- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਬੋਹਰ ਦੇ ਖੁਈਆਂ ਸਰਵਰ ਥਾਣੇ ਅਧੀਨ ਆਉਂਦੀ ਕੱਲਰਖੇੜਾ ਪੁਲਿਸ ਚੌਕੀ ਨਾਲ ਸਬੰਧਤ ਸਰਕਾਰੀ ਪੁਲਿਸ ਵਾਹਨ 112 ਦੇ ਵਿੱਚੋਂ ਤੇਲ ਕੱਢਣ ਦੇ ਮਾਮਲੇ ਵਿੱਚ ਪੁਲਿਸ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਗੱਡੀ ਦੇ ਡਰਾਈਵਰ ਸੀਨੀਅਰ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਭਾਰਤ ਭੂਸ਼ਣ ਸ਼ਰਮਾ,ਪੰਜਾਬੀ ਜਾਗਰਣ, ਅਬੋਹਰ : ਅਬੋਹਰ ਦੇ ਖੁਈਆਂ ਸਰਵਰ ਥਾਣੇ ਅਧੀਨ ਆਉਂਦੀ ਕੱਲਰਖੇੜਾ ਪੁਲਿਸ ਚੌਕੀ ਨਾਲ ਸਬੰਧਤ ਸਰਕਾਰੀ ਪੁਲਿਸ ਵਾਹਨ 112 ਦੇ ਵਿੱਚੋਂ ਤੇਲ ਕੱਢਣ ਦੇ ਮਾਮਲੇ ਵਿੱਚ ਪੁਲਿਸ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਗੱਡੀ ਦੇ ਡਰਾਈਵਰ ਸੀਨੀਅਰ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ, ਸਰਕਾਰੀ ਪੁਲਿਸ ਵਾਹਨ 112 ਨੰਬਰ ਪੀਬੀ 65 ਬਿਐਨ 8061 ਦੇ ਡਰਾਈਵਰ ਸੀਨੀਅਰ ਕਾਂਸਟੇਬਲ ਰਘਬੀਰ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ''ਤੇ ਵਾਇਰਲ ਹੋਈ, ਜਿਸ ਵਿੱਚ ਉਹ ਕਥਿਤ ਤੌਰ ''ਤੇ ਗੱਡੀ ਦੇ ਟੈਂਕ ਵਿੱਚੋਂ ਤੇਲ ਕੱਢਦਾ ਨਜ਼ਰ ਆ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ।
ਐੱਸਪੀ ਹੈੱਡਕੁਆਰਟਰ ਫਾਜ਼ਿਲਕਾ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੰਬੰਧਿਤ ਪੁਲਿਸ ਮੁਲਾਜ਼ਮ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿਭਾਗੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੰਬੰਧਿਤ ਸਰਕਾਰੀ ਵਾਹਨ ਨੂੰ ਵੀ ਜਾਂਚ ਲਈ ਖੜ੍ਹਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ ਅਨੁਸ਼ਾਸਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਜੇਕਰ ਜਾਂਚ ਦੌਰਾਨ ਕੋਈ ਵੀ ਮੁਲਾਜ਼ਮ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ, ਭਾਵੇਂ ਉਹ ਕਿਸੇ ਵੀ ਅਹੁਦੇ ''ਤੇ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ।