- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਪੰਜਾਬ ਬਜਟ ਤੇ ਲੋਕਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆ

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ
ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਨਵੇਂ ਬਜਟ ਨੂੰ ਲੈ ਕੇ ਆਮ ਲੋਕਾਂ ਵਿੱਚ ਮਿਲੀ-ਜੁਲੀ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ। ਕੁਝ ਲੋਕਾਂ ਨੇ ਬਜਟ ਨੂੰ ਵਿਕਾਸ ਵੱਲ ਇੱਕ ਕਦਮ ਦੱਸਿਆ ਹੈ, ਜਦਕਿ ਕਈਆਂ ਨੇ ਇਸਨੂੰ ਆਮ ਵਰਗ ਦੀਆਂ ਉਮੀਦਾਂ ’ਤੇ ਪੂਰਾ ਨਾ ਉਤਰਣ ਵਾਲਾ ਕਰਾਰ ਦਿੱਤਾ।ਕਈ ਨੌਜਵਾਨਾਂ ਦਾ ਕਹਿਣਾ ਹੈ ਕਿ ਬਜਟ ਵਿੱਚ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਵੱਡੇ ਕਦਮ ਚੁੱਕਣ ਦੀ ਲੋੜ ਸੀ। ਵਪਾਰੀਆਂ ਨੇ ਉਮੀਦ ਜਤਾਈ ਕਿ ਸਰਕਾਰ ਛੋਟੇ ਕਾਰੋਬਾਰਾਂ ਨੂੰ ਹੋਰ ਰਾਹਤ ਦੇਵੇਗੀ ਤਾਂ ਜੋ ਆਰਥਿਕ ਗਤੀਵਿਧੀਆਂ ਨੂੰ ਬਲ ਮਿਲ ਸਕੇ। ਦੂਜੇ ਪਾਸੇ ਕੁਝ ਸਮਾਜਿਕ ਵਰਗਾਂ ਨੇ ਸਿੱਖਿਆ, ਸਿਹਤ ਅਤੇ ਸਮਾਜਿਕ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਕਿ ਜੇਕਰ ਇਹ ਯੋਜਨਾਵਾਂ ਢੰਗ ਨਾਲ ਲਾਗੂ ਹੋਣ ਤਾਂ ਆਮ ਲੋਕਾਂ ਨੂੰ ਲਾਭ ਮਿਲੇਗਾ। ਕੁੱਲ ਮਿਲਾ ਕੇ ਲੋਕਾਂ ਦੀ ਰਾਏ ਹੈ ਕਿ ਬਜਟ ਦੀ ਸਫਲਤਾ ਇਸ ਗੱਲ ’ਤੇ ਨਿਰਭਰ ਕਰੇਗੀ ਕਿ ਸਰਕਾਰ ਐਲਾਨ ਕੀਤੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਕਿੰਨਾ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਦੀ ਹੈ।
‘ਆਪ’ ਸਰਕਾਰ ਦਾ ਆਖਰੀ ਬਜਟ ਸਿਰਫ ਭਾਸ਼ਨਾ ਦਾ ਬੱਜਟ : ਖੁੰਗਰ
ਗੋਰਮਿੰਟ ਪੈਨਸ਼ਨਰਜ ਯੂਨੀਅਨ ਪੰਜਾਬ ਫਾਜਿਲਕਾ ਦੇ ਜ਼ਿਲ੍ਹਾਂ ਪ੍ਰਧਾਨ ਹਰਭਜਨ ਸਿੰਘ ਖੁੰਗਰ ਨੇ ਕਿਹਾ ਕਿ ਭਗਵੰਤ ਸਰਕਾਰ ਵਲੋ ਪੇਸ਼ ਕੀਤਾ ਗਿਆ 2,60, 497 ਕਰੋੜ ਦਾ ਬੱਜਟ ਕੇਵਲ ਭਾਸ਼ਨ ਬੱਜਟ ਹੈ। ਸਾਥੀ ਖੁੰਗਰ ਨੇ ਕਿਹਾ ਕਿ ਹਰ ਸਾਲ ਬਜਟ ਫਿਗਰਾ ਨੂੰ ਵਧਾ ਚੜਾ ਕੇ ਪੇਸ਼ ਕੀਤਾ ਜਾਦਾ ਰਿਹਾ ਹੈ ਪਰ ਭਗਵੰਤ ਸਰਕਾਰ ਦੀ ਕੋਈ ਵੀ ਯੋਜਨਾ ਸਿਰੇ ਨਹੀ ਚੜਦੀ। ਪੰਜਾਬ ਦੇ ਬੱਜਟ ਤੇ ਸਖਤ ਟਿਪਣੀ ਕਰਦਿਆ ਕਿਹਾ ਸਰਕਾਰ ਦਾ ਬੱਜਟ ਮੁਲਾਜ਼ਮਾ ਤੇ ਪੈਨਸ਼ਨਰਜ ਦੇ 16% ਡੀ ਏ ਦੇਣ ਬਾਰੇ ਖਾਮੋਸ਼ ਹੈ ਉਥੋ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਰਕਾਰ ਦਾ ਬਜਟ ਕੇਵਲ ਮਸ਼ਹੂਰੀਆ ਵਾਲਾ ਤੇ ਚੁਣਾਂਵੀ ਬਜਟ ਹੈ
ਪੰਜਾਬ ਬਜਟ ਨੂੰ ਸਿਰਫ 'ਝੂਠ ਦਾ ਪੁਲੰਦਾ : ਨੀਰੁ ਪਰਣਾਮੀ
ਜ਼ਿਲ੍ਹਾ ਮਹਿਲਾ ਮੋਰਚਾ ਦੀ ਪ੍ਰਧਾਨ ਨੀਰੁ ਪਰਣਾਮੀ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਹ ਬਜਟ ਸਿਰਫ਼ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਬਜਟ ਵਿੱਚ ਕੇਵਲ ਦਿਖਾਵਾ ਕੀਤਾ ਹੈ। ਨੀਰੁ ਪਰਣਾਮੀ ਨੇ ਕਿਹਾ ਕਿ ਬਜਟ ਵਿੱਚ ਨਾ ਤਾਂ ਨੌਜਵਾਨਾਂ ਲਈ ਕੋਈ ਢੰਗ ਦੀ ਯੋਜਨਾ ਹੈ ਅਤੇ ਨਾ ਹੀ ਮਹਿਲਾਵਾਂ ਦੀ ਭਲਾਈ ਲਈ ਕੋਈ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਬਜਟ ਹਕੀਕਤ ਤੋਂ ਦੂਰ : ਕੌਂਸਲਰ ਰਚਨਾ ਕਟਾਰੀਆ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕੌਂਸਲਰ ਰਚਨਾ ਕਟਾਰੀਆ ਨੇ ਕਿਹਾ ਕਿ ਇਹ ਬਜਟ ਆਮ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਦਾ। ਉਨ੍ਹਾਂ ਕਿਹਾ ਕਿ ਬਜਟ ਵਿੱਚ ਵੱਡੇ-ਵੱਡੇ ਐਲਾਨ ਤਾਂ ਕੀਤੇ ਗਏ ਹਨ ਪਰ ਜ਼ਮੀਨੀ ਹਕੀਕਤ ਨਾਲ ਇਸਦਾ ਕੋਈ ਸਬੰਧ ਨਹੀਂ ਦਿੱਸਦਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਬਜਟ ਰਾਹੀਂ ਲੋਕਾਂ ਨੂੰ ਸਿਰਫ਼ ਵਾਅਦੇ ਹੀ ਕੀਤੇ ਹਨ, ਜਦਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਬੁਨਿਆਦੀ ਸਹੂਲਤਾਂ ਵਰਗੇ ਮੁੱਦਿਆਂ ਲਈ ਕੋਈ ਢੰਗ ਦੀ ਯੋਜਨਾ ਨਹੀਂ ਦਿੱਤੀ ਗਈ। ਕੌਂਸਲਰ ਕਟਾਰੀਆ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਇਹ ਬਜਟ ਸਿਰਫ਼ ਕਾਗਜ਼ੀ ਐਲਾਨਾਂ ਤੱਕ ਹੀ ਸੀਮਿਤ ਦਿੱਖ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਸਰਕਾਰ ਨੂੰ ਹਕੀਕਤੀ ਅਤੇ ਲੋਕ-ਕੇਂਦਰਿਤ ਨੀਤੀਆਂ ਲਿਆਂਦੀਆਂ ਚਾਹੀਦੀਆਂ ਹਨ, ਤਾਂ ਜੋ ਸੂਬੇ ਦੇ ਹਰ ਵਰਗ ਨੂੰ ਇਸਦਾ ਲਾਭ ਮਿਲ ਸਕੇ।
ਬਜਟ ਮਹਿਲਾਵਾਂ ਲਈ ਖੁਸ਼ੀ ਲੈ ਕੇ ਆਇਆ ਹੈ : ਵਿਧਾਇਕ ਸਵਨਾ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਮਹਿਲਾਵਾਂ ਲਈ ਕਾਫੀ ਲਾਭਦਾਇਕ ਸਾਬਤ ਹੋਵੇਗਾ। ਇਹ ਗੱਲ ਸਮਾਜਸੇਵੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਹੀ। ਉਨ੍ਹਾਂ ਕਿਹਾ ਕਿ ਬਜਟ ਵਿੱਚ ਮਹਿਲਾਵਾਂ ਦੀ ਭਲਾਈ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਕਈ ਮਹੱਤਵਪੂਰਨ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਕੀਤੇ ਗਏ ਉਪਰਾਲੇ ਕਾਬਿਲ-ਏ-ਤਾਰੀਫ਼ ਹਨ। ਇਸ ਨਾਲ ਮਹਿਲਾਵਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦਾ ਮੌਕਾ ਮਿਲੇਗਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ। ਸਵਨਾ ਨੇ ਕਿਹਾ ਕਿ ਇਹ ਬਜਟ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ ਅਤੇ ਖਾਸ ਕਰਕੇ ਮਹਿਲਾਵਾਂ ਲਈ ਇਹ ਕਈ ਨਵੀਆਂ ਸੰਭਾਵਨਾਵਾਂ ਲੈ ਕੇ ਆਇਆ ਹੈ।
ਪੰਜਾਬ ਬਜਟ ਲੋਕ ਭਲਾਈ ਤੇ ਵਿਕਾਸ ਵੱਲ ਮਹੱਤਵਪੂਰਨ ਕਦਮ : ਵਿਧਾਇਕ ਗੋਲਡੀ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਇਹ ਬਜਟ ਲੋਕ ਭਲਾਈ ਅਤੇ ਸੂਬੇ ਦੇ ਸਮੂਹਿਕ ਵਿਕਾਸ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਆਮ ਵਰਗ ਦੇ ਲੋਕਾਂ ਲਈ ਕਈ ਲਾਭਕਾਰੀ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਖਾਸ ਧਿਆਨ ਦਿੱਤਾ ਗਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਇਹ ਬਜਟ ਪੰਜਾਬ ਨੂੰ ਤਰੱਕੀ ਦੀ ਰਾਹ ‘ਤੇ ਅੱਗੇ ਲੈ ਜਾਣ ਵਿੱਚ ਸਹਾਇਕ ਸਾਬਤ ਹੋਵੇਗਾ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗਾ।
ਆਮ ਲੋਕਾਂ ਲਈ ਰਾਹਤ ਭਰਿਆ ਪੰਜਾਬ ਬਜਟ : ਵਿਧਾਇਕ ਮੁਸਾਫ਼ਿਰ
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਤਾਜ਼ਾ ਬਜਟ ਆਮ ਲੋਕਾਂ ਲਈ ਰਾਹਤ ਭਰਿਆ ਸਾਬਤ ਹੋਵੇਗਾ। ਇਹ ਵਿਚਾਰ ਬੱਲੂਆਣਾ ਵਿਧਾਇਕ ਅਮਨਦੀਪ ਗੋਲਡੀ ਮੁਸਾਫ਼ਿਰ ਨੇ ਪ੍ਰਗਟ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਇਸ ਬਜਟ ਰਾਹੀਂ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਖਾਸ ਧਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬ ਵਰਗ ਲਈ ਕਈ ਭਲਾਈ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਇਹ ਕਦਮ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ।ਅਮਨਦੀਪ ਗੋਲਡੀ ਮੁਸਾਫ਼ਿਰ ਨੇ ਆਸ ਜਤਾਈ ਕਿ ਬਜਟ ਵਿੱਚ ਘੋਸ਼ਿਤ ਯੋਜਨਾਵਾਂ ਜਮੀਨੀ ਪੱਧਰ ‘ਤੇ ਲਾਗੂ ਹੋਣ ਨਾਲ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਆਵੇਗਾ ਅਤੇ ਪੰਜਾਬ ਤਰੱਕੀ ਦੇ ਰਾਹ ‘ਤੇ ਹੋਰ ਅੱਗੇ ਵਧੇਗਾ।