ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪਾਰਟੀਆਂ ਹੋਈਆਂ ਪੱਬਾ ਭਾਰ,ਵੋਟਰ ਸ਼ਾਂਤ

ਦੀਪਕ ਕੁਮਾਰ ਡੀਕੇ, ਪੰਜਾਬੀ ਜਾਗਰਣ
ਫਾਜ਼ਿਲਕਾ :ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰ ਅਤੇ ਸਮਰਥਕ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ। ਉਧਰ ਵੋਟਰ ਇਸ ਵਾਰ ਕਾਫ਼ੀ ਸ਼ਾਂਤ ਅਤੇ ਸੋਚ-ਵਿਚਾਰ ਵਾਲਾ ਰੁਖ ਅਪਣਾਈ ਬੈਠੇ ਹਨ, ਜਿਸ ਕਾਰਨ ਉਮੀਦਵਾਰਾਂ ਦੀ ਚਿੰਤਾ ਵੀ ਵਧਦੀ ਨਜ਼ਰ ਆ ਰਹੀ ਹੈ।
ਚੋਣ ਮਾਹੌਲ ਵਿੱਚ ਦਿਲਚਸਪ ਗੱਲ ਇਹ ਵੇਖਣ ਨੂੰ ਮਿਲ ਰਹੀ ਹੈ ਕਿ ਪਾਰਟੀਆਂ ਵੱਲੋਂ ਲੋਕਾਂ ਤੱਕ ਪਹੁੰਚ ਬਣਾਉਣ ਲਈ ਦੂਰ-ਦੁਰਾਡੇ ਰਹਿੰਦੇ ਰਿਸ਼ਤੇਦਾਰਾਂ ਅਤੇ ਜਾਣ-ਪਹਿਚਾਣ ਵਾਲਿਆਂ ਰਾਹੀਂ ਵੀ ਸਿਫਾਰਸ਼ਾਂ ਕਰਵਾਈਆਂ ਜਾ ਰਹੀਆਂ ਹਨ। ਉਮੀਦਵਾਰ ਆਪਣੇ ਹੱਕ ਵਿੱਚ ਵੋਟ ਪਵਾਉਣ ਲਈ ਹਰ ਸੰਭਵ ਜਤਨ ਕਰ ਰਹੇ ਹਨ। ਇਸ ਵਾਰ ਵੋਟਰਾਂ ਦਾ ਰੁਖ ਕਾਫ਼ੀ ਚੁੱਪ ਅਤੇ ਸੰਭਲਿਆ ਹੋਇਆ ਦਿਖਾਈ ਦੇ ਰਿਹਾ ਹੈ। ਲੋਕ ਖੁੱਲ੍ਹ ਕੇ ਕਿਸੇ ਪਾਰਟੀ ਦੇ ਹੱਕ ਵਿੱਚ ਬੋਲਣ ਤੋਂ ਬਚ ਰਹੇ ਹਨ, ਜਿਸ ਕਾਰਨ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੀ ਬੇਚੈਨੀ ਵਧ ਰਹੀ ਹੈ। ਚੋਣ ਮੈਦਾਨ ਵਿੱਚ ਉਤਰੇ ਆਗੂ ਹੁਣ ਆਪਣੇ ਨਜ਼ਦੀਕੀ ਸਬੰਧੀਆਂ, ਦੂਰ-ਦੁਰਾਡੇ ਰਹਿੰਦੇ ਰਿਸ਼ਤੇਦਾਰਾਂ ਅਤੇ ਪੁਰਾਣੇ ਜਾਣਕਾਰਾਂ ਰਾਹੀਂ ਵੀ ਵੋਟਰਾਂ ਤੱਕ ਪਹੁੰਚ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਈ ਥਾਵਾਂ 'ਤੇ ਫੋਨ ਕਾਲਾਂ ਅਤੇ ਨਿੱਜੀ ਸਿਫਾਰਸ਼ਾਂ ਦਾ ਸਿਲਸਿਲਾ ਵੀ ਜ਼ੋਰਾਂ 'ਤੇ ਹੈ।ਚੋਣਾਂ ਦੀ ਚਰਚਾਵਾਂ ਦੌਰਾਨ ਲੋਕ ਵਿਕਾਸ, ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ, ਸੜਕਾਂ ਅਤੇ ਸੀਵਰੇਜ ਵਰਗੇ ਮੁੱਦਿਆਂ ਨੂੰ ਅਹਿਮ ਮੰਨ ਰਹੇ ਹਨ। ਵੋਟਰਾਂ ਦਾ ਕਹਿਣਾ ਹੈ ਕਿ ਇਸ ਵਾਰ ਉਹ ਸਿਰਫ਼ ਵਾਅਦਿਆਂ ਦੀ ਬਜਾਏ ਕੰਮ ਕਰਨ ਵਾਲੇ ਉਮੀਦਵਾਰ ਨੂੰ ਹੀ ਤਰਜੀਹ ਦੇਣਗੇ।
ਵਿਧਾਇਕ ਨਰਿੰਦਰ ਪਾਲ ਸਵਨਾ ਵੱਲੋਂ 22 ਸੂਤਰੀ ਮੈਨੀਫੈਸਟੋ ਜਾਰੀ
ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਵਨਾ ਨੇ 22 ਸੂਤਰੀ ਮੈਨੀਫੈਸਟੋ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪਾਰਟੀ ਦੀ ਪਹਿਲੀ ਤਰਜੀਹ ਹੋਵੇਗੀ।
ਉਨ੍ਹਾਂ ਦੱਸਿਆ ਕਿ ਮੈਨੀਫੈਸਟੋ ਵਿੱਚ ਸਫਾਈ ਪ੍ਰਬੰਧ ਮਜ਼ਬੂਤ ਕਰਨ, ਸੀਵਰੇਜ ਸਮੱਸਿਆ ਦਾ ਹੱਲ, ਪੀਣ ਵਾਲੇ ਪਾਣੀ ਦੀ ਸੁਵਿਧਾ ਸੁਧਾਰਨ, ਸੜਕਾਂ ਦੀ ਮੁਰੰਮਤ, ਸਟ੍ਰੀਟ ਲਾਈਟਾਂ, ਪਾਰਕਾਂ ਦੇ ਸੁੰਦਰਿਕਰਨ ਅਤੇ ਨੌਜਵਾਨਾਂ ਲਈ ਖੇਡ ਸਹੂਲਤਾਂ ਵਧਾਉਣ ਵਰਗੇ ਮੁੱਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਵਿਧਾਇਕ ਸਵਨਾ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਸ਼ਹਿਰ ਨੂੰ ਵਿਕਾਸ ਦੇ ਨਵੇਂ ਮਾਡਲ ਵਜੋਂ ਤਿਆਰ ਕੀਤਾ ਜਾਵੇਗਾ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਵੀ ਘਰ-ਘਰ ਜਾ ਕੇ ਲੋਕਾਂ ਨੂੰ ਮੈਨੀਫੈਸਟੋ ਬਾਰੇ ਜਾਣਕਾਰੀ ਦਿੱਤੀ ਅਤੇ ਸਮਰਥਨ ਦੀ ਅਪੀਲ ਕੀਤੀ।
ਅਕਾਲੀ ਆਗੂ ਐਡਵੋਕੇਟ ਸਵੀਂ ਨੇ ਘਰ-ਘਰ ਕੀਤੀ ਪਹੁੰਚ
ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ। ਅਕਾਲੀ ਆਗੂ ਐਡਵੋਕੇਟ ਸਤਿੰਦਰ ਸਿੰਘ ਸਵੀਂ ਵੱਲੋਂ ਆਪਣੇ ਸਮਰਥਕਾਂ ਅਤੇ ਵਰਕਰਾਂ ਨਾਲ ਵੱਖ-ਵੱਖ ਵਾਰਡਾਂ ਵਿੱਚ ਡੋਰ-ਟੂ-ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਐਡਵੋਕੇਟ ਸਤਿੰਦਰ ਸਿੰਘ ਸਵੀਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ, ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਸੁਧਾਰਿਆ ਜਾਵੇਗਾ।ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਖੜ੍ਹਾ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵੀ ਲੋਕ ਪਾਰਟੀ ਨੂੰ ਭਰਵਾਂ ਸਮਰਥਨ ਦੇਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਰਹੇ।
ਰੰਜਮ ਕਾਮਰਾ ਵੱਲੋਂ ਲਗਾਤਾਰ ਜਨਸਭਾਵਾਂ
ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਚੋਣ ਪ੍ਰਚਾਰ ਨੂੰ ਤੇਜ਼ ਕੀਤਾ ਗਿਆ ਹੈ। ਭਾਜਪਾ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਆਲ ਸੈਲ ਇੰਚਾਰਜ ਰੰਜਮ ਕਾਮਰਾ ਵੱਲੋਂ ਲਗਾਤਾਰ ਵੱਖ-ਵੱਖ ਇਲਾਕਿਆਂ ਵਿੱਚ ਜਨਸਭਾਵਾਂ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਰੰਜਮ ਕਾਮਰਾ ਨੇ ਲੋਕਾਂ ਨਾਲ ਸੰਵਾਦ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਪੱਖਦਾਰ ਰਹੀ ਹੈ ਅਤੇ ਸ਼ਹਿਰ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕਰੇਗੀ। ਉਨ੍ਹਾਂ ਨੇ ਲੋਕਾਂ ਨੂੰ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਮਜ਼ਬੂਤ ਅਤੇ ਇਮਾਨਦਾਰ ਪ੍ਰਬੰਧਨ ਦੀ ਲੋੜ ਹੈ। ਇਸ ਮੌਕੇ ਪਾਰਟੀ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਵੀ ਮੌਜੂਦ ਰਹੇ।