ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਦੇ ਹੁਕਮ ਜਾਰੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ’ਤੇ ਫਾਜ਼ਿਲਕਾ ਸ਼ਹਿਰ ’ਚ ਸ਼ਾਮ 6 ਤੋਂ 8 ਵਜੇ ਤੱਕ ਮੀਟ-ਅੰਡੇ ਦੀਆਂ ਦੁਕਾਨਾਂ ਤੇ ਬੁੱਚੜਖਾਨੇ ਰਹਿਣਗੇ ਬੰਦ
Publish Date: Wed, 02 Sep 2026 04:58 PM (IST)
Updated Date: Wed, 02 Sep 2026 05:01 PM (IST)
ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਮੌਕੇ ਫਾਜ਼ਿਲਕਾ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸੋਭਾ ਯਾਤਰਾ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਮਨਦੀਪ ਕੌਰ ਵੱਲੋਂ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ 3 ਸਤੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 8 ਵਜੇ ਤੱਕ ਫਾਜ਼ਿਲਕਾ ਸ਼ਹਿਰ ਦੀਆਂ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਬੁੱਚੜਖਾਨੇ ਪੂਰੀ ਤਰ੍ਹਾਂ ਬੰਦ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163, ਜੋ ਪੁਰਾਣੀ ਸੀ.ਆਰ.ਪੀ.ਸੀ. ਦੀ ਧਾਰਾ 144 ਦੇ ਸਮਾਨ ਹੈ, ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ ਫਾਜ਼ਿਲਕਾ ਸ਼ਹਿਰ ਵਿੱਚ ਸੋਭਾ ਯਾਤਰਾ ਕੱਢੀ ਜਾਣੀ ਹੈ। ਇਸ ਪਵਿੱਤਰ ਦਿਹਾੜੇ ’ਤੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਜਾਨਵਰਾਂ ਦੀ ਹੱਤਿਆ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ। ਅਜਿਹੇ ਮੌਕੇ ’ਤੇ ਜੀਵ ਹੱਤਿਆ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਇਹ ਪਾਬੰਦੀ ਲਗਾਈ ਗਈ ਹੈ। ਹੁਕਮਾਂ ਅਨੁਸਾਰ ਨਿਰਧਾਰਤ ਸਮੇਂ ਦੌਰਾਨ ਹੋਟਲਾਂ ਅਤੇ ਢਾਬਿਆਂ ’ਤੇ ਵੀ ਮੀਟ/ਅੰਡੇ ਬਣਾਉਣ ਅਤੇ ਵੇਚਣ ’ਤੇ ਪੂਰਨ ਪਾਬੰਦੀ ਰਹੇਗੀ। ਪ੍ਰਸ਼ਾਸਨ ਵੱਲੋਂ ਸਬੰਧਤ ਦੁਕਾਨਦਾਰਾਂ, ਰੇਹੜੀ ਚਾਲਕਾਂ, ਹੋਟਲ ਅਤੇ ਢਾਬਾ ਸੰਚਾਲਕਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।