3 ਮਹੀਨੇ ਪਹਿਲਾਂ ਬਣੀ ਸੜਕ ਦੀ ਹਾਲਤ ਖਸਤਾ, ਉੱਚ ਪੱਧਰੀ ਜਾਂਚ ਦੀ ਮੰਗ ਸਿਰਫ਼ ਸੜਕ ਹੀ ਨਹੀਂ ਟੁੱਟੀ, ਪੰਜਾਬ ਸਰਕਾਰ ਦੇ ਵਿਕਾਸ ਦੇ ਦਾਅਵੇ ਵੀ ਹੋਏ ਬੇਨਕਾਬ: ਵਿਧਾਇਕ ਸੰਦੀਪ ਜਾਖੜ
Publish Date: Wed, 29 Jul 2026 05:52 PM (IST)
Updated Date: Wed, 29 Jul 2026 05:55 PM (IST)
ਸਟਾਫ ਰਿਪੋਰਟਰ.ਪੰਜਾਬੀ ਜਾਗਰਣ ਫਾਜ਼ਿਲਕਾ : ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਖੂਈਆਂ ਸਰਵਰ ਨੂੰ ਹਾਈਵੇ ਨਾਲ ਜੋੜਨ ਵਾਲੀ ਫਿਰਨੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਸਿਰਫ਼ ਤਿੰਨ ਮਹੀਨੇ ਪਹਿਲਾਂ ਹੀ ਬਣਾਈ ਗਈ ਸੀ, ਪਰ ਅੱਜ ਇਸ ਦੀ ਹਾਲਤ ਦੇਖ ਕੇ ਸਾਫ਼ ਹੋ ਜਾਂਦਾ ਹੈ ਕਿ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਕਿਸ ਤਰ੍ਹਾਂ ਭ੍ਰਿਸ਼ਟਾਚਾਰ ਦੀ ਭੇਟ ਚੜ੍ਹਾਇਆ ਜਾ ਰਿਹਾ ਹੈ। ਸੰਦੀਪ ਜਾਖੜ ਨੇ ਕਿਹਾ ਕਿ ਜਿਸ ਸੜਕ ਨੇ ਸਾਲਾਂ ਤੱਕ ਲੋਕਾਂ ਨੂੰ ਸਹੂਲਤ ਦੇਣੀ ਸੀ, ਉਹ ਕੁਝ ਹੀ ਮਹੀਨਿਆਂ ਵਿੱਚ ਉਖੜ ਕੇ ਸਰਕਾਰ ਦੇ ਵਿਕਾਸ ਦੇ ਦਾਵਿਆਂ ਦੀ ਹਕੀਕਤ ਸਾਹਮਣੇ ਲਿਆ ਰਹੀ ਹੈ। ਉਨ੍ਹਾਂ ਦੱਸਿਆ ਕਿ ਸੜਕ ਤੇ ਕਈ ਥਾਵਾਂ ਤੋਂ ਤਾਰਕੋਲ ਉਖੜ ਚੁੱਕਾ ਹੈ, ਜਿਸ ਤੋਂ ਨਿਰਮਾਣ ਕਾਰਜ ਦੀ ਘਟੀਆ ਗੁਣਵੱਤਾ ਸਪੱਸ਼ਟ ਨਜ਼ਰ ਆਉਂਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੜਕ ’ਤੇ ਡਾਮਰ ਨਾਲੋਂ ਵੱਧ ਭ੍ਰਿਸ਼ਟਾਚਾਰ ਅਤੇ ਕਮਿਸ਼ਨ ਦੀ ਪਰਤ ਵਿਛਾਈ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ-ਵੱਡੇ ਇਸ਼ਤਿਹਾਰਾਂ ਰਾਹੀਂ ਇਮਾਨਦਾਰੀ ਅਤੇ ਵਿਕਾਸ ਦੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਲੋਕਾਂ ਨੂੰ ਗੁਣਵੱਤਾ ਵਾਲੀਆਂ ਸਹੂਲਤਾਂ ਦੇਣ ਦੀ ਬਜਾਏ ਸਰਕਾਰੀ ਧਨ ਦੀ ਖੁੱਲ੍ਹੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ। ਵਿਧਾਇਕ ਜਾਖੜ ਨੇ ਕਿਹਾ ਕਿ ਜੇਕਰ ਕੋਈ ਸੜਕ ਸਿਰਫ਼ ਤਿੰਨ ਮਹੀਨਿਆਂ ਵਿੱਚ ਹੀ ਟੁੱਟ ਜਾਵੇ ਤਾਂ ਇਸ ਤੋਂ ਵੱਡਾ ਨਿਰਮਾਣ ਘੁਟਾਲੇ ਦਾ ਸਬੂਤ ਹੋਰ ਕੀ ਹੋ ਸਕਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਇਹੀ ਉਨ੍ਹਾਂ ਦੇ ਕਥਿਤ ਰੰਗਲਾ ਪੰਜਾਬ ਦੀ ਤਸਵੀਰ ਹੈ? ਕੀ ਲੋਕਾਂ ਦੇ ਪੈਸੇ ਨਾਲ ਇਸ ਤਰ੍ਹਾਂ ਦੇ ਘਟੀਆ ਨਿਰਮਾਣ ਕਰਵਾ ਕੇ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਣਾ ਹੀ ਸਰਕਾਰ ਦੀ ਉਪਲਬਧੀ ਹੈ? ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ਨਿਰਮਾਣ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਨਿਰਮਾਣ ਕਾਰਜ ਨਾਲ ਜੁੜੇ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਜ਼ਿੰਮੇਵਾਰੀ ਤੈਅ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਨਾਲ ਹੀ ਸੜਕ ਦਾ ਮੁੜ ਉੱਚ ਗੁਣਵੱਤਾ ਨਾਲ ਨਿਰਮਾਣ ਕਰਵਾਇਆ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਬਿਹਤਰ ਆਵਾਜਾਈ ਦੀ ਸਹੂਲਤ ਮਿਲ ਸਕੇ। ਸੰਦੀਪ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੇ ਹਰ ਮੁੱਦੇ ਨੂੰ ਪੂਰੀ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।