- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਸੋ ਅਪ੍ਰੇਸ਼ਨ ਦੌਰਾਨ ਇੱਕ ਹਫ਼ਤੇ ਵਿੱਚ 500 ਤੋਂ ਵੱਧ ਘਰਾਂ ਦੀ ਤਲਾਸ਼ੀ

ਸ਼ਿਵਮ ਸੇਤੀਆ.ਪੰਜਾਬੀ ਜਾਗਰਣ
ਅਬੋਹਰ : ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਅਭਿਆਨ ਤਹਿਤ ਜ਼ਿਲ੍ਹਾ ਫਾਜ਼ਿਲਕਾ ਪੁਲਿਸ ਵੱਲੋਂ ਵਿਸ਼ੇਸ਼ ਕੋਰਡਨ ਐਂਡ ਸਰਚ ਆਪ੍ਰੇਸ਼ਨ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਐੱਸਐੱਸਪੀ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿਛਲੇ ਇੱਕ ਹਫ਼ਤੇ ਦੌਰਾਨ ਜ਼ਿਲ੍ਹੇ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਆਪਕ ਸਰਚ ਆਪ੍ਰੇਸ਼ਨ ਅਤੇ ਛਾਪੇਮਾਰੀ ਕੀਤੀ ਗਈ। ਅਬੋਹਰ ਦੇ ਕੱਚਾ ਸੀਡ ਫਾਰਮ ਅਤੇ ਪੱਕਾ ਸੀਡ ਫਾਰਮ ਖੇਤਰ ਵਿੱਚ ਪੁਲਿਸ ਨੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ। ਇਸ ਦੌਰਾਨ 120 ਗ੍ਰਾਮ ਹੈਰੋਇਨ ਚਿੱਟਾ ਅਤੇ 180 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਮੌਕੇ ਤੋਂ ਚਾਰ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਹੁਣ ਇਸ ਮਾਮਲੇ ਨਾਲ ਜੁੜੀ ਸਪਲਾਈ ਚੇਨ ਅਤੇ ਹੋਰ ਸੰਭਾਵਿਤ ਮੁਲਜ਼ਮਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪਿਛਲੇ ਇੱਕ ਹਫ਼ਤੇ ਦੌਰਾਨ 500 ਤੋਂ ਵੱਧ ਘਰਾਂ ਦੀ ਤਲਾਸ਼ੀ ਲਈ ਗਈ, ਇੱਕ ਦਰਜਨ ਤੋਂ ਵੱਧ ਕੇਸ ਦਰਜ ਕੀਤੇ ਗਏ ਅਤੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ। ਇਸ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਅਤੇ ਸ਼ੱਕੀ ਇਲਾਕਿਆਂ ਵਿੱਚ ਲਗਾਤਾਰ ਦਬਿਸ਼ਾਂ ਦਿੱਤੀਆਂ ਜਾ ਰਹੀਆਂ ਹਨ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਖੁਦ ਮੌਕੇ 'ਤੇ ਪਹੁੰਚ ਕੇ ਕਾਰਵਾਈ ਦੀ ਨਿਗਰਾਨੀ ਕੀਤੀ। ਇਸ ਦੌਰਾਨ ਪੁਲਿਸ ਟੀਮਾਂ ਨੇ ਪੈਦਲ ਗਸ਼ਤ ਕੀਤੀ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਅਤੇ ਘਰ-ਘਰ ਤਲਾਸ਼ੀ ਮੁਹਿੰਮ ਚਲਾਈ।ਐੱਸਐੱਸਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਨਸ਼ੇ ਦਾ ਕਾਰੋਬਾਰ ਸਮਾਜ ਅਤੇ ਨੌਜਵਾਨਾਂ ਦੇ ਭਵਿੱਖ ਲਈ ਸਭ ਤੋਂ ਵੱਡਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਇਹ ਮੁਹਿੰਮ ਅੱਗੇ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਵੇਚਣ ਵਾਲਿਆਂ ਜਾਂ ਸ਼ੱਕੀ ਗਤੀਵਿਧੀਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।ਪੁਲਿਸ ਦਾ ਕਹਿਣਾ ਹੈ ਕਿ ਇਸ ਅਭਿਆਨ ਦਾ ਮਕਸਦ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਹੀਂ, ਸਗੋਂ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਤੋੜਨਾ, ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।