- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਦੀ ਮੋਗਾ ਰੈਲੀ ’ਚ ਲੋਕਾਂ ਨੇ ਵਿਖਾਇਆ ਸ਼ੀਸ਼ਾ, ਰੈਲੀ ਰਹੀ ਫਲਾਪ : ਰੰਜਮ ਕਾਮਰਾ
ਟਾਪ ਬਾਕਸ)
-ਭਾਜਪਾ ਪੰਜਾਬ ਸਕੱਤਰ ਨੇ ਕਿਹਾ, ਪੰਜਾਬ ਦੇ ਲੋਕ ਸਰਕਾਰੀ ਨੀਤੀਆਂ ਅਤੇ ਵਾਅਦਿਆਂ ਦੀ ਅਸਲੀਅਤ ਸਮਝ ਚੁੱਕੇ ਹਨ, ਸਿਰਫ਼ ਰੈਲੀਆਂ ਨਾਲ ਨਹੀਂ ਬਦਲਣਗੇ ਜ਼ਮੀਨੀ ਹਾਲਾਤ
ਫੋਟੋ: ਰੰਜਮ ਕਾਮਰਾ।
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ,ਫਾਜ਼ਿਲਕਾ : ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕੀਤੀ ਗਈ ਰੈਲੀ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਭਾਜਪਾ ਦੇ ਪੰਜਾਬ ਸਕੱਤਰ ਰੰਜਮ ਕਾਮਰਾ ਨੇ ਰੈਲੀ ਨੂੰ ਫਲਾਪ ਕਰਾਰ ਦਿੰਦਿਆਂ ਕਿਹਾ ਕਿ ਇਸ ਵਿੱਚ ਲੋਕਾਂ ਦੀ ਕਥਿਤ ਘੱਟ ਸ਼ਮੂਲੀਅਤ ਨੇ ਸੂਬਾ ਸਰਕਾਰ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੇ ਵੱਡੇ-ਵੱਡੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਸਮਝ ਚੁੱਕੇ ਹਨ ਅਤੇ ਸਿਰਫ਼ ਭਾਸ਼ਣਾਂ ਤੇ ਪ੍ਰਚਾਰ ਨਾਲ ਸੰਤੁਸ਼ਟ ਹੋਣ ਵਾਲੇ ਨਹੀਂ ਹਨ। ਰੰਜਮ ਕਾਮਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਾਲ 2022 ਵਿੱਚ ਸੱਤਾ ਸੰਭਾਲਣ ਤੋਂ ਪਹਿਲਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਨਸ਼ਿਆਂ ਦਾ ਖ਼ਾਤਮਾ ਕਰਨ, ਕਿਸਾਨਾਂ ਦੀ ਆਮਦਨ ਵਧਾਉਣ, ਵਪਾਰੀਆਂ ਨੂੰ ਸਹੂਲਤਾਂ ਦੇਣ ਅਤੇ ਸਿਹਤ ਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਸਮੇਤ ਕਈ ਵੱਡੇ ਵਾਅਦੇ ਕੀਤੇ ਸਨ। ਪਰ ਅੱਜ ਵੀ ਲੋਕ ਇਨ੍ਹਾਂ ਵਾਅਦਿਆਂ ਦੀ ਪੂਰਤੀ ਨੂੰ ਲੈ ਕੇ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਰੈਲੀਆਂ ਅਤੇ ਸਿਆਸੀ ਸਮਾਗਮਾਂ ਵਿੱਚ ਤਾਕਤ ਦਿਖਾਉਣ ਦੀ ਬਜਾਏ ਲੋਕਾਂ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨੀਆਂ ਅਤੇ ਹੱਲ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਲੋਕਪ੍ਰਿਯਤਾ ਦਾ ਅੰਦਾਜ਼ਾ ਇਸ਼ਤਿਹਾਰਾਂ, ਸੋਸ਼ਲ ਮੀਡੀਆ ਪ੍ਰਚਾਰ ਜਾਂ ਸਿਆਸੀ ਰੈਲੀਆਂ ਤੋਂ ਨਹੀਂ, ਸਗੋਂ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਤੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਆਏ ਬਦਲਾਅ ਤੋਂ ਲਗਾਇਆ ਜਾਂਦਾ ਹੈ। ਜੇਕਰ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੋਣ ਤਾਂ ਰੈਲੀਆਂ ਵਿੱਚ ਭੀੜ ਇਕੱਠੀ ਕਰਨ ਲਈ ਵੱਡੇ ਪ੍ਰਬੰਧਾਂ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਦਾਅਵਾ ਕੀਤਾ ਕਿ ਮੋਗਾ ਰੈਲੀ ਨੇ ਸਰਕਾਰ ਦੇ ਸਿਆਸੀ ਦਾਅਵਿਆਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ।
ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹਨ। ਕਿਸਾਨਾਂ ਨੂੰ ਫ਼ਸਲਾਂ ਦੀ ਖ਼ਰੀਦ, ਅਦਾਇਗੀ ਅਤੇ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਵਪਾਰੀ ਵਰਗ ਵੀ ਆਪਣੇ ਕਾਰੋਬਾਰ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਇਸ ਤੋਂ ਇਲਾਵਾ ਨਸ਼ਿਆਂ ਦਾ ਮੁੱਦਾ, ਅਮਨ-ਕਾਨੂੰਨ ਦੀ ਸਥਿਤੀ ਤੇ ਬੇਰੁਜ਼ਗਾਰੀ ਵਰਗੇ ਮਸਲੇ ਲਗਾਤਾਰ ਚਰਚਾ ਵਿੱਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਨੂੰ ਸਿਰਫ਼ ਭਵਿੱਖ ਦੇ ਸੁਪਨੇ ਦਿਖਾ ਕੇ ਜ਼ਿਆਦਾ ਸਮੇਂ ਤੱਕ ਗੁੰਮਰਾਹ ਨਹੀਂ ਕੀਤਾ ਜਾ ਸਕਦਾ।
ਰੰਜਮ ਕਾਮਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ, ਪਰ ਹੁਣ ਲੋਕ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰ ਰਹੇ ਹਨ। ਲੋਕਤੰਤਰ ਵਿੱਚ ਜਨਤਾ ਹੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਜਦੋਂ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੁੰਦੇ ਹਨ ਤਾਂ ਇਸ ਦਾ ਅਸਰ ਸਿਆਸੀ ਮੰਚਾਂ ’ਤੇ ਵੀ ਦਿਖਾਈ ਦੇਣ ਲੱਗਦਾ ਹੈ। ਉਨ੍ਹਾਂ ਮੋਗਾ ਰੈਲੀ ਵਿੱਚ ਲੋਕਾਂ ਦੀ ਕਥਿਤ ਘੱਟ ਸ਼ਮੂਲੀਅਤ ਨੂੰ ਵੀ ਇਸੇ ਨਾਰਾਜ਼ਗੀ ਨਾਲ ਜੋੜਿਆ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਿਆਸੀ ਪ੍ਰਚਾਰ ਦੀ ਬਜਾਏ ਆਪਣੇ ਚੋਣ ਵਾਅਦਿਆਂ ਦਾ ਹਿਸਾਬ ਲੋਕਾਂ ਨੂੰ ਦੇਣਾ ਚਾਹੀਦਾ ਹੈ। ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਪਿਛਲੇ ਸਮੇਂ ਦੌਰਾਨ ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ, ਨਸ਼ਿਆਂ ਦੇ ਖ਼ਾਤਮੇ ਲਈ ਕੀ ਠੋਸ ਕਦਮ ਚੁੱਕੇ ਤੇ ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀ ਕਾਰਵਾਈ ਕੀਤੀ ਗਈ ਹੈ।
ਭਾਜਪਾ ਪੰਜਾਬ ਸਕੱਤਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ। ਪਾਰਟੀ ਵਰਕਰਾਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਜਾਵੇਗਾ। ਪੰਜਾਬ ਦੇ ਲੋਕ ਹੁਣ ਸਿਰਫ਼ ਵਾਅਦੇ ਨਹੀਂ, ਸਗੋਂ ਕੰਮ ਅਤੇ ਨਤੀਜੇ ਦੇਖਣਾ ਚਾਹੁੰਦੇ ਹਨ।
-ਭਾਜਪਾ-ਅਕਾਲੀ ਗੱਠਜੋੜ ਨਾਲ ਪੰਜਾਬ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ : ਰੰਜਮ ਕਾਮਰਾ
ਰੰਜਮ ਕਾਮਰਾ ਨੇ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਹੋਏ ਗੱਠਜੋੜ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਗਤੀ ਮਿਲਣ ਦੀ ਉਮੀਦ ਹੈ। ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਸੂਬੇ ਵਿੱਚ ਇੱਕ ਮਜ਼ਬੂਤ ਸਿਆਸੀ ਵਿਕਲਪ ਤਿਆਰ ਹੋਵੇਗਾ ਅਤੇ ਪੰਜਾਬ ਨੂੰ ਵਿਕਾਸ ਦੀ ਨਵੀਂ ਰਾਹ ’ਤੇ ਲਿਜਾਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਿਹਤਰ ਬੁਨਿਆਦੀ ਢਾਂਚੇ, ਉਦਯੋਗਿਕ ਵਿਕਾਸ, ਰੁਜ਼ਗਾਰ ਦੇ ਮੌਕਿਆਂ, ਕਿਸਾਨਾਂ ਦੀ ਖੁਸ਼ਹਾਲੀ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਦੀ ਉਮੀਦ ਰੱਖਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਵਿੱਚ ਭਾਜਪਾ-ਅਕਾਲੀ ਗੱਠਜੋੜ ਦੀ ਸਾਂਝ ਨਾਲ ਵਿਕਾਸ ਦੇ ਯਤਨਾਂ ਨੂੰ ਮਜ਼ਬੂਤੀ ਮਿਲ ਸਕਦੀ ਹੈ ਅਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਕੰਮ ਕੀਤਾ ਜਾਵੇਗਾ।
-ਬਾਕਸ-
-ਸਰਕਾਰੀ ਤੰਤਰ ਦੀ ਦੁਰਵਰਤੋਂ ਦੇ ਬਾਵਜੂਦ ਰੈਲੀ ਰਹੀ ਫਲਾਪ
ਭਾਜਪਾ ਪੰਜਾਬ ਸਕੱਤਰ ਰੰਜਮ ਕਾਮਰਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਅਤੇ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾਣ ਦੇ ਬਾਵਜੂਦ ਲੋਕਾਂ ਦੀ ਉਮੀਦ ਮੁਤਾਬਕ ਸ਼ਮੂਲੀਅਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਅਤੇ ਪ੍ਰਚਾਰ ਦੇ ਸਹਾਰੇ ਭੀੜ ਇਕੱਠੀ ਕਰਨ ਦੀਆਂ ਕੋਸ਼ਿਸ਼ਾਂ ਵੀ ਲੋਕਾਂ ਦੀ ਨਾਰਾਜ਼ਗੀ ਨੂੰ ਲੁਕਾ ਨਹੀਂ ਸਕੀਆਂ।
-ਪੰਜਾਬ ’ਚ ਦਿਨੋਂ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ
ਰੰਜਮ ਕਾਮਰਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਸੂਬੇ ਵਿੱਚ ਅਪਰਾਧਿਕ ਘਟਨਾਵਾਂ, ਲੁੱਟ-ਖੋਹ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਵਪਾਰੀ, ਕਾਰੋਬਾਰੀ ਅਤੇ ਆਮ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।