publish Date: Tue, 20 Jan 2026 06:41 PM (IST)
Updated Date: Tue, 20 Jan 2026 06:42 PM (IST)

ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਜਲਾਲਾਬਾਦ : ਜਲਾਲਾਬਾਦ ਸ਼ਹਿਰ ਵਿੱਚ ਨਾਜਾਇਜ਼ ਤੌਰ ’ਤੇ ਲੱਗੇ ਇਸ਼ਤਿਹਾਰੀ ਬੋਰਡਾਂ ਖ਼ਿਲਾਫ਼ ਨਗਰ ਕੌਂਸਲ ਵੱਲੋਂ ਮੰਗਲਵਾਰ ਨੂੰ ਸਖ਼ਤ ਕਾਰਵਾਈ ਕੀਤੀ ਗਈ। ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਗਰ ਕੌਂਸਲ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਮੁੱਖ ਮਾਰਗਾਂ ਅਤੇ ਚੌਕਾਂ ’ਤੇ ਨਾਜਾਇਜ਼ ਤੌਰ ’ਤੇ ਲੱਗੇ ਹੋਰਡਿੰਗਜ਼ ਅਤੇ ਇਸ਼ਤਿਹਾਰੀ ਬੋਰਡਾਂ ਨੂੰ ਹਟਾਉਣ ਦੀ ਮੁਹਿੰਮ ਚਲਾਈ। ਇਹ ਕਾਰਵਾਈ ਉਨ੍ਹਾਂ ਇਸ਼ਤਿਹਾਰਦਾਤਾਵਾਂ ਅਤੇ ਦੁਕਾਨਦਾਰਾਂ ਖ਼ਿਲਾਫ਼ ਕੀਤੀ ਗਈ ਹੈ ਜਿਨ੍ਹਾਂ ਨੇ ਨਗਰ ਕੌਂਸਲ ਤੋਂ ਮਨਜ਼ੂਰੀ ਲਏ ਬਿਨਾਂ ਅਤੇ ਨਿਰਧਾਰਤ ਫੀਸ ਅਦਾ ਕੀਤੇ ਬਿਨਾਂ ਜਨਤਕ ਥਾਵਾਂ ’ਤੇ ਆਪਣੇ ਇਸ਼ਤਿਹਾਰ ਲਗਾਏ ਹੋਏ ਸਨ। ਨਗਰ ਕੌਂਸਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਵਿੱਚ ਲੰਬੇ ਸਮੇਂ ਤੋਂ ਨਾਜਾਇਜ਼ ਇਸ਼ਤਿਹਾਰਾਂ ਦੀ ਭਰਮਾਰ ਹੋ ਗਈ ਸੀ, ਜਿਸ ਨਾਲ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਪ੍ਰਭਾਵਿਤ ਹੋ ਰਹੀ ਸੀ ਬਲਕਿ ਨਗਰ ਕੌਂਸਲ ਨੂੰ ਮਾਲੀਏ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਸੀ। ਵਾਰ-ਵਾਰ ਚੇਤਾਵਨੀ ਦੇਣ ਦੇ ਬਾਵਜੂਦ ਕਈ ਇਸ਼ਤਿਹਾਰਦਾਤਾਵਾਂ ਨੇ ਫੀਸ ਜਮ੍ਹਾਂ ਨਹੀਂ ਕਰਵਾਈ ਸੀ, ਜਿਸ ਦੇ ਚੱਲਦਿਆਂ ਟੀਮ ਨੇ ਅੱਜ ਮੌਕੇ ’ਤੇ ਪਹੁੰਚ ਕੇ ਇਨ੍ਹਾਂ ਬੋਰਡਾਂ ਨੂੰ ਉਖਾੜ ਦਿੱਤਾ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜਨਤਕ ਸੰਪਤੀ ’ਤੇ ਇਸ਼ਤਿਹਾਰ ਲਗਾਉਣ ਲਈ ਬਾਕਾਇਦਾ ਇਜਾਜ਼ਤ ਲੈਣੀ ਅਤੇ ਸਰਕਾਰ ਵੱਲੋਂ ਨਿਰਧਾਰਤ ਫੀਸ ਜਮ੍ਹਾਂ ਕਰਵਾਉਣੀ ਲਾਜ਼ਮੀ ਹੈ। ਮੁਹਿੰਮ ਦੌਰਾਨ ਨਗਰ ਕੌਂਸਲ ਦੀ ਟੀਮ ਨੇ ਦਰਜਨਾਂ ਇਸ਼ਤਿਹਾਰੀ ਬੋਰਡ ਅਤੇ ਲੋਹੇ ਦੇ ਫਰੇਮ ਜ਼ਬਤ ਕੀਤੇ ਹਨ। ਪ੍ਰਸ਼ਾਸਨ ਨੇ ਦੁਕਾਨਦਾਰਾਂ ਅਤੇ ਇਸ਼ਤਿਹਾਰੀ ਕੰਪਨੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਭਵਿੱਖ ਵਿੱਚ ਬਿਨਾਂ ਮਨਜ਼ੂਰੀ ਦੇ ਦੁਬਾਰਾ ਇਸ਼ਤਿਹਾਰ ਲਗਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਭਾਰੀ ਜੁਰਮਾਨਾ ਵੀ ਵਸੂਲਿਆ ਜਾਵੇਗਾ। ਨਗਰ ਕੌਂਸਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਿਵਸਥਿਤ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।