ਵਿਸਾਖੀ ਮੌਕੇ ਵਿਧਾਇਕ ਗੋਲਡੀ ਨੇ ਸਮਾਧ ’ਤੇ ਟੇਕਿਆ ਮੱਥਾ
ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਮਾਧ ਤੇ ਮੱਥਾ ਟੇਕਿਆ
Publish Date: Tue, 14 Apr 2026 04:21 PM (IST)
Updated Date: Wed, 15 Apr 2026 04:01 AM (IST)

ਬੰਪਲ ਭਠੇਜਾ. ਪੰਜਾਬੀ ਜਾਗਰਣ, ਜਲਾਲਾਬਾਦ : ਵਿਸਾਖੀ ਦੇ ਪਵਿੱਤਰ ਦਿਹਾੜੇ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਅੱਜ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਇਲਾਕੇ ਦੇ ਪ੍ਰਸਿੱਧ ਡੇਰਾ ਬਾਬਾ ਸਰੂਪ ਦਾਸ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ ਗਈ। ਇਸ ਮੌਕੇ ਉਨ੍ਹਾਂ ਨੇ ਡੇਰੇ ਦੇ ਵਿਕਾਸ ਲਈ ਵੱਡੇ ਕਾਰਜਾਂ ਦੀ ਸ਼ੁਰੂਆਤ ਵੀ ਕੀਤੀ। ਵਿਸਾਖੀ ਮੌਕੇ ਸਮਾਧ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ ਜਿਸ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਵਿਧਾਇਕ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੁਰੂ ਜੀ ਦਾ ਆਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਵੱਲੋਂ ਡੇਰੇ ਨੂੰ ਜਾਣ ਵਾਲੀ ਸੜਕ ਨੂੰ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਾਡੀ ਕਿਸਾਨੀ ਅਤੇ ਸਿੱਖ ਇਤਿਹਾਸ ਨਾਲ ਗਹਿਰਾ ਸਬੰਧ ਰੱਖਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਧਾਰਮਿਕ ਅਸਥਾਨਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਰਾਜਾ ਮਹੰਤ ਵੱਲੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਦਰਗਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੇਲਾ ਪ੍ਰਬੰਧਕਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ ਜਿਨ੍ਹਾਂ ਨੇ ਵਿਧਾਇਕ ਵੱਲੋਂ ਕੀਤੇ ਗਏ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕੀਤੀ।