- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਬੋਹਰ 'ਚ 50 ਦਿਨਾਂ ਤੋਂ ਲਾਪਤਾ ਨਾਬਾਲਿਗਾ ਦਾ ਨਹੀਂ ਲੱਗਾ ਸੁਰਾਗ

ਭਾਰਤ ਭੂਸ਼ਣ ਸ਼ਰਮਾ, ਪੰਜਾਬੀ ਜਾਗਰਣ
ਅਬੋਹਰ : ਗੋਬਿੰਦ ਨਗਰੀ ਦੀ ਇੱਕ ਨਾਬਾਲਿਗ ਲੜਕੀ ਦੇ 50 ਦੇ ਕਰੀਬ ਦਿਨ ਬੀਤ ਜਾਣ ਦੇ ਬਾਵਜੂਦ ਕੋਈ ਸੁਰਾਗ ਨਾ ਮਿਲਣ ਕਾਰਨ ਪਰਿਵਾਰ ਨੇ ਸਿਟੀ ਥਾਣੇ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਧੀ ਬਰਾਮਦ ਨਹੀਂ ਹੁੰਦੀ, ਉਦੋਂ ਤੱਕ ਉਹ ਧਰਨਾ ਜਾਰੀ ਰੱਖਣਗੇ ਅਤੇ ਘਰ ਵਾਪਸ ਨਹੀਂ ਜਾਣਗੇ। ਪਰਿਵਾਰਕ ਮੈਂਬਰ ਦਿਨ-ਰਾਤ ਥਾਣੇ ਦੇ ਬਾਹਰ ਡਟੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ 50 ਦਿਨਾਂ ਤੋਂ ਪੁਲਿਸ ਸਿਰਫ਼ ਭਰੋਸੇ ਹੀ ਦੇ ਰਹੀ ਹੈ, ਪਰ ਨਾਬਾਲਿਗਾ ਨੂੰ ਬਰਾਮਦ ਕਰਨ ਵਿੱਚ ਨਾਕਾਮ ਰਹੀ ਹੈ। ਹਾਲਾਂਕਿ ਪੁਲਿਸ ਦਾ ਦਾਅਵਾ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ 12 ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਧਰਨੇ ਦੇ ਦੂਜੇ ਦਿਨ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪਰਿਵਾਰ ਨੂੰ ਆਪਣਾ ਸਮਰਥਨ ਦਿੱਤਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਨਾਬਾਲਿਗਾ ਨੂੰ ਜਲਦੀ ਬਰਾਮਦ ਕਰਨ ਦੀ ਮੰਗ ਕੀਤੀ। ਇਸ ਦੌਰਾਨ ਸਮਾਜ ਸੇਵੀ ਅਤੇ ਕਾਰੋਬਾਰੀ ਸ਼ਿਵ ਲਾਲ ਡੋਡਾ ਵੀ ਧਰਨਾ ਸਥਾਨ ’ਤੇ ਪਹੁੰਚੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਭਾਜਪਾ ਆਗੂ ਸ਼ਿਵਰਾਜ ਚੌਧਰੀ ਸਮੇਤ ਕਈ ਕਿਸਾਨ ਆਗੂਆਂ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਪਰਿਵਾਰ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਤੱਕ ਨਾ ਤਾਂ ਸੱਤਾਧਾਰੀ ਧਿਰ ਅਤੇ ਨਾ ਹੀ ਵਿਰੋਧੀ ਧਿਰ ਦਾ ਕੋਈ ਜਨ ਪ੍ਰਤੀਨਿਧੀ ਉਨ੍ਹਾਂ ਦਾ ਦੁੱਖ ਸੁਣਨ ਪਹੁੰਚਿਆ ਹੈ। ਉਨ੍ਹਾਂ ਪੰਜਾਬ ਸਰਕਾਰ, ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਬਾਲ ਸੁਰੱਖਿਆ ਵਿਭਾਗ ਤੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਾਬਾਲਿਗਾ ਦੀ ਤੁਰੰਤ ਬਰਾਮਦਗੀ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ 22 ਮਈ ਨੂੰ ਗੋਬਿੰਦ ਨਗਰੀ ਦੀ ਰਹਿਣ ਵਾਲੀ ਇੱਕ ਨਾਬਾਲਿਗ ਲੜਕੀ ਨੂੰ ਸੀਡ ਫਾਰਮ ਵਾਸੀ ਇੱਕ ਨੌਜਵਾਨ ਕਥਿਤ ਤੌਰ 'ਤੇ ਬਹਲਾ-ਫੁਸਲਾ ਕੇ ਆਪਣੇ ਨਾਲ ਲੈ ਗਿਆ ਸੀ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ, ਪਰ 50 ਦਿਨ ਬਾਅਦ ਵੀ ਲੜਕੀ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਸਿਟੀ ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਨਾਬਾਲਿਗਾ ਦੀ ਭਾਲ ਲਈ ਪੁਲਿਸ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ 12 ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ ਅਤੇ ਪਰਿਵਾਰ ਵੱਲੋਂ ਦੱਸੇ ਗਏ ਹੋਰ ਸੰਭਾਵਿਤ ਥਾਵਾਂ ’ਤੇ ਵੀ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਨਾਬਾਲਿਗਾ ਦੀ ਬਰਾਮਦਗੀ ਲਈ ਹਰ ਸੰਭਵ ਕੋਸ਼ਿਸ਼ ਜਾਰੀ ਹੈ।