ਗਊਆਂ ਦੀ ਸਾਂਭ-ਸੰਭਾਲ ’ਚ ਲਾਪਰਵਾਹੀ ਬਰਦਾਸ਼ਤ ਨਹੀਂ : ਕੀਮਤੀ ਭਗਤ ਗਊਸ਼ਾਲਾ ਵਿੱਚ ਗਊਆਂ ਦੀ ਸਾਂਭ-ਸੰਭਾਲ ’ਚ ਲਾਪਰਵਾਹੀ ਬਰਦਾਸ਼ਤ ਨਹੀਂ: ਕੀਮਤੀ ਭਗਤ
Publish Date: Thu, 22 Oct 2026 05:28 PM (IST)
Updated Date: Fri, 23 Oct 2026 04:01 AM (IST)
-ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਨੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਤੇ ਗਊਸ਼ਾਲਾ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ -ਗਊਆਂ ਲਈ ਦਵਾਈਆਂ, ਚਾਰਾ ਤੇ ਤੂੜੀ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼; ਗਊਸ਼ਾਲਾਵਾਂ ਨੂੰ ਕਮਿਸ਼ਨ ਨਾਲ ਰਜਿਸਟਰਡ ਕਰਵਾਉਣ ਦੀ ਅਪੀਲ ਨਰੇਸ਼ ਕੁਮਾਰ ਕਾਮਰਾ. ਪੰਜਾਬੀ ਜਾਗਰਣ,, ਫਾਜ਼ਿਲਕਾ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਵੀਰਵਾਰ ਨੂੰ ਫਾਜ਼ਿਲਕਾ ਦਾ ਦੌਰਾ ਕਰਦਿਆਂ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਗਊਸ਼ਾਲਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਰਕਾਰੀ ਗਊਸ਼ਾਲਾ ਵਿੱਚ ਗਊਆਂ ਦੀ ਸਾਂਭ-ਸੰਭਾਲ, ਰੱਖ-ਰਖਾਅ, ਇਲਾਜ, ਦਵਾਈਆਂ, ਚਾਰਾ ਅਤੇ ਤੂੜੀ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕਿਹਾ ਕਿ ਭਵਿੱਖ ਵਿੱਚ ਗਊਆਂ ਦੀ ਸਾਂਭ-ਸੰਭਾਲ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪਿਛਲੇ ਸਮੇਂ ਵਿੱਚ ਗਊਸ਼ਾਲਾ ਵਿੱਚ ਹੋਈਆਂ ਗਊਆਂ ਦੀਆਂ ਮੌਤਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਕੀਮਤੀ ਭਗਤ ਨੇ ਸਬੰਧਤ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੇਸਹਾਰਾ ਗਊਧਨ ਦੀ ਸੇਵਾ-ਸੰਭਾਲ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਰਕਾਰੀ ਗਊਸ਼ਾਲਾਵਾਂ ਵਿੱਚ ਗਊਆਂ ਨੂੰ ਸਮੇਂ ਸਿਰ ਲੋੜੀਂਦਾ ਇਲਾਜ, ਦਵਾਈਆਂ ਅਤੇ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਈ ਜਾਵੇ, ਤਾਂ ਜੋ ਉਨ੍ਹਾਂ ਦੀ ਸਿਹਤ ਦਾ ਢੁੱਕਵਾਂ ਧਿਆਨ ਰੱਖਿਆ ਜਾ ਸਕੇ ਅਤੇ ਭਵਿੱਖ ਵਿੱਚ ਕਿਸੇ ਵੀ ਗਊ ਦੀ ਮੌਤ ਨੂੰ ਰੋਕਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਸਹਾਰਾ ਗਊਧਨ ਦੀ ਸੇਵਾ-ਸੰਭਾਲ ਲਈ ਵਚਨਬੱਧ ਹੈ। ਇਸ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਗਊਸ਼ਾਲਾਵਾਂ ਵਿੱਚ ਲੋੜੀਂਦੀਆਂ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਉਣ। ਇਸ ਮੌਕੇ ਵੱਖ-ਵੱਖ ਗਊਸ਼ਾਲਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੇ ਵੀ ਬੇਸਹਾਰਾ ਗਊਧਨ ਦੀ ਹੋਰ ਬਿਹਤਰ ਢੰਗ ਨਾਲ ਸਾਂਭ-ਸੰਭਾਲ ਕਰਨ ਲਈ ਆਪਣੇ ਸੁਝਾਅ ਪੇਸ਼ ਕੀਤੇ। ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਇੱਕ ਗਊਸ਼ਾਲਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗਊਸ਼ਾਲਾਵਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲਈ ਗਊਸ਼ਾਲਾ ਪ੍ਰਬੰਧਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ। ਉਪ ਚੇਅਰਮੈਨ ਨੇ ਵੱਖ-ਵੱਖ ਗਊਸ਼ਾਲਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਗਊਸ਼ਾਲਾਵਾਂ ਨੂੰ ਜਲਦ ਤੋਂ ਜਲਦ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰਡ ਕਰਵਾਉਣ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਵਾਉਣ ਨਾਲ ਗਊਸ਼ਾਲਾਵਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਹੂਲਤਾਂ ਅਤੇ ਯੋਜਨਾਵਾਂ ਦਾ ਲਾਭ ਲੈਣ ਵਿੱਚ ਮਦਦ ਮਿਲੇਗੀ। ਉਨ੍ਹਾਂ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ, ਤਾਂ ਜੋ ਗਊਧਨ ਦੀ ਸਾਂਭ-ਸੰਭਾਲ ਲਈ ਉਪਲਬਧ ਸਰਕਾਰੀ ਸਹੂਲਤਾਂ ਦਾ ਲਾਭ ਲਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਮਨਜੋਤ ਖੇੜਾ, ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਖ-ਵੱਖ ਗਊਸ਼ਾਲਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰ ਮੌਜੂਦ ਸਨ। ਕੀਮਤੀ ਭਗਤ ਨੇ ਗਊਸ਼ਾਲਾ ਪ੍ਰਬੰਧਕਾਂ ਵੱਲੋਂ ਗਊਧਨ ਦੀ ਸੇਵਾ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਇਸ ਕਾਰਜ ਨੂੰ ਹੋਰ ਸੁਚੱਜੇ ਢੰਗ ਨਾਲ ਜਾਰੀ ਰੱਖਣ ਦੀ ਅਪੀਲ ਕੀਤੀ।