ਮਾਪੇ 14 ਤੋਂ 15 ਸਾਲ ਤੱਕ ਦੀਆਂ ਬੱਚੀਆਂ ਦੇ ਕਰਵਾਉਣ ਐੱਚਪੀਵੀ ਵੈਕਸੀਨ : ਐੱਸਐੱਮਓ ਡਾ. ਗਾਂਧੀ
ਮਾਪੇ ਆਪਣੀਆਂ 14 ਤੋਂ 15 ਸਾਲ ਤੱਕ ਦੀਆਂ ਬੱਚੀਆਂ ਨੂੰ ਜਰੂਰ ਲਗਵਾਉਣ ਐਚਪੀਵੀ ਵੈਕਸੀਨ : ਐਸਐਮਓ ਡਾ. ਗਾਂਧੀ
Publish Date: Sun, 29 Mar 2026 05:15 PM (IST)
Updated Date: Sun, 29 Mar 2026 05:17 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਸਿਹਤ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਆਯੋਜਿਤ ਮੈਗਾ ਪੀਟੀਐਮ ਦੌਰਾਨ ਐਚਪੀਵੀ ਵੈਕਸੀਨ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਐਚਪੀਵੀ ਵਾਇਰਸ ਨਾਲ ਸੰਬੰਧਿਤ ਬਿਮਾਰੀਆਂ ਖਾਸ ਕਰਕੇ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਟੀਕਾਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਮੈਗਾ ਪੀਟੀਐਮ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਬਲਾਕ ਜੰਡਵਾਲਾ ਭੀਮੇਸ਼ਾਹ ਦੇ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਤੇ 14 ਤੋਂ 15 ਸਾਲ ਤੱਕ ਦੀਆਂ ਬੱਚੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਐਚਪੀਵੀ ਵਾਇਰਸ ਇੱਕ ਆਮ ਸੰਕਰਮਣ ਹੈ ਜੋ ਭਵਿੱਖ ਵਿੱਚ ਸਰਵਾਈਕਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਇਸ ਤੋਂ ਬਚਾਅ ਲਈ ਐਚਪੀਵੀ ਵੈਕਸੀਨ ਸਭ ਤੋਂ ਪ੍ਰਭਾਵਸ਼ਾਲੀ ਢੰਗ ਹੈ। ਡਾਕਟਰਾਂ ਨੇ ਮਾਪਿਆਂ ਨੂੰ ਸਮਝਾਇਆ ਕਿ ਇਹ ਵੈਕਸੀਨ ਖਾਸ ਤੌਰ ‘ਤੇ ਕਿਸ਼ੋਰੀਆਂ ਲਈ ਬਹੁਤ ਹੀ ਲਾਭਦਾਇਕ ਹੈ ਅਤੇ ਨਿਰਧਾਰਿਤ ਉਮਰ ਵਿੱਚ ਲਗਵਾਉਣ ਨਾਲ ਇਹ ਬਿਮਾਰੀ ਤੋਂ ਲੰਬੇ ਸਮੇਂ ਤੱਕ ਸੁਰੱਖਿਆ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਹੈ। ਕਿਸੇ ਵੀ ਕਿਸਮ ਦੀ ਅਫਵਾਹ ਜਾਂ ਗਲਤ ਜਾਣਕਾਰੀ ਤੋਂ ਬਚਣ ਦੀ ਅਪੀਲ ਵੀ ਕੀਤੀ ਗਈ। ਬਲਾਕ ਮਾਸ ਮੀਡੀਆ ਅਫਸਰ ਹਰਮੀਤ ਸਿੰਘ ਤੇ ਐਸਆਈ ਸੁਮਨ ਕੁਮਾਰ ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ ਸਕੂਲਾਂ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸਕੂਲਾਂ ਰਾਹੀਂ ਜਾਗਰੂਕਤਾ ਫੈਲਾਉਣਾ ਸਭ ਤੋਂ ਪ੍ਰਭਾਵਸ਼ਾਲੀ ਢੰਗ ਹੈ, ਕਿਉਂਕਿ ਇਸ ਨਾਲ ਮਾਪਿਆਂ ਤੱਕ ਸਿੱਧੀ ਪਹੁੰਚ ਬਣਦੀ ਹੈ। ਉਨ੍ਹਾਂ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੀ ਜਾਗਰੂਕ ਕਰਨ ਕਿ ਉਹ ਆਪਣੇ ਬੱਚਿਆਂ ਦੀ ਚੰਗੀ ਸਿਹਤ ਲਈ ਟੀਕਾਕਰਨ ਨੂੰ ਤਰਜੀਹ ਦੇਣ ਅਤੇ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ। ਇਸਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੂੰ ਵੀ ਕਿਹਾ ਗਿਆ ਕਿ ਉਹ ਸਿਹਤ ਟੀਮਾਂ ਨਾਲ ਮਿਲ ਕੇ ਟੀਕਾਕਰਨ ਕੈਂਪਾਂ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ। ਇਹ ਜਾਗਰੂਕਤਾ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵੀ ਜਾਰੀ ਰਹੇਗੀ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਐਚਪੀਵੀ ਵੈਕਸੀਨ ਬਾਰੇ ਸਹੀ ਜਾਣਕਾਰੀ ਪਹੁੰਚ ਸਕੇ ਅਤੇ ਸਮਾਜ ਨੂੰ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।