ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੀ ਮੁਹਿੰਮ ਜਾਰੀ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਫਾਜ਼ਿਲਕਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੀ ਮੁਹਿੰਮ ਜਾਰੀ
Publish Date: Thu, 05 Nov 2026 04:58 PM (IST)
Updated Date: Fri, 06 Nov 2026 04:03 AM (IST)
ਜ਼ਿਲ੍ਹੇ ਭਰ ’ਚ 2 ਐੱਸਪੀ., 5 ਡੀ.ਐੱਸ.ਪੀ. ਤੇ 13 ਐੱਸ.ਐੱਚ.ਓ. ਤਾਇਨਾਤ ; ਪਰਾਲੀ ਸਾੜਨ ਦੇ 12 ਮਾਮਲੇ ਦਰਜ ਰਮਨ ਕੁਮਾਰ. ਪੰਜਾਬੀ ਜਾਗਰਣ, ਫਾਜ਼ਿਲਕਾ : ਜ਼ਿਲ੍ਹਾ ਫਾਜ਼ਿਲਕਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਫਾਜ਼ਿਲਕਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਪੁਲਿਸ ਵਿਭਾਗ, ਸਿਵਲ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਆਪਸੀ ਤਾਲਮੇਲ ਨਾਲ ਜ਼ਿਲ੍ਹੇ ਭਰ ਵਿੱਚ ਨਿਗਰਾਨੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਟੀਮਾਂ ਨੂੰ ਵੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵਿੱਚ ਡਾ. ਟੀ.ਐੱਸ. ਪੰਵਾਰ, ਮੈਂਬਰ-ਟੈਕਨੀਕਲ, ਸ਼ਿਵੇਂਦਰ ਚਤੁਰਵੇਦੀ, ਡਾਇਰੈਕਟਰ ਅਤੇ ਡਾ. ਰਮੇਸ਼ ਕੁਮਾਰ, ਸਾਇੰਟਿਸਟ-ਬੀ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਇਸ ਮੁਹਿੰਮ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ, ਹਲਕਾ ਅਫ਼ਸਰਾਂ ਅਤੇ ਥਾਣਾ ਮੁਖੀਆਂ ਸਮੇਤ ਸਿਵਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਖੇਤਾਂ, ਮੰਡੀਆਂ ਅਤੇ ਹੋਰ ਥਾਵਾਂ ਤੇ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਨੁੱਖੀ ਸਿਹਤ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਜੀਵ-ਜੰਤੂਆਂ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਰਾਲੀ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਫਾਜ਼ਿਲਕਾ ਪੁਲਿਸ ਵੱਲੋਂ ਪੂਰੇ ਜ਼ਿਲ੍ਹੇ ਵਿੱਚ 2 ਐੱਸ.ਪੀ., 5 ਡੀ.ਐੱਸ.ਪੀ., 13 ਐੱਸ.ਐੱਚ.ਓ. ਅਤੇ ਹੋਰ ਪੁਲਿਸ ਮੁਲਾਜ਼ਮਾਂ ਦੀ ਵਿਸ਼ੇਸ਼ ਤੌਰ ਤੇ ਡਿਊਟੀ ਲਗਾਈ ਗਈ ਹੈ। ਇਹ ਅਧਿਕਾਰੀ ਅਤੇ ਕਰਮਚਾਰੀ ਲਗਾਤਾਰ ਖੇਤਾਂ ਅਤੇ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਸੰਪਰਕ ਕਰ ਰਹੇ ਹਨ। ਇਸ ਤੋਂ ਇਲਾਵਾ ਸਿਵਲ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ ਨਿਗਰਾਨੀ ਅਤੇ ਜਾਗਰੂਕਤਾ ਦੇ ਨਾਲ-ਨਾਲ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਫਾਜ਼ਿਲਕਾ ਪੁਲਿਸ ਨੂੰ ਹੁਣ ਤੱਕ ਪ੍ਰਦੂਸ਼ਣ ਕੰਟਰੋਲ ਬੋਰਡ ਪਾਸੋਂ ਪਰਾਲੀ ਸਾੜਨ ਸਬੰਧੀ 12 ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਸਾਰੀਆਂ ਰਿਪੋਰਟਾਂ ਤੇ ਕਾਰਵਾਈ ਕਰਦਿਆਂ ਕੁੱਲ 12 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਸਬੰਧਤ ਵਿਭਾਗਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਫਾਜ਼ਿਲਕਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਇਸ ਦਾ ਸੁਚੱਜੇ ਤੇ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ। ਪਰਾਲੀ ਸਾੜਨ ਨਾਲ ਜਿੱਥੇ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਤੱਤ ਨਸ਼ਟ ਹੁੰਦੇ ਹਨ, ਉੱਥੇ ਹੀ ਪੌਦਿਆਂ, ਪਸ਼ੂ-ਪੰਛੀਆਂ ਅਤੇ ਹੋਰ ਜੀਵ-ਜੰਤੂਆਂ ਦਾ ਨੁਕਸਾਨ ਹੋਣ ਦੇ ਨਾਲ-ਨਾਲ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਸਮੂਹ ਕਿਸਾਨਾਂ ਅਤੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਪਰਾਲੀ ਸਾੜਨ ਦੀ ਪ੍ਰਥਾ ਨੂੰ ਖ਼ਤਮ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕਦਾ ਹੈ।