- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ :
ਹੈਪੀ ਕਾਠਪਾਲ.ਪੰਜਾਬੀ ਜਾਗਰਣ
ਜਲਾਲਾਬਾਦ : ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਨਮਾਨ, ਸੰਪਰਕ, ਸਹੂਲਤ ਅਤੇ ਸਿਹਤ ਵੈਟਰਨ ਸਹਾਇਤਾ ਕੇਂਦਰ ਫਿਰੋਜ਼ਪੁਰ ਵੱਲੋਂ ਸਥਾਨਕ ਪੈਨਸ਼ਨਰ ਭਵਨ ਵਿੱਚ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਵਿੱਚ ਸਰਹੱਦੀ ਖੇਤਰ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਹਿੱਸਾ ਲਿਆ ਅਤੇ ਪੈਨਸ਼ਨ, ਕੈਂਟੀਨ, ਮੈਡੀਕਲ ਸਹੂਲਤਾਂ, ਦਸਤਾਵੇਜ਼ਾਂ ਅਤੇ ਹੋਰ ਪ੍ਰਸ਼ਾਸਨਿਕ ਮਾਮਲਿਆਂ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਅਧਿਕਾਰੀਆਂ ਸਾਹਮਣੇ ਰੱਖੀਆਂ।
ਕੈਂਪ ਦੌਰਾਨ ਕੈਪਟਨ ਗੁਰਚਰਨ ਸਿੰਘ (ਸ਼ੌਰਿਆ ਚੱਕਰ) ਅਤੇ ਫਿਰੋਜ਼ਪੁਰ ਸਥਿਤ ਇਨਫੈਂਟਰੀ ਬ੍ਰਿਗੇਡ ਦੀ 10ਵੀਂ ਜੰਮੂ ਐਂਡ ਕਸ਼ਮੀਰ ਲਾਈਟ ਇਨਫੈਂਟਰੀ ਰੈਜੀਮੈਂਟ ਤੋਂ ਕਰਨਲ ਕੁਮਾਰ ਰਿਸ਼ਭ ਦੀ ਅਗਵਾਈ ਹੇਠ ਪੁੱਜੀ ਆਰਮੀ ਦੀ ਟੀਮ ਨੇ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ। ਟੀਮ ਵੱਲੋਂ ਕਈ ਮਾਮਲਿਆਂ ਦਾ ਮੌਕੇ ''ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਬਾਕੀ ਮਾਮਲਿਆਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਆਰਮੀ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਸਾਬਕਾ ਸੈਨਿਕਾਂ ਅਤੇ ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਰਹਿਣਗੇ।
ਕੈਂਪ ਦੇ ਪ੍ਰਬੰਧਕ ਕੈਪਟਨ ਗੁਰਚਰਨ ਸਿੰਘ (ਸ਼ੌਰਿਆ ਚੱਕਰ) ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਰਹਿੰਦੇ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਨੂੰ ਕਈ ਲੋੜੀਂਦੀਆਂ ਸਹੂਲਤਾਂ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸਮੇਂ ਅਤੇ ਧਨ ਦੀ ਖੱਜਲ-ਖੁਆਰੀ ਝੱਲਣੀ ਪੈਂਦੀ ਹੈ। ਉਨ੍ਹਾਂ ਨੇ ਫਿਰੋਜ਼ਪੁਰ ਦੀ ਉੱਚ ਕਮਾਂਡ ਕੋਲ ਮੰਗ ਰੱਖੀ ਕਿ ਜਲਾਲਾਬਾਦ ਵਿੱਚ ਸਾਬਕਾ ਸੈਨਿਕਾਂ ਲਈ ਇੱਕ ਵਿਸ਼ੇਸ਼ ਕੈਂਟੀਨ ਸਥਾਪਿਤ ਕੀਤੀ ਜਾਵੇ, ਜਿੱਥੇ ਕਰਿਆਨਾ, ਕੈਂਟੀਨ ਸਟੋਰ, ਮੈਡੀਕਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਇੱਕੋ ਥਾਂ ਉਪਲਬਧ ਹੋਣ। ਉਨ੍ਹਾਂ ਕਿਹਾ ਕਿ ਇਸ ਨਾਲ ਜਲਾਲਾਬਾਦ ਅਤੇ ਆਸ-ਪਾਸ ਦੇ ਸਰਹੱਦੀ ਇਲਾਕਿਆਂ ਦੇ ਸੈਂਕੜੇ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਨੂੰ ਸਿੱਧਾ ਲਾਭ ਮਿਲੇਗਾ।
ਇਸ ਮੌਕੇ ਸਾਬਕਾ ਸੈਨਿਕਾਂ ਦੇ ਪੰਜਾਬ ਜਨਰਲ ਸਕੱਤਰ ਭਗਤ ਸਿੰਘ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹੂਲਤ ਅਤੇ ਸਨਮਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਸ਼ੇਸ਼ ਕੈਂਪ ਸਾਬਕਾ ਸੈਨਿਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੇ ਹਨ ਅਤੇ ਇਨ੍ਹਾਂ ਦਾ ਆਯੋਜਨ ਨਿਯਮਤ ਤੌਰ ''ਤੇ ਕੀਤਾ ਜਾਣਾ ਚਾਹੀਦਾ ਹੈ।
ਕੈਂਪ ਦੌਰਾਨ ਕੈਪਟਨ ਅਮ੍ਰਿਤ ਲਾਲ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ। ਹਾਜ਼ਰ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਨਾਲ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਫੌਜੀ ਅਧਿਕਾਰੀਆਂ ਅੱਗੇ ਰੱਖਣ ਦਾ ਮੌਕਾ ਮਿਲਦਾ ਹੈ ਅਤੇ ਉਨ੍ਹਾਂ ਦਾ ਹੱਲ ਵੀ ਤੇਜ਼ੀ ਨਾਲ ਹੁੰਦਾ ਹੈ। ਉਨ੍ਹਾਂ ਜਲਾਲਾਬਾਦ ਵਿੱਚ ਵਿਸ਼ੇਸ਼ ਕੈਂਟੀਨ ਖੋਲ੍ਹਣ ਦੀ ਮੰਗ ਨੂੰ ਜਲਦੀ ਪ੍ਰਵਾਨਗੀ ਦੇਣ ਦੀ ਅਪੀਲ ਵੀ ਕੀਤੀ।