ਨਗਰ ਕੌਂਸਲ ਬੋਰਡ ਦੇ ਗਠਨ ਤੋਂ ਪਹਿਲਾਂ ਫਾਜ਼ਿਲਕਾ 'ਚ ਸਿਆਸੀ ਸਰਗਰਮੀਆਂ ਤੇਜ਼
ਨਗਰ ਕੌਂਸਲ ਬੋਰਡ ਦੇ ਗਠਨ ਤੋਂ ਪਹਿਲਾਂ ਫਾਜ਼ਿਲਕਾ 'ਚ ਸਿਆਸੀ ਸਰਗਰਮੀਆਂ ਤੇਜ਼,
Publish Date: Wed, 17 Jun 2026 03:37 PM (IST)
Updated Date: Wed, 17 Jun 2026 03:39 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਨਗਰ ਕੌਂਸਲ ਫਾਜ਼ਿਲਕਾ ਦੇ ਬੋਰਡ ਦੇ ਗਠਨ ਤੋਂ ਪਹਿਲਾਂ ਹੀ ਸ਼ਹਿਰ ਦੀ ਸਿਆਸਤ ਗਰਮਾ ਗਈ ਹੈ। ਹਾਲਾਂਕਿ ਬੋਰਡ ਗਠਨ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਅਜੇ ਜਾਰੀ ਨਹੀਂ ਹੋਇਆ, ਪਰ ਕੌਂਸਲਰਾਂ ਨੂੰ ਲੈ ਕੇ ਰਾਜਨੀਤਿਕ ਜੋੜ-ਤੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਕਾਂਗਰਸ ਅਤੇ ਭਾਜਪਾ ਦੋਵਾਂ ਵੱਲੋਂ ਬੋਰਡ ਬਣਾਉਣ ਸਬੰਧੀ ਆਪਣੇ-ਆਪਣੇ ਦਾਅਵੇ ਕੀਤੇ ਜਾ ਰਹੇ ਹਨ। ਕਾਂਗਰਸ ਵੱਲੋਂ ਨਵੇਂ ਚੁਣੇ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ ਕੀਤੀ ਪ੍ਰੈਸ ਕਾਨਫਰੰਸ ਵਿੱਚ ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਕੁਝ ਕੌਂਸਲਰਾਂ ਤੇ ਪਾਰਟੀ ਬਦਲਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਵਾਰਡ ਨੰਬਰ 11 ਤੋਂ ਚੁਣੇ ਗਏ ਕਾਂਗਰਸੀ ਕੌਂਸਲਰ ਜਸਪਾਲ ਸਿੰਘ ਬਚੀ ਨੇ ਕਿਹਾ ਕਿ ਉਨ੍ਹਾਂ ਨਾਲ ਲਗਾਤਾਰ ਸੰਪਰਕ ਕਰਕੇ ਵੱਖ-ਵੱਖ ਤਰ੍ਹਾਂ ਦੇ ਭਰੋਸੇ ਦਿੱਤੇ ਜਾ ਰਹੇ ਹਨ, ਪਰ ਉਹ ਕਿਸੇ ਦਬਾਅ ਜਾਂ ਲਾਲਚ ਅੱਗੇ ਨਹੀਂ ਝੁਕਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਭਾਜਪਾ ਵਿੱਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ਬਿਲਕੁਲ ਗਲਤ ਹਨ। ਲੋਕਾਂ ਨੇ ਉਨ੍ਹਾਂ ਤੇ ਭਰੋਸਾ ਕਰਕੇ ਆਪਣਾ ਨੁਮਾਇੰਦਾ ਚੁਣਿਆ ਹੈ ਅਤੇ ਉਹ ਆਪਣੇ ਵਾਰਡ ਦੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਣ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਹਨ ਅਤੇ ਕਿਸੇ ਵੀ ਹਾਲਤ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਨਹੀਂ ਤੋੜਨਗੇ। ਕਾਂਗਰਸੀ ਆਗੂ ਸੁਰਿੰਦਰ ਕਾਲੜਾ ਪੱਪੂ, ਭਜਨ ਲਾਲ ਆਦਿ ਨੇ ਕਿਹਾ ਕਿ ਜਸਪਾਲ ਸਿੰਘ ਦਾ ਸਿਆਸੀ ਅਤੇ ਸਮਾਜਿਕ ਅਕਸ ਸਾਫ਼ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਤਾਕਤਾਂ ਕਾਂਗਰਸੀ ਕੌਂਸਲਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੱਪੂ ਕਾਲੜਾ ਨੇ ਕਿਹਾ ਕਿ ਕਾਂਗਰਸ ਆਪਣੇ ਕਿਸੇ ਵੀ ਸਹਿਯੋਗੀ ਨੂੰ ਇਕੱਲਾ ਨਹੀਂ ਛੱਡੇਗੀ ਅਤੇ ਸਾਰੇ ਮਿਲ ਕੇ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨਗੇ। ਕਾਂਗਰਸ ਦੇ ਦੋਸ਼ਾਂ ਤੋਂ ਬਾਅਦ ਭਾਜਪਾ ਆਗੂਆਂ ਨੇ ਵੀ ਆਪਣਾ ਪੱਖ ਰੱਖਿਆ। ਸਾਬਕਾ ਸਿਹਤ ਮੰਤਰੀ ਅਤੇ ਸਾਬਕਾ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਭਾਜਪਾ ਕਿਸੇ ਵੀ ਕੌਂਸਲਰ ਤੇ ਦਬਾਅ ਦੀ ਰਾਜਨੀਤੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਬੋਰਡ ਬਣਾਉਣ ਦੀ ਪ੍ਰਕਿਰਿਆ ਅਜੇ ਪੂਰੀ ਨਹੀਂ ਹੋਈ ਅਤੇ ਇਸ ਦੌਰਾਨ ਵੱਖ-ਵੱਖ ਪੱਧਰ ਤੇ ਵਿਚਾਰ-ਵਟਾਂਦਰੇ ਚੱਲਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਹਰ ਕੌਂਸਲਰ ਨੂੰ ਆਪਣੇ ਸ਼ਹਿਰ ਅਤੇ ਵਾਰਡ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲਾ ਕਰਨ ਦਾ ਅਧਿਕਾਰ ਹੈ। ਜੇਕਰ ਕੋਈ ਜਨ ਪ੍ਰਤੀਨਿਧੀ ਵਿਕਾਸ ਦੇ ਮੁੱਦੇ ਤੇ ਭਾਜਪਾ ਨਾਲ ਜੁੜਨਾ ਚਾਹੁੰਦਾ ਹੈ ਤਾਂ ਉਸ ਦਾ ਸਵਾਗਤ ਕੀਤਾ ਜਾਵੇਗਾ। ਜਿਆਣੀ ਨੇ ਕਿਹਾ ਕਿ ਕੌਂਸਲਰ ਭਗਵਾਨ ਦਾਸ ਵੱਲੋਂ ਵੀ ਸ਼ਹਿਰ ਦੇ ਵਿਕਾਸ ਨੂੰ ਤਰਜੀਹ ਦਿੰਦੇ ਹੋਏ ਭਾਜਪਾ ਨਾਲ ਜੁੜਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਦਬਾਅ ਦਾ ਨਤੀਜਾ ਨਹੀਂ, ਸਗੋਂ ਵਿਕਾਸ ਦੀ ਸੋਚ ਦਾ ਹਿੱਸਾ ਹੈ। ਭਾਜਪਾ ਆਗੂ ਸੁਬੋਧ ਵਰਮਾ ਨੇ ਦਾਅਵਾ ਕੀਤਾ ਕਿ ਭਾਜਪਾ ਨਗਰ ਕੌਂਸਲ ਵਿੱਚ ਆਪਣਾ ਬੋਰਡ ਬਣਾਏਗੀ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਕੌਂਸਲਰ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦਾ ਹੈ, ਉਸ ਲਈ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ। ਫਿਲਹਾਲ ਨਗਰ ਕੌਂਸਲ ਬੋਰਡ ਦੇ ਅਧਿਕਾਰਤ ਗਠਨ ਤੋਂ ਪਹਿਲਾਂ ਫਾਜ਼ਿਲਕਾ ਦੀ ਸਿਆਸਤ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਸਪੱਸ਼ਟ ਹੋਣ ਦੀ ਉਮੀਦ ਹੈ।