2027 ਦੀਆਂ ਚੋਣਾਂ ਲਈ ਪਰਮਜੀਤ ਵੈਰੜ ਨੇ ਫਾਜ਼ਿਲਕਾ ’ਚ ਵਧਾਈਆਂ ਸਿਆਸੀ ਸਰਗਰਮੀਆਂ 2027 ਦੀਆਂ ਚੋਣਾਂ ਲਈ ਪਰਮਜੀਤ ਵੈਰੜ ਨੇ ਫਾਜ਼ਿਲਕਾ ’ਚ ਵਧਾਈਆਂ ਸਿਆਸੀ ਸਰਗਰਮੀਆਂ ਹੈਡਿੰਗ ਇੰਗਲਿਸ਼
Publish Date: Sun, 09 Aug 2026 05:35 PM (IST)
Updated Date: Sun, 09 Aug 2026 05:38 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੌਲੀ-ਹੌਲੀ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਫਾਜ਼ਿਲਕਾ ਹਲਕੇ ਵਿੱਚ ਆਪਣੀਆਂ ਗਤੀਵਿਧੀਆਂ ਨੂੰ ਵਧਾਉਂਦਿਆਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਪਹਿਲ ਕੀਤੀ ਗਈ ਹੈ। ਪਾਰਟੀ ਵੱਲੋਂ ਸ਼ਹਿਰ ਵਿੱਚ ਜਨਸੰਪਰਕ ਦਫ਼ਤਰ ਖੋਲ੍ਹਿਆ ਗਿਆ ਹੈ, ਜਿਸ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਹਰਸੰਭਵ ਯਤਨ ਕਰਨ ਦੀ ਗੱਲ ਆਖੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਪੰਜਾਬ ਪ੍ਰਧਾਨ ਅਤੇ ਫਾਜ਼ਿਲਕਾ ਨਾਲ ਸਬੰਧਤ ਆਗੂ ਪਰਮਜੀਤ ਸਿੰਘ ਵੈਰੜ ਨੇ ਕਿਹਾ ਕਿ ਜਨਸੰਪਰਕ ਦਫ਼ਤਰ ਖੋਲ੍ਹਣ ਦਾ ਮੁੱਖ ਮਕਸਦ ਸਿਆਸੀ ਗਤੀਵਿਧੀ ਤੱਕ ਸੀਮਤ ਰਹਿਣ ਦੀ ਬਜਾਏ ਆਮ ਲੋਕਾਂ ਦੇ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਂ ਸਮਝਣਾ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਹਲਕੇ ਦੇ ਕਈ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਲੋਕਾਂ ਨੂੰ ਉਚਿਤ ਮਾਰਗਦਰਸ਼ਨ ਅਤੇ ਜਿੱਥੇ ਸੰਭਵ ਹੋਵੇ ਸਹਾਇਤਾ ਮੁਹੱਈਆ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਕੋਈ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਆ ਸਕਦਾ ਵੈਰੜ ਨੇ ਕਿਹਾ ਕਿ ਜਨਸੰਪਰਕ ਦਫ਼ਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਖੁੱਲ੍ਹੇ ਰਹਿਣਗੇ ਅਤੇ ਕੋਈ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਇੱਥੇ ਪਹੁੰਚ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹਰ ਸਮੱਸਿਆ ਦਾ ਹੱਲ ਕਰਵਾਉਣ ਦਾ ਦਾਅਵਾ ਨਹੀਂ ਕੀਤਾ ਜਾ ਸਕਦਾ, ਪਰ ਜਿੱਥੋਂ ਤੱਕ ਸੰਭਵ ਹੋਵੇਗਾ, ਲੋੜਵੰਦ ਲੋਕਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦਿਖਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਪਰ ਇਸ ਦੇ ਬਾਵਜੂਦ ਕਈ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਸਥਿਤੀ ਵਿੱਚ ਅਕਾਲੀ ਦਲ ਦੇ ਵਰਕਰਾਂ ਵੱਲੋਂ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਸੰਭਵ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਰ-ਘਰ ਸੰਪਰਕ ਕਰਕੇ ਲੋਕਾਂ ਨਾਲ ਜੋੜਨ ਦੀ ਤਿਆਰੀ ਵੈਰੜ ਨੇ ਕਿਹਾ ਕਿ ਪਾਰਟੀ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਦੀ ਮੁਹਿੰਮ ਵੀ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਪਿਛਲੇ ਸਮੇਂ ਦੌਰਾਨ ਰਹਿ ਗਈਆਂ ਕਮੀਆਂ ਨੂੰ ਦੂਰ ਕਰਨ ਅਤੇ ਲੋਕਾਂ ਦਾ ਵਿਸ਼ਵਾਸ ਮੁੜ ਹਾਸਲ ਕਰਨ ਦੀ ਦਿਸ਼ਾ ਵਿੱਚ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਪੁਰਾਣੇ ਕਾਰਜਕਾਲ ਦੌਰਾਨ ਫਾਜ਼ਿਲਕਾ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਵੀ ਲੋਕਾਂ ਦੇ ਸਾਹਮਣੇ ਰੱਖੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਫਾਜ਼ਿਲਕਾ ਨੂੰ ਜ਼ਿਲ੍ਹੇ ਦਾ ਦਰਜਾ ਮਿਲਿਆ ਅਤੇ ਸਰਕਾਰੀ ਹਸਪਤਾਲ, ਡਿਪਟੀ ਕਮਿਸ਼ਨਰ ਦਫ਼ਤਰ ਸਮੇਤ ਕਈ ਮਹੱਤਵਪੂਰਨ ਵਿਕਾਸ ਕਾਰਜ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਆਗੂ ਤੇ ਵਰਕਰ ਲੋਕਾਂ ਵਿੱਚ ਜਾਣਗੇ। 2027 ਦੀਆਂ ਚੋਣਾਂ ਤੋਂ ਪਹਿਲਾਂ ਸੰਗਠਨ ਮਜ਼ਬੂਤ ਕਰਨ ’ਤੇ ਜ਼ੋਰ ਫਾਜ਼ਿਲਕਾ ਵਿੱਚ ਜਨਸੰਪਰਕ ਦਫ਼ਤਰ ਖੋਲ੍ਹਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਇਸ ਪਹਿਲ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੀਆਂ ਸਿਆਸੀ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪਾਰਟੀ ਵੱਲੋਂ ਜਿੱਥੇ ਆਪਣੇ ਵਰਕਰਾਂ ਨੂੰ ਸਰਗਰਮ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਉੱਥੇ ਹੀ ਆਮ ਲੋਕਾਂ ਨਾਲ ਮੁੜ ਸੰਪਰਕ ਬਣਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਸਿਆਸੀ ਜਾਣਕਾਰਾਂ ਮੁਤਾਬਕ ਚੋਣਾਂ ਤੋਂ ਕਾਫ਼ੀ ਪਹਿਲਾਂ ਜ਼ਮੀਨੀ ਪੱਧਰ ’ਤੇ ਸਰਗਰਮੀ ਵਧਾਉਣਾ ਕਿਸੇ ਵੀ ਸਿਆਸੀ ਪਾਰਟੀ ਲਈ ਸੰਗਠਨ ਨੂੰ ਮਜ਼ਬੂਤ ਕਰਨ ਦਾ ਅਹਿਮ ਹਿੱਸਾ ਹੁੰਦਾ ਹੈ। ਫਾਜ਼ਿਲਕਾ ਵਿੱਚ ਜਨਸੰਪਰਕ ਦਫ਼ਤਰ ਦੀ ਸ਼ੁਰੂਆਤ ਨੂੰ ਵੀ ਇਸੇ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਦੀ ਇਹ ਜਨਸੰਪਰਕ ਮੁਹਿੰਮ ਫਾਜ਼ਿਲਕਾ ਹਲਕੇ ਵਿੱਚ ਪਾਰਟੀ ਦੇ ਜਨਾਧਾਰ ਨੂੰ ਕਿੰਨਾ ਮਜ਼ਬੂਤ ਕਰ ਸਕਦੀ ਹੈ। ਦਫ਼ਤਰ ਦੀ ਸ਼ੁਰੂਆਤ ਮੌਕੇ ਭਾਜਪਾ ਆਗੂਆਂ ਦੀ ਮੌਜੂਦਗੀ ਗੱਠਜੋੜ ਦੇ ਸੰਕੇਤ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਾਜ਼ਿਲਕਾ ਵਿੱਚ ਅਕਾਲੀ ਦਲ ਵੱਲੋਂ ਖੋਲ੍ਹੇ ਗਏ ਜਨਸੰਪਰਕ ਦਫ਼ਤਰ ਦੀ ਸ਼ੁਰੂਆਤ ਮੌਕੇ ਭਾਜਪਾ ਆਗੂਆਂ ਦੀ ਮੌਜੂਦਗੀ ਨੇ ਸਿਆਸੀ ਚਰਚਾਵਾਂ ਨੂੰ ਤੇਜ਼ ਕਰ ਦਿੱਤਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਦਾ ਇੱਕੋ ਮੰਚ ’ਤੇ ਨਜ਼ਰ ਆਉਣਾ ਅਕਾਲੀ ਦਲ-ਭਾਜਪਾ ਵਿਚਕਾਰ ਮੁੜ ਸਿਆਸੀ ਨੇੜਤਾ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਬੀਤੇ ਦਿਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੂੰ ਵੀ ਦੋਵਾਂ ਪਾਰਟੀਆਂ ਵਿਚਕਾਰ ਮੁੜ ਨੇੜਤਾ ਦੇ ਸਿਆਸੀ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਗੱਠਜੋੜ ਸਬੰਧੀ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ, ਪਰ ਇਸ ਮੌਜੂਦਗੀ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਨਵੇਂ ਸਿਆਸੀ ਸਮੀਕਰਨਾਂ ਦੀਆਂ ਚਰਚਾਵਾਂ ਨੂੰ ਜ਼ਰੂਰ ਹਵਾ ਦੇ ਦਿੱਤੀ ਹਿਆ