ਗਣਤੰਤਰ ਦਿਵਸ ਤੇ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਾਜ਼ਿਲਕਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ

ਰਿਤਿਸ਼ ਕੁੱਕੜ. ਪੰਜਾਬੀ ਜਾਗਰਣ
ਫਾਜ਼ਿਲਕਾ : ਫਾਜ਼ਿਲਕਾ ’ਚ ਰਾਜ ਪੱਧਰੀ ਗਣਤੰਤਰ ਦਿਵਸ ਸ਼ਹੀਦ ਭਗਤ ਸਿੰਘ ਬਹੁਮੰਤਵੀਂ ਖੇਡ ਸਟੇਡੀਅਮ ’ਚ ਮਨਾਇਆ ਗਿਆ। ਦੇਸ਼ ਭਗਤੀ ਨਾਲ ਸਮੋਏ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ ਫਾਜ਼ਿਲਕਾ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਸਮੁੱਚੇ ਨਾਗਰਿਕਾਂ, ਖਾਸ ਕਰਕੇ ਸੂਬਾ ਨਿਵਾਸੀਆਂ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਦੇਸ਼ ਨੂੰ ਇੱਕ ਪ੍ਰਭੂਸੱਤਾ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਵਜੋਂ ਸਥਾਪਿਤ ਕੀਤਾ।
ਸ਼ਹੀਦਾਂ ਨੂੰ ਕੀਤਾ ਨਮਨ
ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ, ਰਾਜਪਾਲ ਨੇ ਗੁਰੂਆਂ, ਸੰਤਾਂ ਅਤੇ ਯੋਧਿਆਂ ਦੀ ਧਰਤੀ ਨੂੰ ਨਮਨ ਕੀਤਾ ਅਤੇ ਦੇਸ਼ ਲਈ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਆਜ਼ਾਦੀ ਘੁਲਾਟੀਆਂ-ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਨੇਤਾਜੀ ਸੁਭਾਸ਼ ਚੰਦਰ ਬੋਸ, ਮਹਾਤਮਾ ਗਾਂਧੀ ਅਤੇ ਸਰਦਾਰ ਵੱਲਭਭਾਈ ਪਟੇਲ ਦੇ ਅਣਥੱਕ ਯਤਨਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਡਾ. ਬੀ.ਆਰ. ਅੰਬੇਡਕਰ ਅਤੇ ਸਰਦਾਰ ਪਟੇਲ ਦੇ ਭਾਰਤ ਦੀ ਏਕਤਾ ਅਤੇ ਸੰਵਿਧਾਨ ਵਿੱਚ ਪਾਏ ਯੋਗਦਾਨ ਨੂੰ ਵੀ ਯਾਦ ਕੀਤਾ। ਰਸਮੀ ਸਨਮਾਨ ਲਈ ਫਾਜ਼ਿਲਕਾ ਦੀ ਚੋਣ ਕਰਦਿਆਂ ਰਾਜਪਾਲ ਨੇ ਕਿਹਾ ਕਿ ਉਹ ਬਹੁਤ ਹੀ ਸੁਭਾਗਾ ਅਤੇ ਭਾਵੁਕ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਦੇ ਪਹਿਰੇਦਾਰ ਵਜੋਂ ਫਾਜ਼ਿਲਕਾ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ ਜੋ ਇੱਕ ਅਜਿਹੀ ਧਰਤੀ ਹੈ ਜਿਥੇ ਜਜ਼ਬੇ ਅਤੇ ਦੇਸ਼ ਭਗਤੀ ਦੀਆਂ ਅਣਗਿਣਤ ਕਹਾਣੀਆਂ ਲਿਖੀਆਂ ਗਈਆਂ ਹਨ। ਉਨ੍ਹਾਂ ਨੇ ਅਣਵੰਡੇ ਪੰਜਾਬ ਦੇ ਸਭ ਤੋਂ ਵੱਡੇ ਉੱਨ ਵਪਾਰ ਕੇਂਦਰ ਵਜੋਂ ਇਸ ਦੀ ਪਛਾਣ ਅਤੇ ਕਣਕ, ਝੋਨਾ, ਕਪਾਹ ਕਿੰਨੂ ਅਤੇ ਮਸ਼ਹੂਰ 'ਤੋਸ਼ਾ' ਮਠਿਆਈਆਂ ਵਰਗੇ ਉਤਪਾਦਾਂ ਲਈ ਇਸ ਦੀ ਮੌਜੂਦਾ ਪ੍ਰਸਿੱਧੀ ਦਾ ਜ਼ਿਕਰ ਕੀਤਾ।
ਜਨਤਾ ਦੀ ਭਲਾਈ ਲਈ ਚੁੱਕੇ ਜਾ ਰਹੇ ਅਹਿਮ ਕਦਮ
ਉਨ੍ਹਾਂ ਨੇ ਕਿਹਾ ਕਿ ਫਾਜ਼ਿਲਕਾ ਪੰਜਾਬੀ ਨਾਚ 'ਝੂਮਰ' ਦੇ ਪਿਤਾਮਾ ਬਾਬਾ ਪੋਖਰ ਸਿੰਘ, ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਸ਼ਾਨਦਾਰ ਨਿਸ਼ਾਨੇਬਾਜ਼ ਅਰਜੁਨ ਬਬੂਟਾ ਵਰਗੇ ਦਿੱਗਜਾਂ ਦਾ ਜੱਦੀ ਜ਼ਿਲ੍ਹਾ ਹੈ। ਉਨ੍ਹਾਂ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਸੂਬੇ ਦੇ ਯਤਨਾਂ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਨੇ 'ਜਨਤਕ ਸੇਵਾ ਅਤੇ ਪਾਰਦਰਸ਼ੀ ਪ੍ਰਸ਼ਾਸਨ' ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਕੀਤੀਆਂ ਪਰਿਵਰਤਨਸ਼ੀਲ ਪਹਿਲਕਦਮੀਆਂ 'ਤੇ ਚਾਨਣਾ ਪਾਇਆ, ਜਿਸ ਵਿੱਚ ਪ੍ਰਤੀ ਪਰਿਵਾਰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਨ ਵਾਲੀ 'ਮੁੱਖ ਮੰਤਰੀ ਸਿਹਤ ਯੋਜਨਾ', 881 'ਆਮ ਆਦਮੀ ਕਲੀਨਿਕ' ਅਤੇ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਪੇਸ਼ਕਸ਼ ਸ਼ਾਮਲ ਹੈ। ਉਨ੍ਹਾਂ ਨੇ 'ਸਿੱਖਿਆ ਕ੍ਰਾਂਤੀ' ਰਾਹੀਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ 118 'ਸਕੂਲ ਆਫ਼ ਐਮੀਨੈਂਸ' ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਫਿਨਲੈਂਡ ਅਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਦੇਣਾ ਮਿਆਰੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਕਿ ਕੁੜੀਆਂ ਦੀ ਸਿੱਖਿਆ ਵਿੱਚ ਰੁਕਾਵਟ ਨਾ ਪਵੇ, 230 ਤੋਂ ਵੱਧ ਵਾਹਨ ਸਕੂਲ ਆਫ਼ ਐਮੀਨੈਂਸ ਦੇ ਨਾਲ ਨਾਲ 17 ਸੀਨੀਅਰ ਸੈਕੰਡਰੀ ਸਕੂਲਾਂ (ਲੜਕੀਆਂ) ਨੂੰ ਆਵਾਜਾਈ ਪ੍ਰਦਾਨ ਕਰ ਰਹੇ ਹਨ, ਜਿਸ ਨਾਲ 10,000 ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ। ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ) 2024 ਵਿੱਚ ਕੇਰਲਾ ਨੂੰ ਪਛਾੜ ਕੇ ਸਿਖਰਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਨਤੀਜੇ ਪ੍ਰਾਪਤ ਕੀਤੇ ਹਨ ਜਿਸ ਤਹਿਤ 265 ਨੇ ਜੇਈਈ ਮੇਨਜ਼, 45 ਜੇਈਈ ਐਡਵਾਂਸ ਅਤੇ 847 ਨੇ ਨੀਟ ਪਾਸ ਕੀਤੀ। ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਦੇਸ਼ ਦੀ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹੈ। ਆਪਣੀਆਂ ਸਰਹੱਦਾਂ ਦੀ ਰੱਖਿਆ ਤੋਂ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਮਿਸਾਲੀ ਭੂਮਿਕਾ ਨਿਭਾਉਣ ਤੱਕ, ਰਾਜਪਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਹਿੰਮਤ ਅਤੇ ਤਾਕਤ 'ਤੇ ਜ਼ੋਰ ਦਿੱਤਾ। ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਉਨ੍ਹਾਂ ਨੇ ਡਟ ਕੇ ਮੁਕਾਬਲਾ ਕੀਤਾ। ਸੀਮਤ ਸਰੋਤਾਂ ਦੇ ਬਾਵਜੂਦ, ਇੱਥੋਂ ਦੇ ਲੋਕਾਂ ਨੇ ਪੰਜਾਬ ਦੇ ਉਦੇਸ਼ ਪ੍ਰਤੀ ਆਪਣੀ ਵਚਨਬੱਧਤਾ ਸਾਬਤ ਕੀਤੀ।
ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਬੰਨਿਆ ਰੰਗ
ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਅਨੇਕਾਂ ਪੇਸ਼ਕਾਰੀਆਂ ਦਿੱਤੀਆਂ, ਜਿਨ੍ਹਾਂ ਵਿੱਚ ਮੁੱਖ ਮੰਤਰੀ ਦੀ ਯੋਗਸ਼ਾਲਾ, ਆਧਾਰਸ਼ਿਲਾ ਸਕੂਲ ਅਬੋਹਰ ਵੱਲੋਂ ਸੱਭਿਆਚਾਰਕ ਵਿਭਿੰਨਤਾ, ਸਰਵਹਿਤਕਾਰੀ ਸਕੂਲ ਵੱਲੋਂ ਸਵੱਛ ਭਾਰਤ ਅਭਿਆਨ, ਅਕਾਲ ਅਕਾਦਮੀ ਥੇਹ ਕਲੰਦਰ ਵੱਲੋਂ ਗੱਤਕਾ, ਸਰਕਾਰੀ ਸਕੂਲ (ਲੜਕੀਆਂ) ਵੱਲੋਂ ਪੰਜਾਬੀ ਕੋਰੀਓਗ੍ਰਾਫੀ ਅਤੇ ਸਰਕਾਰੀ ਸਕੂਲ (ਲੜਕੀਆਂ) ਅਤੇ ਜ਼ਿਲ੍ਹਾ ਸਰੋਤ ਕੇਂਦਰ ਵੱਲੋਂ ਸੈਨਤ ਭਾਸ਼ਾ ਵਿੱਚ ਕੌਮੀ ਗੀਤ ਪੇਸ਼ ਕਰਨਾ ਸ਼ਾਮਲ ਹੈ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਹਤ ਵਿਭਾਗ, ਜੰਗਲਾਤ ਵਿਭਾਗ, ਬਾਗਬਾਨੀ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਗਰ ਕੌਂਸਲ ਫਾਜ਼ਿਲਕਾ, ਸਰਕਾਰੀ ਪ੍ਰਾਇਮਰੀ ਸਕੂਲ ਚੰਨਣਵਾਲਾ, ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਤੇ ਪੰਜਾਬ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਨੇ ਆਪਣੀਆਂ ਯੋਜਨਾਵਾਂ ਅਤੇ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਝਾਕੀਆਂ ਪੇਸ਼ ਕੀਤੀਆਂ।ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਸਫਵਾਲਾ ਵਿਖੇ ਜੰਗੀ ਯਾਦਗਾਰ ਦਾ ਦੌਰਾ ਕਰ ਸ਼ਰਧਾਂਜਲੀ ਭੇਟ ਕੀਤੀ।
ਸ਼ਮਾਗਮ ਦੌਰਾਨ ਇਹ ਮਹਿਮਾਨ ਵੀ ਹੋਏ ਸ਼ਾਮਲ
ਇਸ ਮੌਕੇ ਸਾਂਸਦ ਸ਼ੇਰ ਸਿੰਘ ਘੁਬਾਇਆ, ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਵਨਾ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ, ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡੀ.ਜੀ.ਪੀ ਗੌਰਵ ਯਾਦਵ, ਡੀ.ਆਈ.ਜੀ.ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਸਮਾਜ ਸੇਵੀ ਕਰਨ ਗਿਲਹੋਤਰਾ,ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ,ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ, ਐਸ.ਐਸ.ਪੀ ਫਾਜ਼ਿਲਕਾ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਐਸ.ਡੀ.ਐਮ. ਫਾਜ਼ਿਲਕਾ ਵੀਰਪਾਲ ਕੌਰ, ਐਸ.ਡੀ.ਐਮ. ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਐਸ.ਡੀ.ਐਮ. ਅਬੋਹਰ ਕ੍ਰਿਸ਼ਨਾ ਪਾਲ ਰਾਜਪੂਤ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।